ਜਗਦੀਸ਼ ਥਿੰਦ
ਫਾਜ਼ਿਲਕਾ 14 ਦਸੰਬਰ 2017 :
ਪੰਜਾਬ ਖੇਡ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਥੋਂ ਦੇ ਸਰਕਾਰੀ ਐਮ.ਆਰ. ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਈ। ਜ਼ਿਲ੍ਹਾ ਪੱਧਰੀ ਖੇਡਾਂ ਨੂੰ ਲੈ ਕੇ ਜ਼ਿਲ੍ਹੇ ਦੇ ਨੌਜਵਾਨਾ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਖਿਡਾਰੀਆਂ ਵੱਲੋਂ ਵੱਖ-ਵੱਖ ਖੇਡਾਂ ਜਿਵੇਂ ਕਿ ਅਥਲੈਟਿਕਸ, ਬੈਡਮਿੰਟਨ, ਟੇਬਲ ਟੈਨਿਸ, ਬਾਸਕਟਬਾਲ, ਖੋਹ-ਖੋਹ ਅਤੇ ਫੁੱਟਬਾਲ ਆਦਿ ਖੇਡਾਂ ਵਿੱਚ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।
> ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਓਮ ਪ੍ਰਕਾਸ਼ ਜੈਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦਾ ਵੀ ਜ਼ਿੰਦਗੀ ਵਿੱਚ ਬਹੁਤ ਹੀ ਅਹਿਮ ਰੋਲ ਹੈ। ਖੇਡਾਂ ਵਿਅਕਤੀਆਂ ਨੂੰ ਜਿੱਥੇ ਸ਼ਰੀਰਿਕ ਤੌਰ 'ਤੇ ਤੰਦਰੁਸਤ ਰੱਖਦੀਆਂ ਹਨ ਉਥੇ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਬਣਾਉਂਦੀਆਂ ਹਨ। ਜ਼ਿਲ੍ਹਾ ਪੱਧਰੀ ਖੇਡਾਂ ਦੇ ਉਦਘਾਟਨ ਸਮਾਰੋਹ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀਆਂ ਵੱਲੋਂ ਗਿੱਧਾ ਅਤੇ ਗੱਤਕੇ ਦੇ ਜ਼ੋਹਰ ਵੀ ਦਿਖਾਏ ਗਏ।
> ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸ. ਬਲਵੰਤ ਸਿੰਘ, ਐਮ.ਆਰ.ਕਾਲਜ ਦੇ ਪ੍ਰਿੰਸੀਪਲ ਸ੍ਰੀ ਤ੍ਰਿਭੂਵਨ ਰਾਮ, ਐਮ.ਸੀ. ਸ੍ਰੀ ਦਵਿੰਦਰ ਸਚਦੇਵਾ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਸਕੂਲਾਂ ਦੇ ਖੇਡ ਅਧਿਆਪਕ ਤੇ ਭਾਰੀ ਗਿਣਤੀ ਵਿੱਚ ਭਾਗ ਲੈਣ ਵਾਲੇ ਖਿਡਾਰੀ ਵਿਸ਼ੇਸ਼ ਤੌਰ 'ਤੇ ਮੌਜ਼ੂਦ ਸਨ।