ਰਾਜਪੁਰਾ , 13 ਜਨਵਰੀ 2018 (ਦੀਦਾਰ ਗੁਰਨਾ )- ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੁਆਰਾ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਸਰਕਾਰ ਦੁਆਰਾ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਸਰਕਾਰ ਵਲੋਂ ਪਹਿਲੇ ਪੜਾਅ ਜੋ ਕਿਸਾਨਾਂ ਦਾ ਕਰਜ਼ਾ ਮਾਫ਼ ਕੀਤਾ ਗਿਆ ਹੈ ਉਹ ਕਾਂਗਰਸ ਸਰਕਾਰ ਦੀ ਲੋਕ ਹਿਤੈਸ਼ੀ ਹੋਣ ਦਾ ਸਭ ਤੋਂ ਵੱਡਾ ਸਬੂਤ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਰਾਜਪੁਰਾ ਤੋਂ ਐਮ ,ਐਲ ,ਏ ਹਰਦਿਆਲ ਸਿੰਘ ਕੰਬੋਜ਼ ਨੇ ਰਾਜਪੁਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਦੁਆਰਾ ਸੂਬੇ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਲੋਕਾਂ ਨੂੰ ਪੈਨਸ਼ਨ ਸਕੀਮ, ਬੁਢਾਪਾ ਪੈਨਸ਼ਨ ਸਕੀਮ, ਸ਼ਗਨ ਸਕੀਮ, ਕੱਚੇ ਮਕਾਨਾਂ ਨੂੰ ਪੱਕੇ ਕਰਨ ਦੇ ਨਾਲ-ਨਾਲ ਸਿਹਤ ਭਲਾਈ ਸਕੀਮਾਂ ਦੇ ਲਾਭ ਦਿੱਤੇ ਜਾ ਰਹੇ ਹਨ । ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੀ ਸੂਬੇ ਦੇ ਲੋਕਾਂ ਦੇ ਦਰਦ ਨੂੰ ਸਮਝਿਆ ਹੈ, ਜਿਸ ਦੇ ਤਹਿਤ ਉਨ੍ਹਾਂ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਨਾਲ-ਨਾਲ ਭ੍ਰਿਸ਼ਟਾਚਾਰ ਮੁਕਤ ਵੀ ਕੀਤਾ ਜਾ ਰਿਹਾ ਹੈ । ਕੇਂਦਰ ਦੀ ਭਾਜਪਾ ਸਰਕਾਰ ਬਾਰੇ ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਲੋਕ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਰਾਰੀ ਮਾਤ ਦੇਣਗੇ ਤੇ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿਚ ਲਿਆਉਣਗੇ।