ਅਧਿਕਾਰੀਆਂ ਦੀ ਬੈਠਕ ਲੈਂਦੇ ਹੋਏ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ
ਜਗਦੀਸ਼ ਥਿੰਦ
ਫਾਜ਼ਿਲਕਾ 20 ਨਵੰਬਰ
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਵੱਲੋਂ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਇਥੇ ਲਗਾਏ ਜਾ ਰਹੇ ਰੋਜ਼ਗਾਰ ਮੇਲੇ ਲੜੀ ਤਹਿਤ ਹੁਣ ਤੱਕ ਦੀ ਕਾਰਗੁਜਾਰੀ ਦਾ ਲੇਖਾ-ਜੋਖਾ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ 10 ਰੋਜ਼ਾ ਮੇਲੇ ਦੇ ਆਖਰੀ ਦਿਨ 22 ਨਵੰਬਰ ਨੂੰ ਵੱਖ-ਵੱਖ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਤੋਂ ਇਲਾਵਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਐਸ.ਆਈ.ਐਸ. ਕੰਪਨੀ ਵੱਲੋਂ ਸ਼ਿਰਕਤ ਕਰਕੇ ਬੇਰੋਜ਼ਗਾਰ ਨੌਜ਼ਵਾਨਾਂ ਦੀ ਸਿਕਿਓਰਟੀ ਗਾਰਡ ਲਈ ਚੋਣ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦੇ ਲੋੜੀਂਦੇ ਆਦੇਸ਼ ਵੀ ਦਿੱਤੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਆਦੇਸ਼ ਦਿੱਤੇ ਕਿ ਪਾਸ ਆਉਟ ਵਿਦਿਆਰਥੀਆਂ ਨੂੰ ਇਸ ਮੇਲੇ ਵਿੱਚ ਭਾਗ ਲੈਣ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਬੇਰੁਜ਼ਗਾਰ ਨੌਜਵਾਨ ਇਸ ਮੇਲੇ ਵਿੱਚ ਸਿਰਕਤ ਕਰਕੇ ਇਸ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ।
ਡਿਪਟੀ ਕਮਿਸ਼ਨਰ ਨੇ ਤਕਨੀਕੀ ਅਤੇ ਹੋਰ ਵਿਦਿਅਕ ਯੋਗਤਾ ਰੱਖਣ ਵਾਲੇ ਨੌਜਵਾਨਾਂ ਨੂੰ ਇਸ ਮੇਲੇ ਵਿੱਚ ਭਾਗ ਲੈਣ ਅਤੇ ਰੁਜ਼ਗਾਰ ਦੀ ਤਲਾਸ਼ ਨੂੰ ਪੂਰਾ ਕਰਨ ਲਈ ਆਪਣੇ ਦਸਤਾਵੇਜਾਂ ਸਮੇਤ ਸਥਾਨਕ ਸਰਕਾਰੀ ਆਈ.ਟੀ.ਆਈ ਪਹੁੰਚਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਮੇਲਾ ਸਵੇਰੇ 9.00 ਵਜੇ ਤੋਂ ਸ਼ੁਰੂ ਹੋਵੇਗਾ। ਇਸ ਮੇਲੇ ਦੌਰਾਨ ਵੱਖ-ਵੱਖ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਦੇ ਮੁਖੀ ਤੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਣਗੇ। ਇਸ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਦੀ ਯੋਗਤਾ ਅਨੁਸਾਰ ਨੌਕਰੀ ਲਈ ਚੋਣ ਕੀਤੀ ਜਾਵੇਗੀ।
ਇਸ ਮੌਕੇ ਸਹਾਇਕ ਕਮਿਸ਼ਨਰ(ਜ) ਸ੍ਰੀ ਓਮ ਪ੍ਰਕਾਸ, ਜ਼ਿਲ੍ਹਾ ਸਿੱਖਿਆ ਅਫਸਰ ਸ. ਕੁਲਵੰਤ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਸ. ਪੰਮੀ ਸਿੰਘ ਤੋਂ ਇਲਾਵਾਂ ਜ਼ਿਲ੍ਹੇ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਮੁਖੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।