ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ, ਵਿਧਾਇਕ ਬਸੀ ਪਠਾਣਾ ਸ. ਗੁਰਪ੍ਰੀਤ ਸਿੰਘ ਜੀ.ਪੀ., ਐਸ.ਪੀ. (ਐਚ) ਸ. ਸ਼ਰਨਜੀਤ ਸਿੰਘ ਤੇ ਐਸ.ਪੀ. (ਜਾਂਚ) ਸ. ਦਲਜੀਤ ਸਿੰਘ ਰਾਣਾ, ਪੁਲਿਸ ਲਾਈਨ ਮਹਾਦੀਆਂ ਵਿਖੇ ਪੁਲਿਸ ਸ਼ਹੀਦ ਸਮਾਰਕ 'ਤੇ , ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ।
ਫਤਹਿਗੜ੍ਹ ਸਾਹਿਬ, 21 ਅਕਤੂਬਰ, 2017 : ਜਾਂਬਾਜ਼ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਕਾਇਮ ਰੱਖਣ ਲਈ ਅਤੇ ਅਮਨ ਤੇ ਭਾਈਚਾਰੇ ਨੂੰ ਹੋਰ ਮਜਬੂਤ ਕਰਨ ਲਈ ਦਿੱਤੀਆਂ ਗਈਆਂ ਬੇਮਿਸਾਲ ਕੁਰਬਾਨੀਆਂ ਦੇਸ਼ ਅਤੇ ਸਮਾਜ ਰਹਿੰਦੀ ਦੁਨੀਆ ਤੱਕ ਯਾਦ ਰੱਖੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਨੇ ਪੁਲਿਸ ਲਾਈਨ ਮਹਾਦੀਆਂ ਵਿਖੇ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਦੇ ਮੌਕੇ 'ਤੇ ਜ਼ਿਲ੍ਹੇ ਦੇ ਸ਼ਹੀਦ ਹੋਏ 16 ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੁਰਬਾਨੀਆਂ ਦੇਣ ਵਾਲੇ ਪੰਜਾਬ ਪੁਲਿਸ ਦੇ ਜਵਾਨਾਂ 'ਤੇ ਜਿੰਨਾ ਮਾਣ ਕਰੀਏ ਥੋੜਾ ਹੈ ਕਿਉਂਕਿ ਉਹਨਾਂ ਨੇ ਨਾਂ ਕੇਵਲ ਅੱਤਵਾਦ ਦੇ ਔਖੇ ਸਮੇਂ ਵੱਡੀ ਗਿਣਤੀ ਵਿੱਚ ਸ਼ਹੀਦੀਆਂ ਦੇ ਕੇ ਅੱਤਵਾਦ ਨੂੰ ਖਤਮ ਕਰਕੇ ਅਮਨ ਤੇ ਸ਼ਾਂਤੀ ਕਾਇਮ ਕੀਤੀ ਸਗੋਂ ਜਦੋਂ ਵੀ ਦੇਸ਼ ਦੀ ਅੰਦਰੂਨੀ ਸੁਰੱਖਿਆ 'ਤੇ ਕੋਈ ਭੀੜ ਪਈ ਤਾਂ ਪੁਲਿਸ ਦੇ ਬਹਾਦਰ ਜਵਾਨਾਂ ਨੇ ਦੁਸ਼ਮਣ ਦਾ ਡਟ ਕੇ ਸਾਹਮਣਾ ਕੀਤਾ ਤੇ ਦੁਸ਼ਮਣ ਨੂੰ ਮੂੰਹ ਤੋੜ ਜਵਾਬ ਦਿੱਤਾ। ਉਹਨਾਂ ਆਖਿਆ ਕਿ ਧੰਨ ਹਨ ਉਹ ਮਾਪੇ ਜਿਹਨਾਂ ਨੇ ਅਜਿਹੇ ਬਹਾਦਰ ਜਵਾਨਾਂ ਨੂੰ ਜਨਮ ਦਿੱਤਾ ਅਤੇ ਦੇਸ਼ ਦੀ ਅੰਦਰੂਨੀ ਸੁਰੱਖਿਆ ਦੇ ਲੇਖੇ ਲਗਾਇਆ। ਉਹਨਾਂ ਇਸ ਮੌਕੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਵੀ ਕੀਤਾ।
ਸ਼੍ਰੀਮਤੀ ਮੀਨਾ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਮੁਸ਼ਕਲ ਹਾਲਾਤਾਂ ਵਿੱਚ ਅਮਨ ਤੇ ਸ਼ਾਂਤੀ ਬਰਕਰਾਰ ਰੱਖਣ ਲਈ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਪੰਜਾਬ ਵਿੱਚ ਅਮਨ ਤੇ ਸ਼ਾਂਤੀ ਦਾ ਮਾਹੌਲ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸ਼ਹੀਦੀ ਸਮਾਗਮ ਜਿਥੇ ਉਨ੍ਹਾਂ ਬਹਾਦਰ ਪੁਲਿਸ ਜਵਾਨਾਂ ਦੀਆਂ ਮਹਾਨ ਕੁਰਬਾਨੀਆਂ ਦੀ ਯਾਦ ਤਾਜਾ ਕਰਵਾਉਂਦੇ ਹਨ ਉਥੇ ਪੁਲਿਸ ਬਲਾਂ ਦੀ ਪ੍ਰੇਰਨਾ ਦਾ ਸਰੋਤ ਵੀ ਬਣਦੇ ਹਨ। ਐਸ.ਪੀ. (ਐਚ) ਸ. ਸ਼ਰਨਜੀਤ ਸਿੰਘ ਨੇ 1 ਸਤੰਬਰ 2016 ਤੋਂ 31 ਅਗਸਤ 2017 ਤੱਕ ਦੇਸ਼ ਭਰ ਵਿੱਚ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ 383 ਬਹਾਦਰ ਜਵਾਨਾਂ ਦੇ ਨਾਂ ਪੜ੍ਹ ਕੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਵਾਇਆ। ਇਸ ਮੌਕੇ ਡੀ.ਐਸ.ਪੀ. ਬਸੀ ਪਠਾਣਾ ਮਿਸ: ਨਵਨੀਤ ਕੌਰ ਗਿੱਲ ਦੀ ਅਗਵਾਈ ਹੇਠ ਪੁਲਿਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਵੀ ਧਾਰਿਆ ਗਿਆ।
ਇਸ ਉਪਰੰਤ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰਾਂ ਦੀਆਂ ਦੁੱਖ ਤਕਲੀਫਾਂ ਸੁਣਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨ ਪੁਲਿਸ ਵਿਭਾਗ ਲਈ ਗੌਰਵ ਦਾ ਪ੍ਰਤੀਕ ਹਨ ਅਤੇ ਜ਼ਿਲ੍ਹਾ ਪੁਲਿਸ ਇਸ ਗੱਲ ਲਈ ਵਚਨਬੱਧ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ 24 ਘੰਟੇ ਸ਼ਹੀਦ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਆਉਣ ਵਾਲੀ ਸਮੱਸਿਆ ਦਾ ਹੱਲ ਕਰਨ ਲਈ ਤਤਪਰ ਰਹੇਗੀ।
ਡਿਊਟੀ ਦੌਰਾਨ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਬਸੀ ਪਠਾਣਾ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੀਆਂ ਵਿਧਵਾਵਾਂ ਨੂੰ ਮੁੜ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ ਅਤੇ ਇਨ੍ਹਾਂ ਪਰਿਵਾਰਾਂ ਨੂੰ ਲਾਲ ਕਾਰਡ ਦਾ ਲਾਭ ਵੀ ਮਿਲੇਗਾ। ਉਨ੍ਹਾਂ ਦੱਸਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਇਹ ਪੈਨਸ਼ਨ ਬੰਦ ਕਰ ਦਿੱਤੀ ਸੀ ਪ੍ਰੰਤੂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਜੋ ਪੈਨਸ਼ਨ ਮੁੜ ਚਾਲੂ ਕਰਨ ਦਾ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸਮੂਹ ਅਧਿਕਾਰੀਆਂ, ਜਵਾਨਾਂ ਅਤੇ ਪੁਲਿਸ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੇ ਸ਼ਹੀਦ ਸਮਾਰਕ 'ਤੇ ਪੁਸ਼ਪਾਂਜਲੀ ਭੇਂਟ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਹਰਪਾਲ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਰਣਜੀਵ ਕੁਮਾਰ ਵਸ਼ਿਸਟ, ਸੀ.ਜੇ.ਐਮ. ਸ਼੍ਰੀ ਪ੍ਰਸ਼ਾਂਤ ਵਰਮਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਬਲਜੀਤ ਸਿੰਘ ਭੁੱਟਾ, ਐਸ.ਪੀ. (ਜਾਂਚ) ਸ. ਦਲਜੀਤ ਸਿੰਘ ਰਾਣਾ, ਡੀ.ਐਸ.ਪੀ. ਫਤਹਿਗੜ੍ਹ ਸਾਹਿਬ ਵਰਿੰਦਰਜੀਤ ਸਿੰਘ ਥਿੰਦ, ਡੀ.ਐਸ.ਪੀ. (ਜਾਂਚ) ਸ. ਦਲਜੀਤ ਸਿੰਘ ਖੱਖ, ਸੀ.ਆਰ.ਪੀ.ਐਫ. ਦੇ ਕਮਾਂਡੈਂਟ ਸ਼੍ਰੀ ਦਲਜੀਤ ਸਿੰਘ, ਡੀ.ਐਸ.ਪੀ. ਅਮਲੋਹ ਸ਼੍ਰੀ ਮਨਪ੍ਰੀਤ ਸਿੰਘ, ਡੀ.ਐਸ.ਪੀ. ਖਮਾਣੋਂ ਸ਼੍ਰੀ ਗੁਰਮੀਤ ਸਿੰਘ, ਅਤੇ ਪੁਲਿਸ ਪੈਨਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਹਰਬੰਸ ਸਿੰਘ ਤੋਂ ਇਲਾਵਾ ਹੋਰ ਪੁਲਿਸ, ਸਿਵਲ ਤੇ ਨਿਆਂਇਕ ਅਧਿਕਾਰੀਆਂ, ਸੇਵਾ ਮੁਕਤ ਪੁਲਿਸ ਮੁਲਾਜਮਾਂ ਤੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੇ ਵੀ ਸ਼ਮੂਲੀਅਤ ਕੀਤੀ।
ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਹਰਪਾਲ ਸਿੰਘ ਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ, ਪੁਲਿਸ ਲਾਈਨ ਮਹਾਦੀਆਂ ਵਿਖੇ ਪੁਲਿਸ ਸ਼ਹੀਦੀ ਯਾਦਗਾਰ ਦਿਵਸ 'ਤੇ , ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਤ ਕਰਦੇ ਹੋਏ।