ਜਗਦੀਸ਼ ਥਿੰਦ
ਫਾਜ਼ਿਲਕਾ 13 ਦਸੰਬਰ
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ 15 ਦਸੰਬਰ ਤੋਂ ਭਰੇ ਜਾਣਗੇ। ਨਾਮਜ਼ਦਗੀ ਪੱਤਰ ਭਰਨ ਦੀ ਆਖਰੀ ਮਿਤੀ 19 ਦਸੰਬਰ ਹੋਵੇਗੀ। ਕਾਗਜ਼ਾਂ ਦੀ ਪੜਤਾਲ 20 ਦਸੰਬਰ ਨੂੰ ਕੀਤੀ ਜਾਵੇਗੀ ਅਤੇ 21 ਦਸੰਬਰ ਨੂੰ ਚੋਣ ਨਾ ਲੜਨ ਦੇ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ। ਇਸ ਉਪਰੰਤ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। 30 ਦਸੰਬਰ ਨੂੰ ਵੋਟਾਂ ਪੈਣਗੀਆਂ ਤੇ ਇਸੇ ਦਿਨ ਨਤੀਜੇ ਵੀ ਐਲਾਨੇ ਜਾਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ(ਵਿ) ਸ੍ਰੀ ਸਤੀਸ਼ ਚੰਦਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 434 ਪੰਚਾਇਤਾਂ ਲਈ ਚੋਣਾਂ ਹੋਣਗੀਆਂ। ਇਸ ਲਈ 689 ਪੋਲਿੰਗ ਬੂਥ ਬਣਾਏ ਗਏ ਹਨ। ਇਸ ਤੋਂ ਇਲਾਵਾ 2992 ਮੈਂਬਰਾਂ ਲਈ ਵਾਰਡ ਰਾਖਵੇਂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਚਾਇਤੀ ਚੋਣਾਂ ਬੈਲੇਟ ਪੇਪਰ ਰਾਹੀਂ ਹੋਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਾਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪੈਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਬਲਾਕਾਂ(ਫਾਜ਼ਿਲਕਾ, ਅਬੋਹਰ, ਜਲਾਲਾਬਾਦ, ਖੂਈਆਂ ਸਰਵਰ ਤੇ ਅਰਨੀਵਾਲਾ) ਦੇ ਨਾਮਜ਼ਦਗੀ ਪੱਤਰ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਕੋਲੋਂ ਭਰੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 522101 ਵੋਟਰ ਹਨ ਜਿਸ ਵਿੱਚ 248387 ਇਸਤਰੀ ਵੋਟਰਾਂ ਤੇ 273714 ਪੁਰਸ਼ ਵੋਟਰਾਂ ਵੱਲੋਂ ਆਪਣੇ ਵੋਟ ਦਾ ਅਧਿਕਾਰ ਕੀਤਾ ਜਾਵੇਗਾ।