ਐਸ.ਏ.ਐਸ.ਨਗਰ, 16 ਅਕਤੂਬਰ 2018 - ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਪੱਧਰ ਉੱਤੇ ਕੰਮ ਕੀਤਾ ਜਾ ਰਿਹਾ ਹੈ ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਿਡਾਰੀਆਂ ਨੂੰ ਟ੍ਰੇਨਿੰਗ ਦੇਣ ਸਮੇਤ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਇਨ੍ਹਾਂ ਉਪਰਾਲਿਆਂ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ । ਇਸੇ ਤਹਿਤ ਹੀ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਖਿਡਾਰੀਆਂ ਨੇ ਪਠਾਨਕੋਟ ਵਿਖੇ ਕਰਵਾਈਆਂ ਗਈਆਂ 64ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ 2018 - 19 ਹੈਂਡਬਾਲ ਅੰਡਰ-14 ਦੇ ਮੁਕਾਬਲਿਆਂ ਵਿਚ ਚਾਂਦੀ ਅਤੇ ਕਾਂਸੀ ਦੇ ਤਗਮੇ ਹਾਸਿਲ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟਾਈ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਖਿਡਾਰੀ ਆਉਣ ਵਾਲੇ ਸਮੇਂ ਵਿਚ ਹੋਰ ਵੀ ਮਾਣ ਮੱਤੀਆਂ ਪ੍ਰਾਪਤੀਆਂ ਕਰਨਗੇ। ਉਨ੍ਹਾਂ ਕਿਹਾ ਕਿ ਖੇਡਾਂ ਸਬੰਧੀ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਹਰ ਹਾਲ ਖਿਡਾਰੀਆਂ ਨੂੰ ਦਿੱਤਾ ਜਾਵੇਗਾ।
ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਖੇਡ ਅਫਸਰ ਕਰਤਾਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਲੜਕਿਆਂ ਦੀ ਟੀਮ ਨੇ ਚਾਂਦੀ ਅਤੇ ਲੜਕੀਆਂ ਦੀ ਟੀਮ ਨੇ ਕਾਂਸੀ ਦੇ ਤਗਮੇ ਜਿੱਤੇ ਹਨ। ਇਹ ਖਿਡਾਰੀ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਖੇਡ ਵਿੰਗਾਂ ਵਿਚ ਹੈਂਡਬਾਲ ਕੋਚ ਰਾਕੇਸ਼ ਕੁਮਾਰ ਸ਼ਰਮਾ ਅਤੇ ਨੰਦ ਲਾਲ ਵਰਮਾ ਤੋਂ ਟ੍ਰੇਨਿੰਗ ਲੈ ਰਹੇ ਹਨ। ਜ਼ਿਲ੍ਹਾ ਖੇਡ ਅਫਸਰ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ।
ਫੋਟੋ ਕੈਪਸ਼ਨ: 64ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ 2018 - 19 ਹੈਂਡਬਾਲ ਅੰਡਰ-14 ਦੇ ਮੁਕਾਬਲਿਆਂ ਵਿਚ ਚਾਂਦੀ ਅਤੇ ਕਾਂਸੀ ਦੇ ਤਗਮੇ ਹਾਸਿਲ ਕਰਨ ਵਾਲੇ ਖਿਡਾਰੀ ਖੁਸ਼ੀ ਦੇ ਰੌਂਅ ਵਿਚ ।