ਜਗਦੀਸ਼ ਥਿੰਦ
ਫ਼ਾਜ਼ਿਲਕਾ, 25 ਅਪ੍ਰੈਲ-
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਅੱਜ ਇਥੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੱਲ ਸ਼ਾਮ ਤੱਕ ਕੁੱਲ ਆਮਦ ਦੀ 70 ਫੀਸਦੀ ਕਣਕ ਖਰੀਦੀ ਗਈ ਜਦਕਿ ਖਰੀਦੀ ਗਈ ਕਣਕ 'ਚੋਂ 92.5 ਫੀਸਦੀ ਕਣਕ ਦੀ ਚੁਕਾਈ ਕਰ ਲਈ ਗਈ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ 'ਚ 103422 ਮੀਟ੍ਰਿਕ ਟਨ ਦੀ ਆਮਦ ਦਰਜ ਕੀਤੀ ਗਈ ਜਿਸ ਵਿੱਚੋਂ 70847 ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਕਣਕ ਦੀ ਖਰੀਦ ਨਿਰਵਿਘਨ ਕਰਵਾਉਣ ਲਈ ਮੰਡੀਆਂ 'ਚ ਸਮੁੱਚੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਸਮੂਹ ਏਜੰਸੀਆਂ ਨੂੰ ਆਪਣੇ ਖਰੀਦ ਟੀਚੇ ਮੁਤਾਬਕ ਮੰਡੀਆਂ 'ਚ ਆਈ ਕਣਕ ਨੂੰ ਖਰੀਦਣ ਲਈ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਚੁੱਕਣ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 15259 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 18968 ਮੀਟ੍ਰਿਕ ਟਨ, ਪਨਸਪ ਵੱਲੋਂ 12990 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 8047 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 8963 ਮੀਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਵੱਲੋਂ 6620 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਮ 7 ਵਜੇ ਤੋਂ ਬਾਅਦ ਅਤੇ ਸਵੇਰੇ 8 ਵਜੇ ਤੋਂ ਪਹਿਲਾਂ ਕੰਬਾਈਨ ਰਾਹੀਂ ਵਾਢੀ ਨਾ ਕਰਨ ਕਿਉਂ ਜੋ ਅਜਿਹਾ ਕਰਨ ਨਾਲ ਕਣਕ 'ਚ ਨਮੀ ਦੀ ਮਾਤਰਾ ਵਧ ਜਾਂਦੀ ਹੈ।