ਕਟਾਣਾ ਸਾਹਿਬ/ਦੋਰਾਹਾ, 12 ਦਸੰਬਰ, 2017
ਸ਼ੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਿੱਚ ਪਿਛਲੇ ਸਮੇਂ ਵਿੱਚ ਹੋਈਆਂ ਵਿਵਾਦਪੂਰਨ ਨਿਯੁਕਤੀਆਂ ਦੀ ਪੜਤਾਲ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ, ਕਟਾਣਾ ਸਾਹਿਬ (ਲੁਧਿਆਣਾ) ਵਿਖੇ ਹੋਈ ਇਕੱਤਰਤਾ ਵਿਚ ਿੲਹ ਫੈਸਲਾ ਲਿਆ ਗਿਆ । ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼ੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਵਿਚ ਪਿਛਲੇ ਸਮੇਂ ਦੌਰਾਨ ਵਿਵਾਦਾਂ ਵਿਚ ਆਈਆਂ ਨਵੀਆਂ ਨਿਯੁਕਤੀਆਂ ਅਤੇ ਤਰੱਕੀਆਂ ਸਬੰਧੀ ਪੜਤਾਲ ਕਰਵਾਈ ਜਾਵੇਗੀ ਅਤੇ ਇਸ ਲਈ ਅੰਤ੍ਰਿੰਗ ਕਮੇਟੀ ਵੱਲੋਂ ਇਕ ਸਬ-ਕਮੇਟੀ ਗਠਿਤ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ, ਟਰੱਸਟਾਂ ਅਤੇ ਵਿਦਿਅਕ ਅਦਾਰਿਆਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਰਹਿਤ ਮਰਿਯਾਦਾ ਦੀ ਉਲੰਘਣਾ ਕਰਨ, ਨਸ਼ਿਆਂ ਦੀ ਵਰਤੋਂ ਅਤੇ ਆਚਰਣਹੀਣਤਾ ਵਰਗੇ ਇਲਜ਼ਾਮ ਸਾਹਮਣੇ ਆਉਣ 'ਤੇ ਸੇਵਾ ਤੋਂ ਮੁਅੱਤਲ ਕਰਨ ਦੀ ਬਜਾਏ ਸਿੱਧਾ ਫਾਰਗ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਅਜਿਹੇ ਕਿਸੇ ਵੀ ਦੋਸ਼ੀ ਮੁਲਾਜ਼ਮ ਨੂੰ ਦੁਬਾਰਾ ਸਰਵਿਸ ਵਿਚ ਨਹੀਂ ਲਿਆ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਅੰਦਰ ਅਨੁਸ਼ਾਸ਼ਨ ਬਣਾਈ ਰੱਖਣ ਲਈ ਬਾਇਓਮੈਟ੍ਰਿਕ ਹਾਜ਼ਰੀ ਤਕਨੀਕ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ।
ਿੲਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀਆਂ ਸਰਗਰਮੀਆਂ ਅਤੇ ਧਰਮ ਪ੍ਰਚਾਰ ਦੇ ਨਾਲ-ਨਾਲ ਵਿਦਿਅਕ ਅਤੇ ਸਿੱਖ ਸੱਭਿਆਚਾਰ ਨੂੰ ਦਰਸਾਉਂਦੇ ਕਾਰਜਾਂ ਨੂੰ ਸੋਸ਼ਲ ਮੀਡੀਆ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਇਕ ਵੱਖਰਾ ਵਿੰਗ ਸਥਾਪਤ ਕਰਨ ਅਤੇ ਇਸ ਕਾਰਜ ਲਈ ਤਕਨੀਕੀ ਮਾਹਿਰਾਂ ਦੀਆਂ ਸੇਵਾਵਾਂ ਲੈਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਅੰਤ੍ਰਿੰਗ ਕਮੇਟੀ ਨੇ ਸਿੱਖ ਨੌਜੁਆਵਾਂ ਆਈ.ਏ.ਐਸ. ਅਤੇ ਆਈ.ਪੀ.ਐਸ. ਦੀ ਉੱਚ ਪੱਧਰੀ ਕੋਚਿੰਗ ਦੇਣ ਲਈ ਅਕੈਡਮੀ ਖੋਲ੍ਹਣ ਦਾ ਫ਼ੈਸਲਾ ਵੀ ਕੀਤਾ।
ਉਨ੍ਹਾਂ ਦੱਸਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਖ਼ਾਲਸਾਈ ਪ੍ਰੰਪਰਾਵਾਂ ਅਤੇ ਰਵਾਇਤਾਂ ਅਨੁਸਾਰ ਕੌਮਾਂਤਰੀ ਪੱਧਰ 'ਤੇ ਮਨਾਉਣ ਲਈ ਵਿਚਾਰ-ਵਿਟਾਦਰੇ ਉਪਰੰਤ ਕੇਂਦਰੀ ਅਤੇ ਰਾਜ ਪੱਧਰੀ ਕਮੇਟੀਆਂ ਗਠਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਹ ਕਮੇਟੀਆਂ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਅਤੇ ਗੁ: ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਅਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰਨਗੀਆਂ। ਉਨ੍ਹਾਂ ਦੱਸਿਆ ਕਿ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 22 ਦਸੰਬਰ ਨੂੰ ਗੁਰਬਾਣੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ ਅਤੇ ਇਹ ਹਰ ਸਾਲ ਮਨਾਇਆ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਲਈ ਫ਼੍ਰੀ ਬੱਸ ਸੇਵਾ ਦੀ ਸਹੂਲਤ ਆਰੰਭ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਿੱਖ ਕੇਂਦਰੀ ਅਜਾਇਬ ਘਰ ਵਿਚ ਬਾਬਾ ਹਜ਼ਾਰਾ ਸਿੰਘ ਅੱਲ੍ਹਾਦੀਨਪੁਰ, ਮਲਾਹ ਕੁੰਮਾ ਮਾਸ਼ਕੀ, ਗਿਆਨੀ ਬਾਦਲ ਸਿੰਘ ਪ੍ਰਚਾਰਕ, ਅੱਲ੍ਹਾ ਯਾਰ ਖਾਂ ਜੋਗੀ, ਭਾਈ ਗਨੀ ਖਾਂ ਤੇ ਭਾਈ ਨਬੀ ਖਾਂ, ਭਾਈ ਹਰੀ ਸਿੰਘ ਸ਼੍ਰੋਮਣੀ ਰਾਗੀ ਦੀਆਂ ਤਸਵੀਰਾਂ ਲਗਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।