ਜੀ ਐਸ ਪੰਨੂ
ਫ਼ਤਹਿਗੜ੍ਹ ਸਾਹਿਬ, 20 ਸਤੰਬਰ 2021: ਕਾਂਗਰਸ ਵਿਧਾਇਕ ਦਲ ਦੇ ਆਗੂ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਡੇਰਾ ਪਿੰਡ ਦੁਫੇੜਾ ਵਿਖੇ ਮੱਥਾ ਟੇਕਿਆ ਅਤੇ ਬਾਬਾ ਰਾਮ ਸਿੰਘ ਤੋ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਤੇ ਹਾਈਕਮਾਨ ਨੇ ਜ਼ਿੰਮੇਵਾਰੀ ਸੌਂਪੀ ਹੈ ਉਸ ਨੂੰ ਤਨਦੇਹੀ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਜਿਹੜੇ ਹਾਲੇ ਤੱਕ ਪੂਰੇ ਨਹੀਂ ਹੋਏ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ ਅਤੇ ਉਹ ਪੰਜਾਬ ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਦਿਨ ਰਾਤ ਇਕ ਕਰ ਦੇਣਗੇ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬਾਬਾ ਗੰਢੂਆਂ ਵਰਗੇ ਮਹਾਂਪੁਰਖ ਸਮਾਜ ਨੂੰ ਸੇਧ ਦਿੰਦੇ ਹਨ ਅਤੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿਚ ਅਜਿਹੇ ਮਹਾਂ ਪੁਰਖਾਂ ਤੋ ਸੇਦ ਲਈ ਹੈ ਅਤੇ ਏਸੇ ਕਰਕੇ ਉਹਨਾਂ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਚੰਨੀ ਨੇ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਨਿਭਾਉਣ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਹ ਇਸ ਪੱਧਰ ਤੱਕ ਕੰਮ ਕਰਕੇ ਵਿਖਾਉਣਗੇ ਕਿ ਸਾਲ 2022 ਦੀਆਂ ਚੋਣਾਂ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ।
ਇਸ ਮੌਕੇ ਉੱਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਹਲਕਾ ਜੀਰਾ ਕੁਲਬੀਰ ਸਿੰਘ ਜੀਰਾ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਐਸ ਐਸ ਪੀ ਸੰਦੀਪ ਗੋਇਲ, ਐਸ ਡੀ ਐਮ ਯਸ਼ਪਾਲ ਸ਼ਰਮਾ ਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਹਾਜਰ ਸਨ।