ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਐਸ. ਡੀ. ਐਮ ਕਪੂਰਥਲਾ ਡਾ. ਨਯਨ ਭੁੱਲਰ
ਐਸ. ਡੀ. ਐਮ ਨੇ ਕੋਆਰਡੀਨੇਟਰਾਂ ਅਤੇ ਨੋਡਲ ਅਫ਼ਸਰਾਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
ਕਪੂਰਥਲਾ, 11 ਅਕਤੂਬਰ ( ਅਮ੍ਰਿਤਪਾਲ ਬਰਾੜ)
ਪਰਾਲੀ ਨੂੰ ਅੱਗ ਲਗਾਉਣ ਦੇ ਖ਼ਤਰਨਾਕ ਰੁਝਾਨ ਨੂੰ ਰੋਕਣ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਤਹਿਤ ਸਾਰੇ ਪਿੰਡਾਂ ਵਿਚ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਹ ਪ੍ਰਗਟਾਵਾ ਅੱਜ ਐਸ. ਡੀ. ਐਮ ਕਪੂਰਥਲਾ ਡਾ. ਨਯਨ ਭੁੱਲਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਨਿਯੁਕਤ ਕੀਤੇ ਗਏ ਕੋਆਰਡੀਨੇਟਰਾਂ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ-ਕਮ-ਟ੍ਰੇਨਿੰਗ ਪ੍ਰੋਗਰਾਮ ਮੌਕੇ ਕੀਤਾ।
ਉਨਾਂ ਦੱਸਿਆ ਕਿ ਇਸ ਸਬੰਧੀ ਕਾਰਵਾਈ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਕਿਸਾਨ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨਾ ਕਿਹਾ ਕਿ ਜੇਕਰ ਅਜਿਹਾ ਕੋਈ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਇਹ ਟੀਮ ਤੁਰੰਤ ਮੌਕੇ 'ਤੇ ਜਾ ਕੇ ਕਿਸਾਨਾਂ ਨੂੰ ਅਜਿਹਾ ਕਰਨ ਤੋਂ ਰੋਕਣ ਦੇ ਉਪਰਾਲੇ ਕਰੇਗੀ।
ਉਨਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਕਿਸਾਨ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤਾਂ ਜੋ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਉਨਾਂ ਦੱਸਿਆ ਕਿ ਇਸ ਟੀਮ ਵਿਚ ਸਬੰਧਤ ਤਹਿਸੀਲਦਾਰ/ਨਾਇਬ ਤਹਿਸੀਲਦਾਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਕਪੂਰਥਲਾ, ਸਬੰਧਤ ਐਸ. ਐਚ. ਓ, ਖੇਤੀਬਾੜੀ ਅਫ਼ਸਰ, ਐਸ. ਡੀ. ਓ ਪ੍ਰਦੂਸ਼ਣ ਕੰਟਰੋਲ ਬੋਰਡ, ਸਬੰਧਤ ਕੋਆਰਡੀਨੇਟਰ ਅਤੇ ਸਬੰਧਤ ਪਿੰਡ ਦਾ ਨੋਡਲ ਅਫ਼ਸਰ ਸ਼ਾਮਿਲ ਹਨ। ਉਨਾ ਕਿਹਾ ਕਿ ਇਹ ਟੀਮ ਕੀਤੀ ਗਈ ਕਾਰਵਾਈ ਬਾਰੇ ਉਨਾਂ ਨੂੰ ਸੂਚਿਤ ਕਰੇਗੀ।
ਉਨਾਂ ਸਾਰੇ ਕੋਆਰਡੀਨੇਟਰਾਂ ਅਤੇ ਨੋਡਲ ਅਫ਼ਸਰਾਂ ਨੂੰ ਕਿਹਾ ਕਿ ਉਹ ਆਪਣਾ ਕੰਮ ਪੂਰੀ ਜਿੰਮੇਵਾਰੀ ਨਾਲ ਕਰਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਮੁਕੰਮਲ ਤੌਰ 'ਤੇ ਠੱਲ ਪਾਈ ਜਾ ਸਕੇ।