ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 28 ਮਈ ਨੂੰ
ਨਾਮਜ਼ਦਗੀਆਂ 3 ਮਈ ਤੋਂ
ਚੰਡੀਗੜ੍ਹ, 26 ਅਪ੍ਰੈਲ:
ਭਾਰਤੀ ਚੋਣ ਕਮਿਸ਼ਨ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫਸਰ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਜ਼ਿਮਨੀ ਚੋਣ ਸਬੰਧੀ ਨੋਟੀਫਿਕੇਸ਼ਨ ਮਿਤੀ 3 ਮਈ, 2018 ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਅੰਤਿਮ ਮਿਤੀ 10 ਮਈ, 2018 ਨਿਰਧਾਰਿਤ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਮਿਤੀ 11 ਮਈ, 2018 ਨੂੰ ਕੀਤੀ ਜਾਵੇਗੀ, ਜਦੋਂ ਕਿ ਕਾਗਜ਼ ਵਾਪਸ ਲੈਣ ਦੀ ਅੰਤਿਮ ਮਿਤੀ 14 ਮਈ, 2018 ਮਿੱਥੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਮਿਤੀ 28 ਮਈ, 2018 ਦਿਨ ਸੋਮਵਾਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜੇ ਦਾ ਐਲਾਨ 31 ਮਈ, 2018 ਨੂੰ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਵਿੱਚ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।