ਦੀਦਾਰ ਗੁਰਨਾ
ਬਰਨਾਲਾ, 21 ਅਕਤੂਬਰ, 2017 : ਦੇਸ਼ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਪੁਲਿਸ ਲਾਈਨ ਬਰਨਾਲਾ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਐੱਸ.ਐੱਸ.ਪੀ. ਸ. ਹਰਜੀਤ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸ਼ਹੀਦ ਹੋਣ ਵਾਲੇ ਅਰਧ ਸੁਰੱਖਿਆ ਬਲਾਂ ਤੇ ਪੁਲਿਸ ਜਵਾਨਾਂ ਤੋਂ ਸਾਨੂੰ ਸਾਰਿਆਂ ਨੂੰ ਪ੍ਰੇਰਨਾ ਲੈ ਲੈਂਦੇ ਹੋਏ ਆਪਣੇ ਮਨਾਂ ਅੰਦਰ ਵੀ ਦੇਸ਼ ਭਗਤੀ ਦੇ ਜਜ਼ਬੇ ਨੂੰ ਪਰਪੱਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਸਾਡਾ ਅਹਿਮ ਹਿੱਸਾ ਹਨ ਅਤੇ ਪੁਲਿਸ ਵਿਭਾਗ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਐੱਸ.ਐੱਸ.ਪੀ. ਸ. ਹਰਜੀਤ ਸਿੰਘ ਨੇ ਦੱਸਿਆ ਕਿ ਲੁਧਿਆਣਾ ਵਿਖੇ ਮੁਸਕਾਨ ਸੁਸਾਇਟੀ ਵਿੱਚ 24 ਐਲ.ਆਈ.ਜੀ. ਫਲੈਟ ਅਲਾਟ ਕੀਤੇ ਜਾਣੇ ਹਨ, ਉਨ੍ਹਾਂ ਕਿਹਾ ਕਿ ਜੇਕਰ ਸ਼ਹੀਦ ਅਧਿਕਾਰੀਆਂ/ਕਰਮਚਾਰੀਆਂ ਦਾ ਪਰਿਵਾਰ ਲੁਧਿਆਣਾ ਵਿਖੇ ਆਪਣੀ ਰਿਹਾਇਸ਼ ਕਰਨੀ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਸ. ਹਰਜੀਤ ਸਿੰਘ ਨੇ ਦੱਸਿਆ ਕਿ ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ 1959 ਤੋਂ ਸ਼ੁਰੂ ਹੁੰਦਾ ਹੈ ਜਦੋਂ ਲੱਦਾਖ ਦੇ ਖੇਤਰ ਹਾਟ ਸਪਰਿੰਗ ਵਿਖੇ ਚੀਨ ਦੇ ਸੈਨਿਕਾਂ ਵੱਲੋਂ ਘਾਤ ਲਗਾ ਕੇ ਕੀਤੇ ਹਮਲੇ ਦਾ ਸਬ ਇੰਸਪੈਕਟਰ ਕਰਮ ਸਿੰਘ ਦੀ ਅਗਵਾਈ ਹੇਠਲੀ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਟੁਕੜੀ ਵੱਲੋਂ ਜ਼ੋਰਦਾਰ ਜਵਾਬ ਦਿੱਤਾ ਗਿਆ ਸੀ ਅਤੇ ਇਸ ਦੌਰਾਨ 10 ਜਵਾਨ ਸ਼ਹੀਦ ਹੋਏ ਸਨ।
ਇਸ ਉਪਰੰਤ ਐੱਸ.ਐੱਸ.ਪੀ. ਸ. ਹਰਜੀਤ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀਆਂ ਤੇ ਸਹੀਦਾਂ ਦੇ ਪਰਿਵਾਰਾਂ ਵੱਲੋਂ ਪੁਲਿਸ ਸ਼ਹੀਦੀ ਸਮਾਰਕ 'ਤੇ ਰੀਥਾਂ ਰੱਖ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਸਮਾਰੋਹ ਦੌਰਾਨ ਐੱਸ.ਪੀ. ਜਗਤਪ੍ਰੀਤ ਸਿੰਘ ਨੇ ਪਿਛਲੇ ਇੱਕ ਵਰ੍ਹੇ ਦੌਰਾਨ ਦੇਸ਼ ਦੀ ਆਨ ਤੇ ਸ਼ਾਨ ਨੂੰ ਕਾਇਮ ਰੱਖਣ ਲਈ ਸ਼ਹਾਦਤਾਂ ਦੇਣ ਵਾਲੇ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਂ ਪੜ੍ਹ ਕੇ ਸੁਣਾਏ ਅਤੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਪਹਿਲਾਂ ਕੁਲਦੀਪ ਸਿੰਘ ਵਿਰਕ ਦੀ ਅਗਵਾਈ ਹੇਠ ਟੁਕੜੀ ਵੱਲੋਂ ਸ਼ੋਕ ਪਰੇਡ ਕੀਤੀ ਗਈ ਅਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਅਜੈਬ ਸਿੰਘ, ਜ਼ਿਲ੍ਹਾ ਪ੍ਰਧਾਨ ਕਾਂਗਰਸ ਮੱਖਣ ਸ਼ਰਮਾ, ਗਰੁੱਪ ਕਮਾਂਡਰ ਏਅਰਫੋਰਸ ਆਸ਼ੀਸ਼ ਸ਼ਰਮਾ, ਅੈਸ ,ਪੀ ਇੰਨਵੈਸਟਿਕੇਸਨ ਸੁਖਦੇਵ ਸਿੰਘ ਵਿਰਕ, ਡੀ.ਐਸ.ਪੀ. ਬਰਨਾਲਾ ਰਾਜੇਸ਼ ਛਿੱਬਰ ਤੋਂ ਇਲਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜਮ ਤੇ ਸ਼ਹੀਦ ਜਵਾਨਾਂ ਦੇ ਪਰਿਵਾਰ ਮੌਜੂਦ ਸਨ।