ਫ਼ਿਰੋਜ਼ਪੁਰ 18 ਫਰਵਰੀ 2019 - ਡਿਪਟੀ ਕਮਿਸ਼ਨਰ ਸ਼੍ਰੀ ਚੰਦਰ ਗੈਂਦ ਨੇ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ 22 ਫਰਵਰੀ ਤੱਕ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਵਿੱਚ ਸ਼ਿਰਕਤ ਕਰਕੇ ਨੌਜਵਾਨਾਂ ਨੂੰ ਇਸ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ ਫ਼ਿਰੋਜ਼ਪੁਰ ਸ਼੍ਰੀ ਅਮਿੱਤ ਗੁਪਤਾ, ਐਸ.ਡੀ.ਐਮ ਗੁਰੂਹਰਸਹਾਏ ਸ਼੍ਰੀ ਕੁਲਦੀਪ ਬਾਵਾ ਅਤੇ ਐਸ.ਡੀ.ਐਮ ਜ਼ੀਰਾ ਸ੍ਰ: ਨਰਿੰਦਰ ਸਿੰਘ ਮੌਜੂਦ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਰੁਜ਼ਗਾਰ ਮੇਲੇ ਵਿਚ ਮੌਜੂਦ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਮੇਲੇ ਦੌਰਾਨ ਵੱਖ ਵੱਖ ਕੰਪਨੀਆਂ ਵੱਲੋਂ ਯੋਗਤਾ ਅਨੁਸਾਰ ਨੌਕਰੀਆਂ ਲਈ ਪਲੇਸਮੈਂਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਜਰਬੇ ਅਨੁਸਾਰ ਹੋਲੀ ਹੋਲੀ ਤਰੱਕੀ ਦੇ ਨਾਲ ਨਾਲ ਤਨਖ਼ਾਹ ਵਿਚ ਵੀ ਵਾਧਾ ਹੁੰਦਾ ਜਾਂਦਾ ਹੈ, ਇਸ ਲਈ ਨੌਜਵਾਨਾਂ ਨੂੰ ਕੈਰੀਅਰ ਦੇ ਸ਼ੁਰੂਆਤੀ ਦੌਰ ਵਿਚ ਕਿਸੇ ਤਰ੍ਹਾਂ ਨਾਲ ਪਿੱਛੇ ਨਹੀਂ ਹਟਣਾ ਚਾਹੀਦਾ। ਉਨ੍ਹਾਂ ਨੇ ਵੱਖ ਵੱਖ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵੀ ਪਲੇਸਮੈਂਟ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਨੌਜਵਾਨਾਂ ਦੀ ਵੱਧ ਤੋਂ ਵੱਧ ਪਲੇਸਮੈਂਟ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਲੇਸਮੈਂਟ ਕਰਨ ਉਪਰੰਤ ਨਿਯੁਕਤ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਜਾਣਗੇ। ਉਨ੍ਹਾਂ ਅਪੀਲ ਕੀਤੀ ਕਿ ਜ਼ਿਲ੍ਹੇ ਦੇ ਨੌਜਵਾਨ ਇਸ ਰੁਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਲਾਹਾ ਲੈਣ।
ਇਸ ਮੌਕੇ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ਼੍ਰੀ ਅਸ਼ੋਕ ਜਿੰਦਲ , ਪਲੇਸਮੈਂਟ ਅਫ਼ਸਰ (ਐਸ.ਬੀ.ਐਸ ਸਟੇਟ ਟੈਕਨੀਕਲ ਕੈਂਪਸ) ਸ਼੍ਰੀ ਗਜਲਪ੍ਰੀਤ ਸਿੰਘ ਅਤੇ ਹੋਰਨਾਂ ਵਿਭਾਗਾਂ ਦੇ ਕਰਮਚਾਰੀ ਮੌਜੂਦ ਸਨ।