← ਪਿਛੇ ਪਰਤੋ
ਜਗਦੀਸ਼ ਥਿੰਦ ਫ਼ਾਜ਼ਿਲਕਾ, 11 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਬੀਤੇ ਕੱਲ ਕੀਤੀ ਗਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਗ਼ੈਰ ਹਾਜ਼ਰ ਰਹਿਣ ਵਾਲੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਅਰੁਣ ਜਿੰਦਲ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਉਕਤ ਅਧਿਕਾਰੀ ਦੇ ਮੀਟਿੰਗ ਵਿੱਚ ਹਾਜ਼ਰ ਨਾ ਹੋਣ 'ਤੇ ਸ. ਸਿੱਧੂ ਨੇ ਮੌਕੇ 'ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਫ਼ੋਨ ਕਰਕੇ ਗ਼ੈਰ ਹਾਜ਼ਰ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਸੀ। ਸ. ਬਲਬੀਰ ਸਿੰਘ ਸਿੱਧੂ ਨੇ ਬਾਜਵਾ ਨੂੰ ਲਿਖਤੀ ਨੋਟ ਵਿੱਚ ਕਿਹਾ ਸੀ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਉਨ੍ਹਾਂ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਕਰਨ ਲਈ 4 ਜੂਨ 2019 ਨੂੰ ਸੂਚਿਤ ਕੀਤਾ ਗਿਆ ਸੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਸਬੰਧੀ ਅਗਾਂਹ ਸਬੰਧਤ ਅਧਿਕਾਰੀਆਂ ਨੂੰ ਸੂਚਨਾ ਦੇ ਦਿੱਤੀ ਗਈ ਸੀ। ਉਨ੍ਹਾਂ ਲਿਖਿਆ ਹੈ ਕਿ ਮੀਟਿੰਗ ਸ਼ੁਰੂ ਹੋਣ 'ਤੇ ਲੋਕਾਂ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਜਵਾਬ ਦੇਣ ਲਈ ਡੀ.ਡੀ.ਪੀ.ਓ. ਮੌਕੇ 'ਤੇ ਹਾਜ਼ਰ ਨਹੀਂ ਸੀ। ਉਸ ਦੀ ਗ਼ੈਰ ਹਾਜ਼ਰੀ ਨੂੰ ਲੈ ਕੇ ਮੈਂਬਰਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਸੀ। ਉਨ੍ਹਾਂ ਲਿਖਿਆ ਹੈ ਕਿ ਡਿਪਟੀ ਕਮਿਸ਼ਨਰ ਨੇ ਵੀ ਇਸੇ ਦੌਰਾਨ ਅਧਿਕਾਰੀ ਨੂੰ ਮੀਟਿੰਗ ਵਿੱਚ ਹਾਜ਼ਰ ਹੋਣ ਲਈ ਕਿਹਾ ਪਰ ਇਸ ਦੇ ਬਾਵਜੂਦ ਉਹ ਹਾਜ਼ਰ ਨਾ ਹੋਇਆ। ਜੋ ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਘੋਰ ਉਲੰਘਣਾ ਹੈ। ਇਸ ਲਿਖਤੀ ਪੱਤਰ 'ਤੇ ਕਾਰਵਾਈ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਬਾਜਵਾ ਨੇ ਉਕਤ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ। ਮੁਅੱਤਲੀ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਾ ਮੁੱਖ ਦਫ਼ਤਰ ਮੋਹਾਲੀ ਵਿਖੇ ਬਣਾਇਆ ਗਿਆ ਹੈ।
Total Responses : 267