ਜਾਣਕਾਰੀ ਜਾਰੀ ਕਰਨ ਮੌਕੇ ਮਨਪ੍ਰੀਤ ਸਿੰਘ ਛੱਤਵਾਲ ਡਿਪਟੀ ਕਮਿਸ਼ਨਰ ਫਾਜ਼ਿਲਕਾ
ਜਗਦੀਸ਼ ਥਿੰਦ
ਫ਼ਾਜ਼ਿਲਕਾ, 23 ਅਪ੍ਰੈਲ-
ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਖਰੀਦ ਆਰੰਭ ਹੋ ਚੁੱਕੀ ਹੈ। ਹੁਣ ਤੱਕ ਮੰਡੀਆਂ 'ਚੋਂ 27678 ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਮੰਡੀਆਂ 'ਚ ਅੱਜ ਤੱਕ 43058 ਮੀਟ੍ਰਿਕ ਟਨ ਦੀ ਆਮਦ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਕਣਕ ਦੀ ਖਰੀਦ ਨਿਰਵਿਘਨ ਕਰਵਾਉਣ ਲਈ ਮੰਡੀਆਂ 'ਚ ਸਮੁੱਚੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਸਮੂਹ ਏਜੰਸੀਆਂ ਨੂੰ ਆਪਣੇ ਖਰੀਦ ਟੀਚੇ ਮੁਤਾਬਕ ਮੰਡੀਆਂ 'ਚ ਆਈ ਕਣਕ ਨੂੰ ਖਰੀਦਣ ਲਈ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 3948 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 8836 ਮੀਟ੍ਰਿਕ ਟਨ, ਪਨਸਪ ਵੱਲੋਂ 5380 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 2541 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 4641 ਮੀਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਵੱਲੋਂ 2332 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ 'ਚ ਖਰੀਦ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਮ 7 ਵਜੇ ਤੋਂ ਬਾਅਦ ਅਤੇ ਸਵੇਰੇ 8 ਵਜੇ ਤੋਂ ਪਹਿਲਾਂ ਕੰਬਾਈਨ ਰਾਹੀਂ ਵਾਢੀ ਨਾ ਕਰਨ ਕਿਉਂ ਜੋ ਅਜਿਹਾ ਕਰਨ ਨਾਲ ਕਣਕ 'ਚ ਨਮੀ ਦੀ ਮਾਤਰਾ ਵਧ ਜਾਂਦੀ ਹੈ। ਉਨ੍ਹਾਂ ਨੇ ਇਸ ਦੇ ਨਾਲ ਹੀ ਵਾਢੀ ਕਰਨ ਵਾਲੇ ਕਿਸਾਨਾਂ ਨੂੰ ਖੇਤ 'ਚ ਖੜ੍ਹੇ ਕਣਕ ਦੇ ਵੱਢ ਨੂੰ ਜਨਤਕ ਅਤੇ ਵਾਤਾਵਰਣ ਦੇ ਹਿੱਤ 'ਚ ਬਿਲਕੁਲ ਵੀ ਅੱਗ ਨਾ ਲਾਉਣ ਦੀ ਅਪੀਲ ਵੀ ਕੀਤੀ।