ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਹਿਗੜ੍ਹ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀ ਫਲੈਗ ਲਗਾ ਕੇ ਦਾਨ ਇੱਕਤਰ ਕਰਨ ਦੀ ਸ਼ੁਰੂਆਤ ਕਰਦੇ ਹੋਏ।
ਫਤਹਿਗੜ੍ਹ ਸਾਹਿਬ, 07 ਦਸੰਬਰ(ਦੀਦਾਰ ਗੁਰਨਾ ) ਦੇਸ਼ ਦੀ ਸੁਰੱਖਿਆ ਲਈ ਸੈਨਾ ਦੇ ਬਹਾਦਰ ਸੈਨਿਕਾਂ ਵੱਲੋਂ ਕੀਤੀਆਂ ਬੇਮਿਸਾਲ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ 'ਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਫਲੈਗ ਲਗਾ ਕੇ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜ਼ਿਲ੍ਹਾ ਰੱਖਿਆ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਅਤੇ ਸਾਬਕਾ ਸੈਨਿਕਾਂ ਨੇ ਫਲੈਗ ਲਗਾਏ ਅਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਲਈ ਦਾਨ ਰਾਸ਼ੀ ਇੱਕਤਰ ਕੀਤੀ।
ਡਿਪਟੀ ਕਮਿਸ਼ਨਰ ਨੇ ਸੈਨਾ ਝੰਡਾ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਸੈਨਾ ਝੰਡਾ ਦਿਵਸ-2018 ਸਬੰਧੀ ਸੋਵੀਨਰ ਵੀ ਜਾਰੀ ਕੀਤਾ। ਉਹਨਾਂ ਆਖਿਆ ਕਿ ਸਾਬਕਾ ਫੌਜੀਆਂ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਪਾਇਆ ਗਿਆ ਯੋਗਦਾਨ ਦੇਸ਼ ਦੇ ਸਮੂਹ ਨਾਗਰਿਕਾਂ ਲਈ ਪ੍ਰੇਰਣਾ ਦਾ ਸਰੋਤ ਹੈ। ਉਹਨਾਂ ਦੇਸ਼ ਦੀ ਆਨ ਤੇ ਸ਼ਾਨ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਸਮਾਜ ਵਿੱਚ ਬਣਦਾ ਮਾਣ ਤੇ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਹਨਾਂ ਆਖਿਆ ਕਿ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਇਕੱਤਰ ਕੀਤੇ ਝੰਡਾ ਦਿਵਸ ਫੰਡ ਵਿੱਚ ਹਰੇਕ ਨਾਗਰਿਕ ਨੂੰ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦੀ ਸਹਾਇਤਾ ਲਈ ਦਿੱਤਾ ਗਿਆ ਦਾਨ ਸਹੀ ਅਰਥਾਂ ਵਿੱਚ ਪਰਉਪਕਾਰ ਵਾਲਾ ਕਾਰਜ ਹੈ ਕਿਉਂਕਿ ਇਸ ਦਾਨ ਰਾਸ਼ੀ ਵਿੱਚੋਂ ਹੀ ਸ਼ਹੀਦਾਂ ਦੀਆਂ ਵਿਧਵਾਵਾਂ, ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਤੋਂ ਇਲਾਵਾ ਸੇਵਾ ਕਰ ਰਹੇ ਸੈਨਿਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।