← ਪਿਛੇ ਪਰਤੋ
ਬਰਨਾਲਾ, 14 ਨਵੰਬਰ 2017: ਐੱਸ.ਡੀ.ਐਮ. ਬਰਨਾਲਾ ਸ਼੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਸ਼ਹਿਰ ਦੇ ਆਲੇ-ਦੁਆਲੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਕਿਸਾਨਾਂ ਦੇ ਖਿਲਾਫ ਕਾਰਵਾਈ ਕਰਦਿਆਂ ਅੱਜ ਦੋ ਐੱਫ.ਆਈ.ਆਰ ਅਤੇ 35 ਚਾਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਧਿਆਨ ਵਿੱਚ ਆਉਣ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕਦਮ ਹਰਕਤ ਵਿੱਚ ਆਉਂਦਿਆਂ ਅੱਗ ਲਗਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਖੇਤਾਂ ਵਿੱਚ ਝੋਨੇ ਦੇ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਣ ਹੋਣ ਦੇ ਨਾਲ-ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਜ਼ਮੀਨ ਦੀ ਉਪਰਲੀ ਸਤਾ ਅੱਗ ਨਾਲ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਝੋਨੇ ਦੀ ਪਰਾਲੀ ਸਾੜਨ 'ਤੇ ਪੂਰਣ ਪਾਬੰਦੀ ਲਗਾਈ ਗਈ ਹੈ ਅਤੇ ਉਲੰਘਣਾ ਕਰਨ ਵਾਲੇ ਕਿਸਾਨਾਂ ਨੂੰ 1-2 ਏਕੜ ਲਈ 2,500 ਰੁਪਏ, 2 ਤੋਂ 5 ਏਕੜ ਲਈ 5000 ਰੁਪਏ ਅਤੇ 5 ਏਕੜ ਤੋਂ ਜਿਆਦਾ ਰਕਬੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ 15 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ।
Total Responses : 942