← ਪਿਛੇ ਪਰਤੋ
ਪਟਿਆਲਾ, 10 ਅਕਤੂਬਰ, 2017 : ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਹੈ ਕਿ ਝੋਨੇ ਦੀ ਖਰੀਦ ਦੇ ਨਾਲ-ਨਾਲ ਮੰਡੀਆਂ ਵਿੱਚ ਵਿਕ ਚੁੱਕੇ ਝੋਨੇ ਦੀ ਚੁਕਾਈ (ਲਿਫਟਿੰਗ) ਵੀ ਨਾਲੋ-ਨਾਲ ਕੀਤੀ ਜਾਵੇ। ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈ ਰਹੇ ਸਨ। ਉਹਨਾਂ ਦੱਸਿਆ ਕਿ ਅੱਜ ਸ਼ਾਮ ਤੱਕ ਪਟਿਆਲਾ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਝੋਨੇ ਦੀ 215.33 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਏਜੰਸੀਆਂ ਨੂੰ ਬਕਾਇਆ ਅਦਾਇਗੀ ਵੀ ਨਿਰਧਾਰਤ ਸਮੇਂ ਵਿੱਚ ਕਰਨ ਦੀ ਹਦਾਇਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਐਸ.ਡੀ.ਐਮਜ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਤੇ ਸੈਕਟਰ ਅਫ਼ਸਰਾਂ ਨੂੰ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਜਿੰਨਾ ਝੋਨਾ ਰੋਜ਼ਾਨਾ ਮੰਡੀਆਂ ਵਿਚ ਆ ਰਿਹਾ ਹੈ ਉਸ ਤੋਂ ਵੱਧ ਵਿਕਿਆ ਝੋਨਾ ਮੰਡੀਆ ਵਿੱਚੋਂ ਚੁੱਕਿਆ ਜਾਵੇ ਤਾਂ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਸੁੱਟਣ ਵਿੱਚ ਕੋਈ ਦਿਕੱਤ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਪਟਿਆਲਾ ਜਿਲ੍ਹੇ ਵਿੱਚ 2 ਲੱਖ 43 ਹਜ਼ਾਰ 106 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 2 ਲੱਖ 29 ਹਜ਼ਾਰ 59 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 30 ਹਜ਼ਾਰ 110 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿੱਚੋਂ 29583 ਮੀਟਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੇ ਇਸ ਸੀਜਨ ਵਿੱਚ 14 ਲੱਖ 92 ਹਜ਼ਾਰ 744 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜਣ ਦੀ ਸੰਭਾਵਨਾ ਹੈ ਜਦ ਕਿ ਪਿਛਲੇ ਸਾਲ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 12 ਲੱਖ 93 ਹਜ਼ਾਰ 268 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜਾ ਸੀ।
Total Responses : 267