ਦੇਵਾ ਨੰਦ ਸ਼ਰਮਾ
ਫਰੀਦਕੋਟ, 20 ਅਗਸਤ, 2017 : ਆਮ ਆਦਮੀ ਪਾਰਟੀ ਦੀ ਸੁਭਾਈ ਲੀਡਰਸ਼ਿਪ ਨੇ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲੜੇਗੀ ਅਤੇ ਇਸ ਲਈ ਯੋਗ ਉਮੀਦਵਾਰ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਮੇਤ 36 ਵਿਅਕਤੀਆਂ ਨੂੰ ਸਿਟੀ ਸੈਂਟਰ ਘੁਟਾਲੇ ਵਿੱਚੋਂ ਕਲੀਨ ਚਿੱਟ ਮਿਲਣਾ ਪੰਜਾਬ ਲਈ ਮੰਦਭਾਗਾ ਹੈ।
ਉਹਨਾਂ ਕਿਹਾ ਕਿ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਘੁਟਾਲੇ ਵਿੱਚ ਅਕਾਲੀ ਸਰਕਾਰ ਨੇ ਹੀ ਅਮਰਿੰਦਰ ਸਿੰਘ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਦੋ ਵੱਡੇ ਪਰਿਵਾਰਾਂ ਨੇ ਨਿਆਂ ਪ੍ਰਣਾਲੀ ਨਾਲ ਖਿਲਵਾੜ ਕਰਕੇ ਆਪਣੇ ਸਿਆਸੀ ਹਿੱਤ ਪੂਰੇ ਹਨ।
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਿਟੀ ਸੈਂਟਰ ਘੁਟਾਲੇ ਵਿੱਚ ਕਥਿਤ ਦੋਸ਼ੀਆਂ ਨੂੰ ਕਲੀਨ ਚਿੱਟ ਮਿਲਣ ਨਾਲ ਪੰਜਾਬ ਦੇ ਖਜਾਨੇ ਨੂੰ 1100 ਕਰੋੜ ਰੁਪਏ ਦਾ ਚੂਨਾ ਲੱਗੇਗਾ। ਇਸ ਮਗਰੋਂ ਭਗਵੰਤ ਮਾਨ ਨੇ ਮੌੜ ਫਾਰਮ ਹਾਊਸ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਨੂੰ ਤੇਜ ਕਰਨ ਬਾਰੇ ਵਿਚਾਰ ਚਰਚਾ ਕੀਤੀ ਅਤੇ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਵਿੱਚ ਕਿਸੇ ਨਾਲ ਵੀ ਧੱਕੇਸ਼ਾਹੀ ਹੋਈ ਤਾਂ ਉਹ ਸੜਕਾਂ 'ਤੇ ਉੱਤਰ ਆਉਣਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰੋ. ਸਾਧੂ ਸਿੰਘ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮਾਸਟਰ ਬਲਦੇਵ ਸਿੰਘ ਤਖਾਣਬੱਧ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਚਿੰਤਾਜਨਕ ਹੈ ਅਤੇ ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ। ਮਾਲਵਾ ਜੋਨ ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਅਤੇ ਫਰੀਦਕੋਟ ਜਿਲੇ ਦੇ ਪ੍ਰਧਾਨ ਸਨਕਦੀਪ ਸਿੰਘ ਸੰਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਤੋਂ ਅਜੇ ਵੀ ਵੱਡੀਆਂ ਉਮੀਦਾਂ ਹਨ ਅਤੇ ਉਹ ਲੋਕਾਂ ਦੀਆਂ ਉਮੀਦਾਂ 'ਤੇ ਹਰ ਹਾਲਤ ਵਿੱਚ ਖਰੇ ਉੱਤਰਨਗੇ ਅਤੇ ਇਸੇ ਮਕਸਦ ਨਾਲ ਸੂਬਾਈ ਲੀਡਰਸ਼ਿਪ ਹਰ ਜਿਲੇ ਵਿੱਚ ਜਾ ਕੇ ਵਰਕਰਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੀ ਹੈ। ਇਸ ਮੌਕੇ ਸੰਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਬੇਅੰਤ ਕੌਰ, ਸਵਰਨ ਸਿੰਘ, ਸਿਮਰਨ, ਰਾਜਪਾਲ ਸਿੰਘ ਆਦਿ ਵੀ ਹਾਜਰ ਸਨ।