ਜਗਦੀਸ਼ ਥਿੰਦ
ਫਾਜ਼ਿਲਕਾ 14 ਨਵੰਬਰ 2017 :
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਮੂਹ ਸਰਕਾਰੀ ਸਕੀਮਾਂ ਦੀ ਸ਼ੁਰੂਆਤ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਗਰੀਬ ਤੇ ਲੋੜਵੰਦ ਵਿਅਕਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਅਤੇ ਯੋਜਨਾਵਾਂ ਤੋਂ ਜ਼ਿਲ੍ਹੇ ਦਾ ਕੋਈ ਵੀ ਯੋਗ ਵਿਅਕਤੀ ਵਾਂਝਾ ਨਾ ਰਹਿਣ ਦਿੱਤਾ ਜਾਵੇ। ਇਥੋਂ ਦੇ ਸਿਟੀ ਗਾਰਡਨ ਵਿਖੇ ਕਰਵਾਏ ਗਏ ਸੈਮੀਨਾਰ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਜੋ ਵੀ ਸਕੀਮਾਂ ਅਤੇ ਯੋਜਨਾਵਾਂ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਹਨ ਉਨ੍ਹਾਂ ਸਕੀਮਾਂ ਦਾ ਯੋਗ ਲਾਭਪਾਤਰੀਆਂ ਨੂੰ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਸਮੂਹ ਸਰਕਾਰੀ ਸਕੀਮਾਂ ਅਤੇ ਯੋਜਨਾਵਾਂ ਬਾਰੇ ਖੁਦ ਨੂੰ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਇਨ੍ਹਾਂ ਸਕੀਮਾਂ ਦਾ ਲਾਹਾ ਦੇਣ ਲਈ ਯੋਗ ਲਾਭਪਾਤਰੀਆਂ ਦੀ ਪੜਤਾਲ ਕਰਕੇ ਸਕੀਮਾਂ ਬਾਰੇ ਪੂਰੀ ਜਾਣਕਾਰੀ ਘਰਾਂ ਤੱਕ ਪਹੁੰਚਾਉਣਾ ਲਾਜ਼ਮੀ ਬਣਾਉਣ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਤੋਂ ਇਲਾਵਾ ਪੰਚਾਇਤ ਸੈਕਟਰੀ, ਪਿੰਡਾਂ ਦੇ ਸਮੂਹ ਨੰਬਰਦਾਰ ਅਤੇ ਨੋਡਲ ਅਫਸਰ ਵਿਸ਼ੇਸ਼ ਤੌਰ 'ਤੇ ਮੌਜ਼ੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਬਤ ਵਿਕਾਸ ਯੋਜਨਾ ਤਹਿਤ ਹਰ ਸਕੀਮ ਤੇ ਯੋਜਨਾਵਾਂ ਦਾ ਲਾਹਾ ਯੋਗ ਤੇ ਲਾਭਪਾਤਰੀ ਤੱਕ ਹਰ ਹਾਲਤ ਵਿੱਚ ਪਹੁੰਚਾਉਣਾ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੀਆਂ 398 ਪੰਚਾਇਤਾਂ ਪਿੱਛੇ 63 ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ। ਹਰ 5 ਪਿੰਡਾਂ ਪਿੱਛੇ ਇਕ ਨੋਡਲ ਅਫਸਰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਸਮੂਹ ਯੋਜਨਾਵਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਪੰਚਾਇਤ ਸੈਕਟਰੀਆਂ ਵੱਲੋਂ ਸਰਵੇਅ ਫਾਰਮ ਭਰੇ ਜਾ ਰਹੇ ਹਨ ਅਤੇ ਇਸ ਸਬੰਧੀ ਪਿੰਡਾਂ ਦੇ ਨੰਬਰਦਾਰਾਂ ਕੋਲੋਂ ਵੀ ਲੋੜੀਂਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਤਾਂ ਜੋ ਜ਼ਿਲ੍ਹੇ ਵਿੱਚ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਦਾ ਲੈਣ ਤੋਂ ਵਾਂਝਾ ਨਾ ਰਹਿ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਰਕਾਰ ਵੱਲੋਂ ਲੋਕ ਭਲਾਈ ਹਿੱਤ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਜਿਵੇਂ ਕਿ ਆਟਾ ਦਾਲ, ਵੱਖ-ਵੱਖ ਪੈਨਸ਼ਨਾਂ(ਬੁਢਾਪਾ, ਵਿਧਵਾ, ਆਸ਼ਰਿਤ, ਅੰਗਹੀਣ), ਅਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਉਜਵਲਾ ਸਕੀਮ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਮਗਨਰੇਗਾ, ਉਸਾਰੀ ਕਿਰਤੀ ਲਈ ਭਲਾਈ ਸਕੀਮ, ਸਕਿਲ ਡਿਵੈਲਪਮੈਂਟ, 60 ਸਾਲ ਤੋਂ ਵਧੇਰੇ ਉਮਰ ਦੀ ਔਰਤਾਂ ਲਈ ਮੁਫਤ ਬਸ ਪਾਸ ਸੇਵਾ, ਅਟਲ ਪੈਨਸ਼ਨ ਯੋਜਨਾ, ਜੀਵਨ ਜਯੋਤੀ ਬੀਮਾ ਯੋਜਨਾ, ਮੁਦਰਾ, ਸਟੈਂਡ-ਅਪ ਇੰਡੀਆ ਅਤੇ ਸੁਕੰਨਿਆ ਸਮਰਿਧੀ ਆਦਿ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਬਲਬੀਰ ਰਾਜ ਸਿੰਘ, ਐਸ.ਡੀ.ਐਮ. ਅਬੋਹਰ ਮਿਸ ਪੂਨਮ ਸਿੰਘ, ਐਸ.ਡੀ.ਐਮ. ਜਲਾਲਾਬਾਦ ਸ. ਪ੍ਰਿਥੀ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਅਰੁਨ ਜਿੰਦਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ ਮੁਕੇਸ਼ ਗੌਤਮ, ਜ਼ਿਲ੍ਹਾ ਭਲਾਈ ਅਫਸਰ ਸ. ਬਰਿੰਦਰ ਸਿੰਘ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀਮਤੀ ਗੀਤੂ ਬਿਸ਼ੰਬੂ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।