ਜਗਦੀਸ਼ ਥਿੰਦ
ਫਾਜ਼ਿਲਕਾ 10 ਦਸੰਬਰ 2017 :
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਆਮ ਲੋਕਾਂ ਨੂੰ ਸਮੇਂ ਸਿਰ ਜ਼ਮੀਨੀ ਰਿਕਾਰਡ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਫਰਦ ਕੇਂਦਰ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੇ ਹਨ। ਜ਼ਿਲ੍ਹੇ ਅੰਦਰ ਸਥਾਪਤ 6 ਫਰਦ ਕੇਂਦਰਾਂ ਤੋਂ ਜਨਵਰੀ 2017 ਤੋਂ ਲੈ ਕੇ ਨਵੰਬਰ 2017 ਤੱਕ 87 ਹਜ਼ਾਰ 546 ਬਿਨੈਕਾਰਾਂ ਨੂੰ ਜ਼ਮੀਨੀ ਰਿਕਾਰਡ ਦੀਆਂ ਤਸਦੀਕਸ਼ੁਦਾ ਨਕਲਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਨਕਲਾਂ ਤਹਿਤ ਬਿਨੈਕਾਰਾਂ ਨੂੰ 5 ਲੱਖ 84 ਹਜ਼ਾਰ 653 ਪੰਨੇ ਪਾਰਦਰਸ਼ੀ ਢੰਗ ਨਾਲ ਨਾ-ਮਾਤਰ ਫੀਸ 'ਤੇ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਜਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਇਨ੍ਹਾਂ ਫ਼ਰਦ ਕੇਂਦਰਾਂ ਤੋਂ ਤਸਦੀਕਸ਼ੁਦਾ ਨਕਲਾਂ ਹਾਸਲ ਕਰਨ ਵਿੱਚ ਕੇਵਲ 10 ਤੋਂ 15 ਮਿੰਟਾਂ ਦਾ ਸਮਾਂ ਹੀ ਲਗਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿੱਥੇ ਕੇਵਲ 20 ਰੁਪਏ ਪ੍ਰਤੀ ਪੰਨੇ ਦੇ ਹਿਸਾਬ ਨਾਲ ਫੀਸ ਅਦਾ ਕਰਕੇ ਜਮੀਨੀ ਰਿਕਾਰਡ ਦੀ ਨਕਲ ਪ੍ਰਾਪਤ ਹੋ ਜਾਂਦੀ ਹੈ ਉਥੇ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਦੀ ਵੀ ਬਚਤ ਹੁੰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ 360 ਪਿੰਡਾਂ ਦਾ ਜ਼ਮੀਨੀ ਰਿਕਾਰਡ ਆਨਲਾਈਨ ਕੀਤਾ ਜਾ ਚੁੱਕਾ ਹੈ।
> ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਨ੍ਹਾਂ ਫਰਦ ਕੇਂਦਰਾਂ ਰਾਹੀ ਜਿੱਥੇ ਜ਼ਮੀਨੀ ਰਿਕਾਰਡ ਦੀ ਤਸਦੀਕਸ਼ੁਦਾ ਨਕਲ ਲੋਕਾਂ ਨੂੰ ਅਸਾਨ ਢੰਗ ਨਾਲ ਮੁਹੱਈਆ ਕਰਵਾਈ ਜਾ ਰਹੀ ਹੈ ਉਥੇ ਹੀ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਫ਼ਰਦ ਕੇਂਦਰ ਫਾਜ਼ਿਲਕਾ ਵਿਖੇ ਜਨਵਰੀ 2017 ਤੋਂ ਲੈ ਕੇ ਨਵੰਬਰ 2017 ਤੱਕ 24547 ਬਿਨੈਕਾਰਾਂ ਨੂੰ 1 ਲੱਖ 45 ਹਜ਼ਾਰ 983 ਪੰਨੇ, ਅਬੋਹਰ ਵਿਖੇ 17584 ਲੋਕਾਂ ਨੂੰ 1 ਲੱਖ 31 ਹਜ਼ਾਰ 971 ਪੰਨੇ ਅਤੇ ਜਲਾਲਾਬਾਦ ਵਿਖੇ 20159 ਵਿਅਕਤੀਆਂ ਨੂੰ 1 ਲੱਖ 22 ਹਜ਼ਾਰ 297 ਨਕਲਾਂ ਮੁਹੱਈਆ ਕਰਵਾਈਆਂ ਗਈਆਂ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੀਤੋ ਗੁੰਨੋ ਵਿਖੇ 4951 ਬਿਨੈਕਾਰਾਂ ਨੂੰ 43 ਹਜ਼ਾਰ 213 ਨਕਲਾਂ ਦੇ ਪੰਨੇ, ਖੂਈਆਂ ਸਰਵਰ ਵਿਖੇ 7829 ਬਿਨੈਕਾਰਾਂ ਨੂੰ 61 ਹਜ਼ਾਰ 950 ਨਕਲਾਂ ਦੇ ਪੰਨੇ ਅਤੇ ਅਰਨੀ ਵਾਲਾ ਵਿਖੇ 12476 ਲੋਕਾਂ ਨੂੰ 79 ਹਜ਼ਾਰ 239 ਨਕਲਾਂ ਦੇ ਪੰਨੇ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਨਕਲਾਂ ਦੇ ਪੰਨਿਆਂ ਤੋਂ 30 ਨਵੰਬਰ 2017 ਤੱਕ 1 ਕਰੋੜ 16 ਲੱਖ 93 ਹਜ਼ਾਰ 60 ਰੁਪਏ ਦੀ ਸਰਕਾਰ ਨੂੰ ਆਮਦਨ ਹੋ ਚੁੱਕੀ ਹੈ।
> ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਫ਼ਰਦ ਕੇਂਦਰਾਂ ਵਿਖੇ ਜਿੱਥੇ ਲੋਕਾਂ ਦਾ ਕੀਮਤੀ ਸਮਾਂ ਬਰਬਾਦ ਨਹੀਂ ਹੁੰਦਾ, ਉੱਥੇ ਹੀ ਪਾਰਦਰਸ਼ੀ ਢੰਗ ਨਾਲ ਲੋਕਾਂ ਦੇ ਜ਼ਮੀਨੀ ਰਿਕਾਰਡ ਦੀ ਕਾਪੀ ਹਾਸਲ ਹੋ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਵੈਬਸਾਈਟ www.plrs.org.in 'ਤੇ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਦਾ ਰਿਕਾਰਡ ਆਨਲਾਈਨ ਵੇਖ ਸਕਦਾ ਹੈ ਅਤੇ ਇਸ ਦਾ ਪ੍ਰਿੰਟ ਆਊਟ ਵੀ ਪ੍ਰਾਪਤ ਕਰ ਸਕਦਾ ਹੈ।