ਪਟਿਆਲਾ, 25 ਜੁਲਾਈ 2017 : ਸੀਨੀਅਰ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਤੀ ਬਾਗ ਮਹਿਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਰਾਜਮਾਤਾ ਮੋਹਿੰਦਰ ਕੌਰ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ।
ਸਾਬਕਾ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਨਾਲ ਉਨਾਂ ਦੇ ਸੀਨੀਅਰ ਪਾਰਟੀ ਆਗੂ ਅਤੇ ਕੈਬਨਿਟ ਦੇ ਸਾਬਕਾ ਸਾਥੀ ਬਿਕਰਮ ਸਿੰਘ ਮਜੀਠੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਵੀ ਸਨ। ਉਹ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੀ ਪਤਨੀ ਮਹਾਰਾਣੀ ਪਰਨੀਤ ਕੌਰ ਸਣੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨੂੰ ਵੀ ਮਿਲੇ ਅਤੇ ਉਨਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੀ ਅਕਾਲੀ ਆਗੂਆਂ ਨਾਲ ਮਿਲ ਕੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪ੍ਰਕਾਸ਼ ਸਿੰਘ ਬਾਦਲ ਨੇ ਰਾਜਮਾਤਾ ਵੱਲੋਂ ਭਾਰਤ ਖਾਸਕਰ ਪੰਜਾਬ ਦੇ ਲੋਕਾਂ ਲਈ ਇਕ ਸਿਆਸਤਦਾਨ ਅਤੇ ਇਕ ਸਮਾਜ ਸੇਵਿਕਾ ਵਜੋਂ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ। ਬਾਦਲ ਨੇ ਕਿਹਾ ਕਿ ਰਾਜਮਾਤਾ ਨੂੰ ਹਮੇਸ਼ਾ ਹੀ ਆਪਣੇ ਵਕਤ ਤੋਂ ਅੱਗੇ ਚੱਲਣ ਵਾਲੀ ਔਰਤ ਵਜੋਂ ਯਾਦ ਕੀਤਾ ਜਾਵੇਗਾ ਜਿਨਾਂ ਨੇ ਲੋਕਾਂ ਦੇ ਦਿਲਾਂ ਵਿਚ ਅਮਿੱਟ ਛਾਪ ਛੱਡੀ ਹੈ।
ਅਕਾਲੀ ਅਤੇ ਭਾਜਪਾ ਆਗੂਆਂ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਉਨਾਂ ਦੀ ਅਰਦਾਸ ਪਰਿਵਾਰ ਦੇ ਨਾਲ ਹੈ ਅਤੇ ਪ੍ਰਮਾਤਮਾ ਉਨਾਂ ਦੀ ਆਤਮਾ ਨੂੰ ਸ਼ਾਂਤੀ ਅਤੇ ਪਰਿਵਾਰ ਨੂੰ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਬਲ ਬਖਸ਼ੇ।