ਜੀ ਐਸ ਪੰਨੂ
ਪਟਿਆਲਾ, 20 ਸਤੰਬਰ,2021: ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਵਿੱਚ ਸ਼ਾਮਲ ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜੱਥੇਬੰਦੀਆਂ ਟੈਕਨੀਕਲ ਸਰਵਿਸਜ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ ਫੈਡਰੇਸ਼ਨ, ਮਨਿਸਟਰੀਅਲ ਸਰਵਿਸਜ ਯੂਨੀਅਨ, ਵਰਕਰਜ ਫੈਡਰੇਸ਼ਨ ਇੰਟਕ, ਇੰਪਲਾਈਜ ਫੈਡਰੇਸ਼ਨ (ਫਲਜੀਤ ਸਿੰਘ), ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਹੈਡ ਆਫਿਸ ਇੰਪਲਾਈਜ ਫੈਡਰੇਸ਼ਨ, ਥਰਮਲਜ ਇੰਪਲਾਈਜ ਕੁਆਰਡੀਨੇਸ਼ਨ ਕਮੇਟੀ ਅਤੇ ਪੰਜਾਬ ਰਾਜ ਬਿਜਲੀ ਮਜਦੂਰ ਸੰਘ ਦੀ ਮੀਟਿੰਗ ਸਾਥੀ ਕੁਲਦੀਪ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਸਾਥੀ ਕਰਮ ਚੰਦ ਭਾਰਦਵਾਜ ਨੇ ਦੱਸਿਆਂ ਕਿ ਬਿਜਲੀ ਕਾਮੇ ਸੰਯੁਕਤ ਕਿਸਾਨ ਮੋਰਚਾ ਅਤੇ ਕੌਮੀ ਪੱਧਰ ਦੀਆਂ ਟਰੇਡ ਯੂਨੀਅਨਾਂ ਦੇ ਸੱਦੇ ਤੇ 27 ਸਤੰਬਰ ਦੇ ਭਾਰਤ ਬੰਦ ਦਾ ਸਮਰਥਨ ਅਤੇ ਸ਼ਮੂਲੀਅਤ ਕਰਨਗੇ। ਮੀਟਿੰਗ ਵਿੱਚ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਅਤੇ ਲੋਕ ਵਿਰੋਧੀ ਤਿੰਨੇ ਖੇਤੀ ਕਾਨੁੰਨ ਰੱਦ ਕੀਤੇ ਜਾਣ। ਕਿਸਾਨਾਂ ਨੂੰ ਖੇਤੀ ਉਪਜ ਦਾ ਲਾਹੇਵੰਦ ਭਾਅ ਦਿੱਤਾ ਜਾਵੇ, ਫਸਲਾਂ ਦੀ ਮਿਨੀਮਮ ਸਪੋਰਟ ਪ੍ਰਾਈਸ ਦਿੱਤੀ ਜਾਵੇ।
ਸਰਕਾਰ ਨੂੰ ਕਿਸਾਨਾਂ ਦੇ ਕਿਰਤ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਅਤੇ ਬਿਜਲੀ ਸੋਧ ਬਿੱਲ ਵਾਪਸ ਲੈਣ ਦੀ ਮੰਗ ਕੀਤੀ ਜਿਸ ਕਾਰਨ ਬਿਜਲੀ ਮਹਿੰਗੀ ਹੋਵੇਗੀ ਅਤੇ ਆਮ ਖਪਤਕਾਰਾਂ ਦੀ ਪਹੁੰਚ ਤੋਂ ਬਾਹਰ ਹੋਵੇਗੀ। ਮੁਲਾਜ਼ਮਾਂ ਦੀਆਂ ਸੇਵਾਂ ਸ਼ਰਤਾਂ ਤੇ ਮਾੜਾ ਅਸਰ ਪਵੇਗਾ। ਕੇਂਦਰ ਸਰਕਾਰ ਇਹ ਸਾਰਾ ਕੁੱਝ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਕਰ ਰਹੀ ਹੈ। ਦੇਸ਼ ਵਿੱਚ ਬੇਰੁਜਗਾਰੀ, ਮਹਿੰਗਾਈ, ਗਰੀਬੀ, ਬੇਕਾਰੀ ਤੇ ਭ੍ਰਿਸ਼ਟਾਚਾਰ ਵੱਧ ਰਿਹਾ ਹੈ। ਦੇਸ਼ ਨੁੰ ਵੰਡਣ ਵਾਲੀਆਂ ਸ਼ਕਤੀਆਂ ਤੇ ਫਿਰਕਾ ਪ੍ਰਸਤੀ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ। ਚੋਣਾਂ ਦੌਰਾਨ ਜਨਤਾ ਨਾਲ ਕੀਤੇ ਵਾਅਦੇ ਵਿਸਾਰ ਕੇ ਟੈਕਸਾਂ ਦਾ ਵੱਧ ਤੋਂ ਵੱਧ ਭਾਰ ਪਾਇਆ ਜਾ ਰਿਹਾ ਹੈ ਜਿਸ ਕਾਰਨ ਕਿਸਾਨਾਂ, ਆਮ ਲੋਕਾਂ, ਮਜਦੂਰਾਂ, ਮੁਲਾਜ਼ਮਾਂ ਤੇ ਮੱਧ ਵਰਗੀ ਜਨਤਾ ਬੇਹਾਲ ਹੋ ਰਹੀ ਹੈ। ਪੈਟਰੋਲ, ਡੀਜ਼ਲ, ਦਾਲਾਂ, ਫਲਾਂ, ਸਬਜੀਆਂ ਦੇ ਰੇਟ ਪਹੁੰਚ ਤੋਂ ਬਾਹਰ ਹੋ ਰਹੇ ਹਨ। ਵਿਦੇਸ਼ਾਂ ਵਿੱਚ ਜਮਾਂ ਕਾਲਾ ਧਨ ਵਾਪਸ ਦੇਸ਼ ਵਿੱਚ ਲਿਆਉਣ, ਪਬਲਿਕ ਸੈਕਟਰ ਨੂੰ ਮਜਬੂਤ ਕਰਨ ਦੀ ਥਾਂ ਨਿਜੀਕਰਨ ਕਰਨ, ਜਨਤਾ ਲਈ ਅੱਛੇ ਦਿਨ ਲਿਆਉਣ ਦੀ ਥਾਂ ਲੁੱਟ ਖਸੁੱਟ ਹੋ ਰਹੀ ਹੈ। ਜਿਸ ਕਾਰਨ ਆਮ ਜਨਤਾ, ਮਜਦੂਰਾਂ, ਮੁਲਾਜਮਾਂ, ਵਪਾਰੀਆਂ ਵਿਚ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਸਖਤ ਰੋਸ ਤੇ ਬੇਚੈਨੀ ਹੈ। ਜਿਸ ਕਾਰਨ ਉਹ ਭਾਰਤ ਬੰਦ ਵਿਚ ਸ਼ਾਮਲ ਹੋ ਕੇ ਆਪਣੇ ਰੋਹ ਦਾ ਪ੍ਰਗਟਾਵਾਂ ਕਰਨਗੇ।
ਬਿਜਲੀ ਕਾਮੇ ਪਾਵਰ ਮੈਨੈਜਮੈਂਟ ਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੁੱਧ ਹੈਡ ਆਫਿਸ ਪਟਿਆਲਾ ਵਿਖੇ ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ਤੇ 29 ਸਤੰਬਰ ਨੂੰ ਧਰਨੇ ਤੇ ਰੋਸ ਵਿਖਾਵੇ ਵਿੱਚ ਸ਼ਾਮਲ ਹੋਣਗੇ।
ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ਤੇ 2 ਅਕਤੂਬਰ ਤੋਂ ਰੋਸ਼ ਪ੍ਰਦਸ਼ਨ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਚ ਸ਼ਮੂਲੀਅਤ ਕਰਨਗੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਸਰਬ ਸਾਥੀ ਬਲਵਿੰਦਰ ਸਿੰਘ ਸੰਧੂ, ਹਰਜਿੰਦਰ ਸਿੰਘ ਦੁਧਾਲਾ, ਸਿਕੰਦਰ ਨਾਥ, ਸੁਖਵਿੰਦਰ ਸਿੰਘ ਦੁਮਨਾਂ, ਰਾਮ ਲੁਭਾਇਆ, ਹਰਜੀਤ ਸਿੰਘ, ਜਗਰੂਪ ਸਿੰਘ ਮਹਿਮਦਪੁਰ, ਬ੍ਰਿਜ ਲਾਲ, ਪ੍ਰੀਤਮ ਸਿੰਘ ਪਿੰਡੀ, ਕਰਮ ਚੰਦ ਖੰਨਾ, ਕੌਰ ਸਿੰਘ ਸੋਹੀ ਅਤੇ ਹਰਪਾਲ ਸਿੰਘ ਆਦਿ ਸ਼ਾਮਲ ਸਨ।