ਫ਼ਿਰੋਜ਼ਪੁਰ 15 ਅਕਤੂਬਰ (ਗੁਰਿੰਦਰ ਸਿੰਘ) ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਕਰਵਾਏ ਗਏ। ਜਿਸ ਵਿੱਚ ਅੰਡਰ-14 ਉਮਰ ਵਰਗ ਦੇ ਐਥਲੈਟਿਕਸ, ਬੈਡਮਿੰਟਨ, ਬਾਸਕਟਬਾਲ, ਟੇਬਲ-ਟੈਨਿਸ, ਖੋਹ-ਖੋਹ, ਬਾਕਸਿੰਗ, ਹਾਕੀ , ਹੈਂਡਬਾਲ, ਐਥਲੈਕਟਿਸ ਆਦਿ ਦੇ ਮੁਕਾਬਲੇ ਕਰਵਾਏ ਗਏ। ਇਸ ਖੇਡ ਮੁਕਾਬਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਜ.) ਰਣਜੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸੁਨੀਲ ਕੁਮਾਰ ਅਤੇ ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਵੀ ਮੌਜੂਦ ਸਨ।
ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹੋ ਜਿਹੇ ਖੇਡ ਮੁਕਾਬਲਿਆਂ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਤੰਦਰੁਸਤ ਪੰਜਾਬ ਮੁਹਿੰਮ ਨੂੰ ਸਫਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਖੇਡ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਰੁਚੀ ਵਿਖਾਉਣਗੇ ਤਾਂ ਉਹ ਮਾਤਾ-ਪਿਤਾ, ਅਧਿਆਪਕਾਂ, ਜ਼ਿਲ੍ਹੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਖੇਡਾਂ ਨਾਲ ਸਰੀਰਕ ਵਿਕਾਸ ਦੇ ਨਾਲ-ਨਾਲ ਮਾਨਸਿਕ ਵਿਕਾਸ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਨੌਜਵਾਨਾਂ ਅਤੇ ਆਪਣੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰੀਏ ਤਾਂ ਜੋ ਸਾਡਾ ਸਮਾਜ ਤਰੱਕੀ ਕਰ ਸਕੇ। ਇਸ ਮੌਕੇ ਰੋਇੰਗ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿਚੋਂ ਗੋਲਡ ਮੈਡਲ ਜਿੱਤਣ ਵਾਲੇ 17 ਸਾਲ ਦੇ ਨੌਜਵਾਨ ਅਮਨਦੀਪ ਸਿੰਘ ਨੂੰ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਉਸ ਨੂੰ ਭਰੋਸਾ ਦਿਵਾਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਸ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਅੱਜ ਹੋਏ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹੈਂਡਬਾਲ ਲੜਕੀਆਂ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਤੂਤ ਦੀ ਟੀਮ ਅਤੇ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਖ਼ੁਸ਼ਹਾਲ ਸਿੰਘ ਵਾਲਾ ਜੇਤੂ ਰਹੀਆਂ। ਉਨ੍ਹਾਂ ਕਿਹਾ ਕਿ ਵਾਲੀਬਾਲ (ਲੜਕੇ) ਦੇ ਮੁਕਾਬਲਿਆਂ ਵਿੱਚ ਐਸ.ਐਸ. ਮੇਘਾ ਰਾਏ, ਜੇ.ਐਨ ਇੰਟਰਨੈਸ਼ਨਲ ਸਕੂਲ ਸੈਦੇ ਕੇ ਦੀ ਟੀਮ, ਸ਼ਹੀਦ ਭਗਤ ਸਿੰਘ ਸਟੇਡੀਅਮ ਦੀ ਟੀਮ, ਡੀ.ਸੀ. ਮਾਡਲ ਇੰਟਰਨੈਸ਼ਨਲ ਸਪੋਰਟਸ ਕਲੱਬ ਦੀ ਟੀਮ ਜੇਤੂ ਰਹੀ। ਇਸੇ ਤਰ੍ਹਾਂ ਖੋ-ਖੋ (ਲੜਕੇ) ਦੇ ਮੁਕਾਬਲਿਆਂ ਵਿੱਚ ਝੰਡੂ ਵਾਲਾ ਦੀ ਟੀਮ ਅਤੇ ਕਬੱਡੀ (ਲੜਕੇ) ਮੁਕਾਬਲਿਆਂ ਦੇ ਵਿੱਚ ਨਿਜਾਮਵਾਲਾ ਦੀ ਟੀਮ ਜੇਤੂ ਰਹੀ।
ਇਸ ਮੌਕੇ ਸੈਕਟਰੀ ਵਾਲੀਬਾਲ ਐਸੋਸੀਏਸ਼ਨ ਅਸ਼ੋਕ ਸ਼ਰਮਾ, ਸੈਕਟਰੀ ਤੀਰ ਅੰਦਾਜ਼ੀ ਅਜੀਤ ਸਿੰਘ, ਐਚ.ਐਨ ਲਾਡੀ ਸਮੇਤ ਵੱਖ-ਵੱਖ ਸਕੂਲਾਂ ਦੇ ਕੋਚਾਂ ਅਤੇ ਇੱਕ ਹਜ਼ਾਰ ਦੇ ਕਰੀਬ ਬੱਚਿਆਂ ਨੇ ਭਾਗ ਲਿਆ।