ਲੌਂਗੋਵਾਲ/ਸੰਗਰੂਰ, 20 ਅਗਸਤ 2019 - ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 34ਵੇਂ ਸ਼ਹੀਦੀ ਦਿਵਸ ਮੌਕੇ ਪਿੰਡ ਲੌਂਗੋਵਾਲ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੰਤ ਲੌਂਗੋਵਾਲ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਆਪਣਾ ਬਲਿਦਾਨ ਦਿੱਤਾ ਜਿਸ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ।
ਕੈਬਨਿਟ ਮੰਤਰੀ ਸ. ਧਰਮਸੋਤ ਨੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਖੂਨ ਦੀ ਲੜਾਈ ਲੜ ਰਿਹਾ ਸੀ ਤਾਂ ਉਸ ਸਮੇਂ ਪੰਜਾਬ ਅਤੇ ਪੰਜਾਬੀਆਂ ਦੀ ਰਾਖੀ ਲਈ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਰਾਜੀਵ-ਲੌਂਗੋਵਾਲ ਸਮਝੌਤਾ ਕਰਕੇ ਦੇਸ਼ ਧਰੋਹੀ ਤਾਕਤਾਂ ਦਾ ਡਟ ਕੇ ਮੁਕਾਬਲਾ ਕੀਤਾ। ਉਨ੍ਹਾਂ ਨੇ ਸੰਤ ਹਰਚੰਦ ਸਿੰਘ ਲੌੌਗੋਵਾਲ ਨੂੰ ਸ਼ਾਂਤੀ ਦੇ ਮਸੀਹਾ ਦਾ ਦਰਜਾ ਦਿੰਦਿਆਂ ਕਿਹਾ ਕਿ ਸੰਤ ਲੌਂਗੋਵਾਲ ਸੰਪੂਰਨ ਤੌਰ 'ਤੇ ਗੁਰੂ ਦੇ ਸਿੱਖ ਸਨ ਅਤੇ ਸਿਆਸਤਦਾਨ ਦੇ ਨਾਲ-ਨਾਲ ਬਹੁਤ ਵੱਡੇ ਦੇਸ਼ ਭਗਤ ਵੀ ਸਨ ਅਤੇ ਉਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਸ. ਧਰਮਸੋਤ ਨੇ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਅਤੇ ਦੇਸ਼ਭਗਤਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਮੇਸ਼ਾਂ ਸਤਿਕਾਰ ਦਿੱਤਾ ਗਿਆ ਹੈ ਅਤੇ ਭਵਿੱਖ ਵਿੱਚ ਵੀ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ ਤੇ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੇ ਸੰਤ ਲੌਂਗੋਵਾਲ ਨੂੰ ਸ਼ਹੀਦ ਕਰ ਦਿੱਤਾ।
ਇਸ ਦੌਰਾਨ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਬੁਲਾਰਾ ਤੇ ਸੀਨੀਅਰ ਆਗੂ ਸ਼੍ਰੀਮਤੀ ਦਾਮਨ ਥਿੰਦ ਬਾਜਵਾ, ਸੀਨੀਅਰ ਆਗੂ ਹਰਮਨ ਬਾਜਵਾ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ ਡਾ. ਸੰਦੀਪ ਗਰਗ, ਐਸ.ਡੀ.ਐਮ ਅਵਿਕੇਸ਼ ਗੁਪਤਾ ਸਮੇਤ ਹੋਰ ਸ਼ਖ਼ਸੀਅਤਾਂ ਨੇ ਰਾਜ ਪੱਧਰੀ ਸਮਾਗਮ ਦੌਰਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।