ਪਟਿਆਲਾ, 19 ਅਗਸਤ, 2017 : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ਼ ਸਾਧਵੀ ਯੌਨ ਸ਼ੋਸ਼ਣ ਮਾਮਲੇ 'ਚ ਅਦਾਲਤ ਨੇ 25 ਅਗਸਤ ਨੂੰ ਫੈਸਲਾ ਸੁਣਾਉਣਾ ਹੈ। ਇਸ ਦੇ ਮੱਦੇਨਜ਼ਰ ਪੂਰੇ ਪੰਜਾਬ ਵਿਚ ਹੀ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਚ ਵੀ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਸਿਹਤ ਸੰਸਥਾਵਾਂ ਵਿਚ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਨ ਸਬੰਧੀ ਸਿਵਲ ਸਰਜਨ ਪਟਿਆਲਾ ਨੇ ਆਦੇਸ਼ ਜਾਰੀ ਕੀਤੇ ਹਨ।
ਸਿਵਲ ਸਰਜਨ ਨੇ ਜਾਰੀ ਕੀਤੇ ਪੱਤਰ ਵਿਚ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਖਿ਼ਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੱਲ ਰਹੇ ਕੇਸ ਵਿਚ ਕੁਝ ਕੁ ਦਿਨਾਂ ਤੱਕ ਅੰਤਮ ਫ਼ੈਸਲਾ ਆਉਣ ਦੀ ਸੰਭਾਵਨਾ ਹੈ,ਜਿਸ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦੇ ਸਮਰਥਕਾਂ ਅਤੇ ਸਿੱਖਾਂ ਦੇ ਵਿਚਕਾਰ ਆਪਸੀ ਤਣਾਅ ਪੈਦਾ ਹੋ ਸਕਦਾ ਹੈ।
ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਲਿਖਿਆ ਕਿ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਤੁਹਾਡੇ ਵਲੋੱ ਆਪਣੇ ਅਧੀਨ ਆਉਂਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਐਮਰਜੈਂਸੀ ਦਵਾਈਆਂ ਅਤੇ ਹੋਰ ਸਾਜ਼ੋ ਸਮਾਨ ਉਪਲਬਧ ਰੱਖਿਆ ਜਾਵੇ। ਉਨ੍ਹਾਂ ਨੇ ਐਂਬੂਲੈਂਸਾਂ ਅਤੇ ਮੈਡੀਕਲ ਟੀਮਾਂ ਵੀ ਤਿਆਰ ਰੱਖਣ ਲਈ ਕਿਹਾ। ਇਸ ਪੱਤਰ ਵਿਚ ਉਨ੍ਹਾਂ ਨੇ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਛੁੱਟੀ ਨਾ ਕਰਨ ਦੇ ਆਦੇਸ਼ ਦਿੱਤੇ ਹਨ।
ਸਿਵਲ ਸਰਜਨ ਨੇ ਆਪਣੇ ਪੱਤਰ ਵਿਚ ਲਿਖਿਆ ਕਿ ਐੱਸਐੱਮਓਜ਼ ਵੱਲੋਂ ਆਪਣੇ ਹੈੱਡਕੁਆਟਰ ਮੈਨਟੇਨ ਕੀਤੇ ਜਾਣ। ਕਿਸੇ ਤਰ੍ਹਾਂ ਦੀ ਕੋਤਾਹੀ ਨਾ ਵਰਤੀ ਜਾਵੇ। ਜੇਕਰ ਅਜਿਹਾ ਹੋਇਆ ਤਾਂ ਉਸ ਦੇ ਖਿ਼ਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।