ਜਗਦੀਸ਼ ਥਿੰਦ
ਫਾਜ਼ਿਲਕਾ 12 ਨਵੰਬਰ
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਇਥੇ ਸਰਕਾਰੀ ਆਈ.ਟੀ.ਆਈ ਵਿਖੇ ਲਗਾਏ ਗਏ ਰੁਜ਼ਗਾਰ ਮੇਲੇ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੇਰੋਜ਼ਗਾਰਾਂ ਨੌਜ਼ਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। 22 ਨਵੰਬਰ ਤੱਕ ਚੱਲਣ ਵਾਲੇ ਇਸ ਰੋਜ਼ਗਾਰ ਮੇਲੇ ਦੌਰਾਨ ਵੱਖ-ਵੱਖ ਕੰਪਨੀਆਂ ਵੱਲੋਂ ਸ਼ਿਰਕਤ ਕਰਕੇ ਜ਼ਿਲ੍ਹੇ ਦੇ ਤਕਨੀਕੀ ਸਿੱਖਿਆ ਹਾਸਲ ਕਰ ਚੁੱਕੇ ਬੇਰੋਜ਼ਗਾਰ ਨੌਜ਼ਵਾਨਾਂ ਦੀ ਯੋਗਤਾ ਅਨੁਸਾਰ ਚੌਣ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।
ਇਸ ਮੌਕੇ ਵਿਧਾਇਕ ਸ. ਦਵਿੰਦਰ ਘੁਬਾਇਆ ਨੇ ਕਿਹਾ ਕਿ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਮੇਲੇ ਲਗਾ ਕੇ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਤਕਨੀਕੀ ਸਿਖਿਆ ਹਾਸਲ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਸਰਕਾਰ ਵੱਲੋਂ ਅਜਿਹੇ ਸਿਖਿਆਰਥੀਆਂ ਨੂੰ ਵੱਖ-ਵੱਖ ਬੈਂਕਾਂ ਰਾਹੀਂ ਲੋਨ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਸਿਖਿਆਰਥੀ ਆਪਣਾ ਸਵੈ-ਰੋਜ਼ਗਾਰ ਚਲਾ ਕੇ ਆਪਣੇ ਪੈਰ੍ਹਾਂ 'ਤੇ ਖੜ੍ਹੇ ਹੋ ਸਕਣ।
ਲਗਾਤਾਰ 11 ਦਿਨ ਚੱਲਣ ਵਾਲੇ ਇਸ ਰੋਜ਼ਗਾਰ ਮੇਲੇ ਵਿੱਚ ਆਈ.ਟੀ.ਆਈ. ਤੋਂ ਵੱਖ-ਵੱਖ ਤਕਨੀਕੀ ਕੋਰਸ ਪਾਸ ਸਿਖਿਆਰਥੀਆਂ ਤੋਂ ਇਲਾਵਾ ਸਰਕਾਰ ਵੱਲੋਂ ਚਲਾਏ ਜਾ ਰਹੇ ਸਕਿਲ ਸੈਂਟਰਾਂ ਤੋਂ ਤਕਨੀਕੀ ਸਿਖਿਆ ਹਾਸਲ ਕਰ ਚੁੱਕੇ ਸਿਖਿਆਰਥੀਆਂ ਵੱਲੋਂ ਬੜੇ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਡਾ. ਰੁਪਿੰਦਰਪਾਲ ਸਿੰਘ, ਸਹਾਇਕ ਕਮਿਸ਼ਨਰ(ਜ) ਸ੍ਰੀ ਓਮ ਪ੍ਰਕਾਸ਼, ਆਈ.ਟੀ.ਆਈ ਦੇ ਸਟਾਫ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦੇ ਤੇ ਬੇਰੋਜ਼ਗਾਰ ਨੌਜਵਾਨ ਹਾਜ਼ਰ ਸਨ।