ਵਿਸ਼ਵ ਟੀਕਾਕਰਨ ਸਪਤਾਹ ਤਹਿਤ ਟੀਕਾਕਰਨ ਦੇ ਕੰਮਕਾਜ ਦਾ ਜਾਇਜ਼ਾ
ਪ੍ਰਮੋਦ ਭਾਰਤੀ
ਨਵਾਂਸ਼ਿਹਰ, 27 ਅਪ੍ਰੈਲ 2024 : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ ਨੇ ਅੱਜ ਬੰਗਾ ਵਿੱਚ ਵਿਸ਼ਵ ਟੀਕਾਕਰਨ ਸਪਤਾਹ ਤਹਿਤ ਟੀਕਾਕਰਨ ਦੇ ਕੰਮਕਾਜ ਦਾ ਜਾਇਜ਼ਾ ਲਿਆ।
ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ ਨੇ ਬੰਗਾ ਸਥਿਤ ਹਾਈਰਿਸਕ ਖੇਤਰਾਂ ਵਿਚ ਟੀਕਾਕਰਨ ਸੈਸ਼ਨਾਂ ਦਾ ਨਿਰੀਖਣ ਕੀਤਾ ਅਤੇ ਟੀਕਾਕਰਨ ਟੀਮਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਜਨਤਕ ਸਿਹਤ ਲਈ ਟੀਕਾਕਰਨ ਪ੍ਰੋਗਰਾਮ ਇਕ ਮਜ਼ਬੂਤ ਬੁਨਿਆਦ ਦੇ ਰੂਪ ਵਿੱਚ ਉੱਭਰਿਆ ਹੈ ਜੋ ਕਿ ਮਾਰੂ ਬਿਮਾਰੀਆਂ ਨੂੰ ਫੈਲਣ ਤੋਂ ਰੋਕਦਾ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਪ੍ਰੋਗਰਾਮ ਦਾ ਮੁੱਖ ਉਦੇਸ਼ ਹਰੇਕ ਬੱਚੇ ਲਈ ਜੀਵਨ-ਰੱਖਿਅਕ ਟੀਕਿਆਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਟੀਕਾਕਰਨ ਸਪਤਾਹ ਦੌਰਾਨ ਐਕਸ਼ਨ ਪਲਾਨ ਮੁਤਾਬਕ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਸੰਪੂਰਨ ਟੀਕਾਕਰਨ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਬੱਚਿਆਂ ਜਾਂ ਗਰਭਵਤੀ ਔਰਤਾਂ ਦਾ ਕੋਈ ਵੀ ਟੀਕਾ ਲੱਗਣ ਤੋਂ ਰਹਿ ਗਿਆ ਹੈ, ਤਾਂ ਵਿਸ਼ਵ ਟੀਕਾਕਰਨ ਸਪਤਾਹ ਦੌਰਾਨ ਨੇੜਲੇ ਵਿਸ਼ੇਸ਼ ਟੀਕਾਕਰਨ ਕੈਂਪ ਵਿਖੇ ਜਾ ਕੇ ਟੀਕਾਕਰਨ ਜ਼ਰੂਰ ਕਰਵਾਉਣ।