ਮੀਡੀਆ ਨਾਲ ਪਹਿਲੀ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਮਨਪ੍ਰੀਤ ਸਿੰਘ
ਜਗਦੀਸ਼ ਥਿੰਦ
ਫਾਜ਼ਿਲਕਾ 23 ਜੁਲਾਈ
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਹਿੱਤ ਚਲਾਈਆਂ ਜਾ ਰਹੀਆਂ ਸਮੂਹ ਯੋਜਨਾਵਾਂ ਤੇ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਲਾਹਾ ਪਹੁੰਚਾਉਣਾ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਵੇਗਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣਾ ਡਿਪਟੀ ਕਮਿਸ਼ਨਰ ਵੱਜੋਂ ਅਹੁੱਦਾ ਸੰਭਾਲਣ ਉਪਰੰਤ ਮੀਡੀਆ ਨਾਲ ਕੀਤੀ ਗਈ ਪਲੇਠੀ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਂਵਾਂ ਨੂੰ ਪੂਰੀ ਕਾਮਯਾਬੀ ਨਾਲ ਸਿਰੇ ਚੜ੍ਹਾਇਆ ਜਾਵੇਗਾ ਤੇ ਕਿਸੇ ਵੀ ਯੋਗ ਲਾਭਪਾਤਰੀ ਨੂੰ ਲਾਹਾ ਲੈਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਕਰਮੀਆਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਦਾ ਸਰਵੇ ਮੁਕੰਮਲ ਹੋ ਚੁੱਕਾ ਹੈ। ਇਸ ਤਹਿਤ ਪ੍ਰਤੀ ਪਿੰਡ 10-10 ਬੇਰੋਜ਼ਗਾਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜ਼ਿਲ੍ਹੇ ਦੇ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਘਾਟ ਨੂੰ ਜਲਦ ਪੂਰਾ ਅਤੇ ਸਾਫ-ਸਫਾਈ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਸੂਬਾ ਸਰਕਾਰ ਦੀ ਵਿਲੱਖਣ ਸਰਬਤ ਵਿਕਾਸ ਯੋਜਨਾ ਦੀ ਗੱਲ ਕਰਦਿਆਂ ਕਿਹਾ ਕਿ ਤਹਿਤ ਸਰਕਾਰੀ ਯੋਜਨਾਵਾਂ ਦਾ ਹਰ ਯੋਗ ਲਾਭਪਾਤਰੀ ਨੂੰ ਲਾਹਾ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਰਕਾਰ ਦੀ ਤੰਦਰੁਸਤ ਪੰਜਾਬ ਮਿਸ਼ਨ ਦੀ ਨਿਵੇਕਲੀ ਪਹਿਲਕਦਮੀ ਬਾਰੇ ਦੱਸਦਿਆਂ ਕਿਹਾ ਕਿ ਇਸ ਤਹਿਤ ਸ਼ਰੀਰਿਕ ਤੇ ਮਾਨਸਿਕ ਤੌਰ 'ਤੇ ਹਰ ਨਾਗਰਿਕ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਹਰ ਵਿਭਾਗ ਵੱਲੋਂ ਇਸ ਮਿਸ਼ਨ ਤਹਿਤ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਸਰਕਾਰ ਦੀ ਨਸ਼ਾ ਰੋਕੂ ਮੁਹਿੰਮ ਤਹਿਤ ਕੀਤੇ ਜਾ ਰਹੇ ਕਾਰਜਾਂ ਸਬੰਧੀ ਕਿਹਾ ਕਿ ਇਸ ਦਾ ਲੋਕਾਂ ਵਿੱਚ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਆਮ ਲੋਕ ਜੋ ਕਦੇ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਨਸ਼ੇ ਦਾ ਆਦੀ ਹੋਣ ਤੋਂ ਦੱਸਣ ਲਈ ਘਬਰਾਉਂਦੇ ਸਨ ਹੁਣ ਉਹ ਪਰਿਵਾਰ ਆਪਣੇ ਨਸ਼ੇੜੀ ਪਰਿਵਾਰਕ ਮੈਂਬਰਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਕਰਵਾਉਣ ਲਈ ਲਿਆਉਣ ਲੱਗੇ ਹਨ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।