ਸੰਗਰੂਰ, 21 ਅਕਤੂਬਰ, 2017 : ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਲਾਈਨ ਸੰਗਰੂਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡੀ.ਆਈ.ਜੀ ਡਾ. ਸੁਖਚੈਨ ਸਿੰਘ ਗਿੱਲ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸਾਡੇ ਸੂਰਵੀਰਾਂ ਨੇ ਆਪਣੀ ਸ਼ਹਾਦਤ ਦਿੱਤੀ ਅਤੇ ਸਾਨੂੰ ਸਾਰਿਆਂ ਨੂੰ ਇਸ ਤੋਂ ਪ੍ਰੇਰਨਾ ਲੈਂਦੇ ਹੋਏ ਆਪਣੇ ਮਨਾਂ ਅੰਦਰ ਦੇਸ਼ ਭਗਤੀ ਦੇ ਜਜ਼ਬੇ ਨੂੰ ਪਰਪੱਕ ਕਰਨਾ ਚਾਹੀਦਾ ਹੈ।
ਇਸ ਮੌਕੇ ਡਾ. ਗਿੱਲ ਨੇ ਦੱਸਿਆ ਕਿ ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ 1959 ਤੋਂ ਸ਼ੁਰੂ ਹੁੰਦਾ ਹੈ ਜਦੋਂ ਲੱਦਾਖ ਦੇ ਖੇਤਰ ਹਾਟ ਸਪਰਿੰਗ ਵਿਖੇ ਚੀਨ ਦੇ ਸੈਨਿਕਾਂ ਵੱਲੋਂ ਘਾਤ ਲਗਾ ਕੇ ਕੀਤੇ ਹਮਲੇ ਦਾ ਸਬ ਇੰਸਪੈਕਟਰ ਕਰਮ ਸਿੰਘ ਦੀ ਅਗਵਾਈ ਹੇਠਲੀ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਟੁਕੜੀ ਵੱਲੋਂ ਜ਼ੋਰਦਾਰ ਜਵਾਬ ਦਿੱਤਾ ਗਿਆ ਸੀ ਅਤੇ ਇਸ ਦੌਰਾਨ 10 ਜਵਾਨ ਸ਼ਹੀਦ ਹੋਏ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੇਵਾ ਦੇ ਫਰਜ਼ ਨੂੰ ਨਿਭਾਉਂਦਿਆਂ ਸ਼ਹਾਦਤਾਂ ਦੇਣ ਵਾਲੇ ਅਧਿਕਾਰੀਆਂ ਤੇ ਜਵਾਨਾਂ 'ਤੇ ਸਮੁੱਚੇ ਦੇਸ਼ ਵਾਸੀਆਂ ਨੂੰ ਗੌਰਵ ਹੈ ਅਤੇ ਪੰਜਾਬ ਪੁਲਿਸ ਸ਼ਹੀਦਾਂ ਦੀ ਯਾਦ ਨੂੰ ਸਦੀਵੀ ਬਣਾਉਣ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਦਾ ਹਰ ਦੁੱਖ-ਸੁੱਖ ਦੀ ਘੜੀ ਵਿੱਚ ਸਾਥ ਦੇਣ ਲਈ ਵਚਨਬੱਧ ਹੈ।
ਇਸ ਉਪਰੰਤ ਡੀ.ਆਈ.ਜੀ ਅਤੇ ਵਧੀਕ ਡਿਪਟੀ ਕਮਿਸ਼ਨਰ ਸ. ਉਪਕਾਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀਆਂ ਤੇ ਸਹੀਦਾਂ ਦੇ ਪਰਿਵਾਰਾਂ ਵੱਲੋਂ ਪੁਲਿਸ ਸ਼ਹੀਦੀ ਸਮਾਰਕ 'ਤੇ ਰੀਥਾਂ ਰੱਖ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਡਾ. ਗਿੱਲ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ। ਸਮਾਰੋਹ ਦੌਰਾਨ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੱਸਿਆਵਾਂ ਦੇ ਢੁਕਵੇਂ ਹੱਲ ਲਈ ਫੌਰੀ ਉਚਿਤ ਕਦਮ ਪੁੱਟੇ ਜਾਣ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਸਾਡਾ ਅਹਿਮ ਹਿੱਸਾ ਹਨ ਅਤੇ ਪੁਲਿਸ ਵਿਭਾਗ ਸ਼ਹੀਦਾਂ ਦੇ ਪਰਿਵਾਰਾਂ ਨੂ ੰਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਬੰਧੀ ਜ਼ਿਲ੍ਹਾ ਪੁਲਿਸ ਦੇ ਉਚ ਅਧਿਕਾਰੀਆਂ ਜਾਂ ਉਨ੍ਹਾਂ ਨਾਲ ਸਿੱਧੇ ਤੌਰ 'ਤੇ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।
ਸਮਾਰੋਹ ਦੌਰਾਨ ਐਸ.ਪੀ ਸ. ਹਰਮੀਤ ਸਿੰਘ ਹੁੰਦਲ ਨੇ ਪਿਛਲੇ ਇੱਕ ਵਰ੍ਹੇ ਦੌਰਾਨ ਦੇਸ਼ ਦੀ ਆਨ ਤੇ ਸ਼ਾਨ ਨੂੰ ਕਾਇਮ ਰੱਖਣ ਲਈ ਸ਼ਹਾਦਤਾਂ ਦੇਣ ਵਾਲੇ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਂ ਪੜ੍ਹ ਕੇ ਸੁਣਾਏ ਅਤੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਪਹਿਲਾਂ ਡੀ.ਐਸ.ਪੀ ਸ਼੍ਰੀ ਯੋਗੇਸ਼ ਕੁਮਾਰ ਦੀ ਅਗਵਾਈ ਹੇਠਲੀ ਟੁਕੜੀ ਵੱਲੋਂ ਸ਼ੋਕ ਪਰੇਡ ਕੀਤੀ ਗਈ ਅਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।