ਆਜ਼ਾਦੀ ਦਿਵਸ ਸਬੰਧੀ ਫ਼ਿਰੋਜ਼ਪੁਰ ਵਿਖੇੇ ਫੁੱਲ ਡਰੈਸ ਰਿਹਰਸਲ ਦੀਆਂ ਵੱਖ ਵੱਖ ਝਲਕੀਆਂ।
ਗੁਰਿੰਦਰ ਸਿੰਘ
ਫ਼ਿਰੋਜ਼ਪੁਰ, 12 ਅਗਸਤ, 2017 : 15 ਅਗਸਤ ਨੂੰ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਰੋਹ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਪੰਜਾਬ ਸ. ਨਵਜੋਤ ਸਿੰਘ ਸਿੱਧੂ ਸਵੇਰੇ 9.00 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ.ਰਾਮਵੀਰ ਨੇ ਅੱਜ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਗੌਰਵ ਗਰਗ ਜ਼ਿਲ੍ਹਾ ਪੁਲਿਸ ਮੁੱਖੀ, ਵਨੀਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਹਾਇਕ ਕਮਿਸ਼ਨਰ (ਜਨ.) ਰਣਜੀਤ ਸਿੰਘ ਅਤੇ ਅਜਮੇਰ ਸਿੰਘ ਬਾਠ ਐਸ.ਪੀ ਵੀ ਹਾਜ਼ਰ ਸਨ।
ਇਸ ਮੌਕੇ ਡੀ.ਐਸ.ਪੀ.ਹਰਿੰਦਰ ਸਿੰਘ ਦੀ ਅਗਵਾਈ ਹੇਠ ਬੀ.ਐਸ.ਐਫ, ਪੰਜਾਬ ਪੁਲਿਸ ਜਵਾਨ, ਪੰਜਾਬ ਪੁਲਿਸ ਲੇਡੀਜ਼, ਐਨ.ਸੀ.ਸੀ. ਸਮੇਤ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ, ਪੀ.ਟੀ.ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮਾਂ ਦੀ ਰਿਹਰਸਲ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਭੰਗੜਾ ਦੀ ਵੀ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਾਜ਼ਰ ਹੋਏ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਸਟੇਡੀਅਮ ਦੇ ਅੰਦਰੂਨੀ ਏਰੀਏ ਅਤੇ ਚੌਗਿਰਦੇ ਦੀ ਮੁਕੰਮਲ ਸਫ਼ਾਈ ਕੀਤੀ ਜਾਵੇ ਅਤੇ ਆਜ਼ਾਦੀ ਦਿਵਸ ਮੌਕੇ ਢੁਕਵੇਂ ਢੰਗ ਨਾਲ ਸਜਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਕਰਮਚਾਰੀਆਂ ਨੂੰ ਕਿਹਾ ਕਿ ਦੇਸ਼ ਭਗਤੀ ਦਾ ਜਜ਼ਬਾ ਤੇ ਦੇਸ਼ ਪ੍ਰੇਮ ਦੀ ਭਾਵਨਾ ਨੂੰ ਕਾਇਮ ਰੱਖਦੇ ਹੋਏ ਇਸ ਸਮਾਗਮ ਨੂੰ ਕੇਵਲ ਸਰਕਾਰੀ ਸਮਾਗਮ ਤੱਕ ਹੀ ਸੀਮਤ ਨਾ ਰੱਖਣ ਸਗੋਂ ਇਸ ਦੀ ਸਫਲਤਾ ਲਈ ਤਣੋ ਮਨੋਂ ਯੋਗਦਾਨ ਪਾਉਣ।
ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਤਾਂ ਜੋ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੌਕੇ 'ਤੇ ਜੰਗ-ਏ-ਆਜ਼ਾਦੀ ਦੇ ਸੰਘਰਸ਼ ਵਿਚ ਹਿੱਸਾ ਲੈਣ ਵਾਲੇ ਆਜ਼ਾਦੀ ਘੁਲਾਟੀਆਂ, ਦੇਸ਼ ਦੀ ਰਾਖੀ ਤੇ ਸਲਾਮਤੀ ਲਈ ਕਾਰਗਿਲ ਯੁੱਧ ਸਮੇਂ ਆਪਣੀਆਂ ਜਾਨਾਂ ਕੁਰਬਾਨ ਵਾਲੇ ਦੇਸ਼ ਦੇ ਮਹਾਨ ਸਪੂਤਾਂ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਮਲਕੀਤ ਸਿੰਘ ਡੀ.ਈ.ਓ ਸੈਕੰਡਰੀ, ਪਰਗਟ ਬਰਾੜ ਡਿਪਟੀ ਡੀ.ਈ.ਓ, ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ, ਡਾ.ਸਤਿੰਦਰ ਸਿੰਘ ਨੈਸ਼ਨਲ ਐਵਾਰਡੀ, ਜ਼ਿਲ੍ਹਾ ਖੇਡ ਅਫ਼ਸਰ ਸੁਨੀਲ ਸ਼ਰਮਾ, ਪ੍ਰਿੰਸੀਪਲ ਬਲਰਾਜ ਸਿੰਘ, ਮੈਡਮ ਮੀਨਾ ਕੁਮਾਰੀ, ਲੈਕਚਰਾਰ ਜਗਦੀਪਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਹਾਜ਼ਰ ਸਨ।