ਜਗਦੀਸ਼ ਥਿੰਦ
ਫਾਜ਼ਿਲਕਾ, 21 ਅਕਤੂਬਰ, 2017 : ਸ਼ਹੀਦ ਜਵਾਨਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਰਾਸ਼ਟ੍ਰੀਯ ਪੁਲਿਸ ਦਿਵਸ ਮੌਕੇ ਜ਼ਿਲ੍ਹੇ ਅੰਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੌਰਾਨ ਕਰਵਾਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਫਾਜ਼ਿਲਕਾ ਦੇ ਜ਼ਿਲ੍ਹਾ ਪੁਲਿਸ ਮੁੱਖੀ ਡਾ. ਕੇਤਨ ਬਲੀਰਾਮ ਪਾਟਿਲ ਨੇ ਕਿਹਾ ਕਿ ਸ਼ਹੀਦ ਜਵਾਨਾਂ ਦੀ ਕੁਰਬਾਨੀ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਵਾਨਾਂ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਹਿੱਤ ਕੁਰਬਾਨੀਆਂ ਦਿੱਤੀਆਂ ਗਈਆਂ ਸੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਵੱਜੋਂ ਪਹੁੰਚੇ ਵਿਧਾਇਕ ਬਲੂਆਣਾ ਸ੍ਰੀ ਨਥੂ ਰਾਮ ਤੇ ਐਸ.ਐਸ.ਪੀ. ਵੱਲੋਂ ਸ਼ਹੀਦ ਜਵਾਨਾਂ ਦੀ ਫੋਟੋਆਂ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੰਬਲ ਦਿੱਤੇ ਗਏ।
ਸਮਾਗਮ ਦੌਰਾਨ ਜ਼ਿਲ੍ਹਾ ਪੁਲਿਸ ਮੁੱਖੀ ਨੇ ਇਸ ਦਿਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਲੇਹ ਲਦਾਖ ਵਿਖੇ ਚੀਨੀ ਸੈਨਿਕਾਂ ਵੱਲੋਂ ਜਵਾਨਾ ਦੀ ਟੁੱਕੜੀ ਉੱਤੇ ਹਮਲਾ ਕੀਤਾ ਗਿਆ ਸੀ ਤੇ 10 ਜਵਾਨ ਸ਼ਹੀਦ ਹੋ ਗਏ ਸੀ। ਉਨ੍ਹਾਂ ਦੱਸਿਆ ਕਿ ਸ਼ਹੀਦ ਜਵਾਨਾਂ ਦੀ ਯਾਦ ਵਿੱਚ ਹੀ ਹਰ ਸਾਲ ਇਹ ਦਿਵਸ ਮਨਾਇਆ ਜਾਂਦਾ ਹੈ।
ਸਮਾਗਮ ਮੌਕੇ ਸ਼ਹੀਦ ਜਵਾਨਾਂ ਨੂੰ ਸ਼ੌਕ ਸਲਾਮੀ ਵੀ ਦਿੱਤੀ ਗਈ। ਇਸ ਦੌਰਾਨ ਸ਼ਹੀਦ ਗੁਰਨਾਮ ਸਿੰਘ, ਸੰਤੋਖ ਸਿੰਘ, ਕਰਨੈਲ ਸਿੰਘ, ਰਤਨ ਲਾਲ, ਹਰਬੰਸ ਸਿੰਘ, ਸ਼ਹੀਦ ਸਿਪਾਹੀ ਇਕਬਾਲ ਸਿੰਘ, ਗੁਰਮੀਤ ਸਿੰਘ, ਸ਼ਹੀਦ ਪੀ.ਐਚ.ਜੀ. ਬੁਲਾ ਸਿੰਘ, ਹਰਨਾਮ ਸਿੰਘ, ਰੂਲੀਆ ਸਿੰਘ, ਮੰਗਤ ਰਾਮ ਦੇ ਪਰਿਵਾਰਕ ਮੈਂਬਰਾਂ ਨੂੰ ਕੰਬਲ ਭੇਂਟ ਕੀਤੇ ਗਏ।
ਇਸ ਮੌਕੇ ਐਸ.ਪੀ ਹੈਡਕੁਆਟਰ ਸ੍ਰੀ ਵਿਨੋਦ ਕੁਮਾਰ, ਐਸ.ਪੀ ਅਬੋਹਰ ਸ.ਅਮਰਜੀਤ ਸਿੰਘ, ਡੀ.ਐਸ.ਪੀ. ਹੈਡਕੁਆਟਰ ਰਾਹੁਲ ਭਾਰਦਵਾਜ, ਡੀ.ਐਸ.ਪੀ. ਨਰਿੰਦਰ ਸਿੰਘ, ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰ ਤੇ ਹੋਰ ਅਧਿਕਾਰੀ ਸ਼ਾਮਲ ਸਨ।