ਵਾਰਡ ਨੰ. 20 ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਾਰਟੀ ਛੱਡ ਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਲ ਹੁੰਦੇ ਹੋਏ
ਜੀ ਐੱਸ ਪੰਨੂੰ
ਪਟਿਆਲਾ, 12 ਦਸੰਬਰ 2017
ਸ਼ਾਹੀ ਸ਼ਹਿਰ ਪਟਿਆਲਾ ਦੀਆਂ ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਵਾਰਡ ਨੰ. 20 ਤੋਂ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਆਪ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ, ਜਿਸ ਕਰਕੇ ਇਸ ਵਾਰਡ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਰਿੰਦਰ ਸਿੰਘ ਬਿੱਟੂ ਛੀਨਾ ਦੀ ਸਥਿਤੀ ਬੇਹੱਦ ਮਜਬੂਤ ਹੋ ਗਈ ਹੈ। ਇਸ ਦੌਰਾਨ ਤਰਨਜੀਤ ਸਿੰਘ ਦੇ ਨਾਲ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਵੀ ਕਾਂਗਰਸ ਵਿਚ ਸ਼ਾਮਲ ਹੋ ਗਏ।
ਵਲੰਟੀਅਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਨਿਵਾਸ ਸਥਾਨ 'ਤੇ ਪਹੁੰਚੇ, ਜਿਥੇ ਬ੍ਰਹਮ ਮਹਿੰਦਰਾ ਨੇ ਉਨਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਸੰਤ ਬਾਂਗਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਜਿਨਾਂ ਲੋਕਾਂ ਨੂੰ ਪਟਿਆਲਾ ਸ਼ਹਿਰ ਦੇ ਵਿਕਾਸ ਦੀ ਚਿੰਤਾ ਹੈ, ਉਹ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਾਂਗਰਸ ਦੀ ਮਦਦ ਕਰ ਰਹੇ ਹਨ। ਪਹਿਲੇ ਛੇ ਮਹੀਨਿਆਂ ਵਿਚ ਹੀ ਮੁੱਖ ਮੰਤਰੀ ਨੇ 1 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟ ਪਟਿਆਲਾ ਨੂੰ ਦੇ ਦਿੱਤੇ ਹਨ ਜਦੋਂ ਕਿ ਪੰਜ ਸਾਲਾਂ ਵਿਚ ਪਟਿਆਲਾ ਸ਼ਹਿਰ 'ਤੇ 5 ਹਜ਼ਾਰ ਕਰੋੜ ਰੁਪਿਆ ਖਰਚ ਕੀਤਾ ਜਾਵੇਗਾ।