ਪਟਿਆਲਾ, 20 ਜੁਲਾਈ, 2017 : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਸ. ਗੁਰਤੇਜ ਸਿੰਘ ਢਿੱਲੋਂ ਨੇ ਵੱਖ ਵੱਖ ਧਾਰਮਿਕ ਸਥਾਨਾਂ 'ਤੇ ਚਲਾਏ ਜਾਂਦੇ ਲੰਗਰਾਂ ਅਤੇ ਪ੍ਰਸਾਦ ਨੂੰ ਜੀਐਸਟੀ ਦੇ ਦਾਇਰੇ ਵਿਚੋਂ ਬਾਹਰ ਰੱਖਣ ਲਈ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਮਿਲਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਗੁਰਤੇਜ ਸਿੰਘ ਢਿੱਲੋਂ ਨੇ ਆਖਿਆ ਕਿ ਲੰਗਰਾਂ ਅਤੇ ਪ੍ਰਸਾਦ 'ਤੇ ਲਗਾਏ ਗਏ ਜੀਐਸਟੀ 'ਤੇ ਮੁੜ ਵਿਚਾਰ ਕਰਨ ਲਈ ਉਹ ਕੇਂਦਰੀ ਮੰਤਰੀ ਨੂੰ ਮਿਲ ਕੇ ਅਪੀਲ ਕਰਨਗੇ, ਕਿਉਂਕਿ ਇਸ ਮੁੱਦੇ ਨਾਲ ਸਾਰੇ ਧਰਮਾਂ ਦੀ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਇਹ ਮੁੱਦਾ ਬਹੁਤ ਸੰਵੇਦਨਸ਼ੀਲ ਵੀ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਆਸ ਹੈ ਕੇਂਦਰ ਸਰਕਾਰ ਸਾਰੇ ਧਰਮਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਸ ਮਸਲੇ ਦਾ ਹੱਲ ਕਢਦਿਆਂ ਲੰਗਰਾਂ ਤੇ ਪ੍ਰਸਾਦ ਨੂੰ ਜੀਐਸਟੀ ਤੋਂ ਛੋਟ ਜ਼ਰੂਰ ਦੇਵੇਗੀ।
ਸ. ਢਿੱਲੋਂ ਨੇ ਆਖਿਆ ਕਿ ਉਹ ਕੇਂਦਰੀ ਵਿੱਤ ਮੰਤਰੀ ਨੁੰ ਮਿਲ ਕੇ ਇਸ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਉਣਗੇ ਕਿ ਮੁਫ਼ਤ ਲੰਗਰ ਦੀ ਸੇਵਾ ਕਰਨ ਲਈ ਗੁਰਦੁਆਰਿਆਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਵਸਤਾਂ 'ਤੇ ਵੈਟ ਦੇ ਭੁਗਤਾਨ ਤੋਂ ਛੋਟ ਦਿੱਤੀ ਗਈ ਸੀ, ਪਰ ਜੀ ਐਸ ਟੀ ਦੇ ਹੇਠਾਂ ਇਨ੍ਹਾਂ ਵਸਤਾਂ ਦੀ ਖਰੀਦ 'ਤੇ ਟੈਕਸ ਲਗਾਇਆ ਗਿਆ ਹੈ, ਨਾਲ ਹੀ ਪ੍ਰਸਾਦ ਦੀ ਵਿਕਰੀ 'ਤੇ ਵੀ ਜੀਐਸਟੀ ਭੁਗਤਾਨਯੋਗ ਹੈ ਜਿਸ ਕਰਕੇ ਇਹ ਮੰਦਰਾਂ, ਗੁਰਦੁਆਰਿਆਂ, ਮਸਜਿਦਾਂ ਤੇ ਚਰਚਾਂ ਸਣੇ ਸਾਰੀਆਂ ਧਾਰਮਿਕ ਸੰਸਥਾਵਾਂ ਵਿਚ ਲਾਗੂ ਹੁੰਦਾ ਹੈ।