ਰੂਪਨਗਰ, 20 ਅਕਤੂਬਰ, 2017 : ਪੰਜਾਬ ਪੁਲਿਸ ਦੇ ਮਹਾਨ ਸੂਰਵੀਰਾਂ ਜਿਨਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਜ਼ਿਲ੍ਹਾ ਪੁਲੀਸ ਵੱਲੋਂ ਪੁਲਿਸ ਲਾਈਨ ਵਿਖੇ 21 ਅਕਤੂਬਰ ਨੂੰ ਸਵੇਰੇ 7:30 ਵਜੇ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮਨਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸ਼੍ਰੀ ਰਾਜ ਬਚਨ ਸਿੰਘ ਸੰਧੂ ਜਿਲਾ ਪੁਲਿਸ ਮੁਖੀ ਨੇ ਦੱਸਿਆ ਕਿ 21 ਅਕਤੂਬਰ 1959 ਨੂੰ ਸੀ. ਆਰ. ਪੀ. ਐਫ. ਦੇ ਐਸ. ਆਈ. ਐਸ. ਕਰਮ ਸਿੰਘ ਦੀ ਅਗਵਾਈ ਵਾਲੇ ਗਸ਼ਤੀ ਦਲ ਦੀ ਹਾਟ ਸਪਰਿੰਗ ਲੱਦਾਖ ਵਿਖੇ ਚੀਨੀ ਸੁਰਖਿਆ ਬਲਾਂ ਨਾਲ ਮੁਕਾਬਲੇ ਦੌਰਾਨ,10 ਜਵਾਨਾਂ ਦੀ ਸ਼ਹੀਦੀ ਨੂੰ ਨਮਨ ਕਰਨ ਲਈ ਇਹ ਦਿਨ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਦੇਸ਼ ਲਈ ਕੁਰਬਾਨ ਹੋਣ ਵਾਲੇ ਸਮੂਹ ਅਰਧ ਸੁਰੱਖਿਆ ਬਲਾਂ ਅਤੇ ਪੁਲੀਸ ਜਵਾਨਾਂ ਦੀ ਦੇਸ਼ ਪ੍ਰਤੀ ਸ਼ਹਾਦਤ ਨੂੰ ਯਾਦ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ ਜਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਹਿੱਤ ਵਡੇਰੀਆਂ ਕੁਰਬਾਨੀਆਂ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਪੁਲਿਸ ਸਮਾਜ ਵਿੱਚ ਸ਼ਾਂਤੀ ਬਣਾਈ ਰੱਖਣ ਅਤੇ ਅਮਨ-ਕਾਨੂੰਨ ਦੀ ਰਾਖੀ ਕਰਨ ਵਿੱਚ ਵੱਡੀ ਭੂਮਿਕਾ ਨਿਭਾਉਂਦੀ ਹੈ ਅਤੇ ਪੰਜਾਬ ਪੁਲਿਸ ਆਪਣੀ ਇਸੇ ਵਿਰਾਸਤ 'ਤੇ ਮਾਣ ਕਰਦੀ ਹੋਈ ਆਪਣੀ ਰਵਾਇਤ ਅਨੁਸਾਰ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫਰਜਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ। ਉਨ੍ਹਾਂ ਆਖਿਆ ਜ਼ਿਲ੍ਹੇ ਦੇ 27 ਪੁਲੀਸ ਸ਼ਹੀਦਾਂ ਨੂੰ 21 ਅਕਤੂਬਰ ਨੂੰ ਵਿਸ਼ੇਸ਼ ਤੌਰ 'ਤੇ ਯਾਦ ਕੀਤਾ ਜਾਵੇਗਾ ਅਤੇ ਸ਼ਰਧਾ ਸੁਮਨ ਅਰਪਿਤ ਕੀਤੇ ਜਾਣਗੇ। ਇਸ ਮੌਕੇ ਇਨ੍ਹਾਂ ਸ਼ਹੀਦ ਪੁਲੀਸ ਜਵਾਨਾਂ ਦੇ ਪਰਿਵਾਰਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਮਾਗਮ ਵਿੱਚ ਸ਼ਾਮਿਲ ਕੀਤਾ ਜਾਵੇਗਾ।