ਸੂਬੇ ਦੇ ਸਮੂਹ ਅੱਪਰ ਪ੍ਰਾਇਮਰੀ ਸਕੂਲਾਂ 'ਚ 26 ਅਤੇ 27 ਜੁਲਾਈ ਨੂੰ ਕਰਵਾਈ ਜਾਵੇਗੀ ਮਾਪੇ-ਅਧਿਆਪਕ ਮਿਲਣੀ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ 24 ਜੁਲਾਈ 2021 - ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਬਿਹਤਰੀਨ ਅਕਾਦਮਿਕ ਪ੍ਰਾਪਤੀਆਂ ਯਕੀਨੀ ਬਣਾਉਣ ਲਈ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ ਹਨ | ਵਿਭਾਗ ਵੱਲੋਂ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ | ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ 26 ਅਤੇ 27 ਜੁਲਾਈ ਨੂੰ ਸਮੂਹ ਅੱਪਰ ਪ੍ਰਾਇਮਰੀ ਸਕੂਲਾਂ 'ਚ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਸੱਤਪਾਲ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ਼੍ਰੀ ਪ੍ਰਦੀਪ ਦਿਓੜਾ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜ਼ਿਲੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ' ਚ 26 ਅਤੇ 27 ਜੁਲਾਈ ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ | ਮਾਪੇ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਦਿਨ ਸਕੂਲ ਪਹੁੰਚ ਸਕਦੇ ਹਨ | ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਵਿੱਦਿਅਕ ਸੈਸ਼ਨ ਦੇ ਅਪ੍ਰੈੱਲ ਅਤੇ ਮਈ ਮਹੀਨਿਆਂ ਦੌਰਾਨ ਕਰਵਾਏ ਪਾਠਕ੍ਰਮ ਦੀ ਆਨਲਾਈਨ ਪ੍ਰੀਖਿਆ ਜੁਲਾਈ ਮਹੀਨੇ ਕਰਵਾਈ ਗਈ ਹੈ |
ਇਸ ਮਿਲਣੀ ਦੌਰਾਨ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਜੁਲਾਈ ਪ੍ਰੀਖਿਆ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਉਣ ਦੇ ਨਾਲ -ਨਾਲ ਵਿਦਿਆਰਥੀਆਂ ਦੀ ਪੜਾਈ ਪ੍ਰਭਾਵੀ ਤਰੀਕੇ ਜਾਰੀ ਰੱਖਣ ਸੰਬੰਧੀ ਵੀ ਵਿਚਾਰ ਵਿਟਾਂਦਰਾ ਕੀਤਾ ਜਾਵੇਗਾ | ਮਾਪਿਆਂ ਨੂੰ ਕੋਰੋਨਾ ਪਾਬੰਦੀਆਂ ਦੌਰਾਨ ਵਿਦਿਆਰਥੀਆਂ ਦੀ ਪੜਾਈ ਜਾਰੀ ਰੱਖਣ ਦੇ ਆਨਲਾਈਨ ਤਰੀਕਿਆਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਉਪਲਬੱਧ ਕਰਵਾਈ ਗਈ ਸਹਾਇਕ ਪੜਨ ਸਮੱਗਰੀ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ | ਬੱਚਿਆਂ ਨੂੰ ਇਸ ਸਹਾਇਕ ਸਮੱਗਰੀ ਦੇ ਵੱਧ ਤੋਂ ਵੱਧ ਇਸਤੇਮਾਲ ਲਈ ਪ੍ਰੇਰਿਤ ਕਰਨ ਬਾਰੇ ਵੀ ਮਾਪਿਆਂ ਨਾਲ ਵਿਚਾਰ ਵਿਟਾਂਦਰਾ ਕੀਤਾ ਜਾਵੇਗਾ | ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਰ੍ਹੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਤੋਂ ਵੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣੂ ਕਰਵਾਉਣ ਦੇ ਨਾਲ ਨਾਲ ਵਿਭਾਗ ਵੱਲੋਂ ਇਸ ਸਰਵੇ 'ਚੋਂ ਸੂਬੇ ਨੂੰ ਮੋਹਰੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ |
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਅਨੁਸਾਰ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੁੱਲਣ ਬਾਰੇ ਵੀ ਮਾਪੇ ਅਧਿਆਪਕ ਮਿਲਣੀ ਲਈ ਸਕੂਲ ਪਹੁੰਚੇ ਮਾਪਿਆਂ, ਸਕੂਲ ਪ੍ਰਬੰਧੀ ਕਮੇਟੀਆਂ ਅਤੇ ਪੰਚਾਇਤਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਪੜਾਈ ਦੇ ਨਾਲ-ਨਾਲ ਬੱਚਿਆਂ ਦੀ ਸਿਹਤ ਸੁਰੱਖਿਆ ਬਾਰੇ ਮਾਪਿਆਂ ਅਤੇ ਸਮਾਜ ਨੂੰ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਜਾਵੇਗਾ | ਮਾਪਿਆਂ ਨੂੰ ਆਪੋ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਕੋਰੋਨਾ ਤੋਂ ਬਚਾਅ ਦੀਆਂ ਹਦਾਇਤਾਂ ਦੇ ਪਾਲਣ ਲਈ ਬੱਚਿਆਂ ਨੂੰ ਪ੍ਰੇਰਿਤ ਕਰਨ ਬਾਰੇ ਵੀ ਮਾਪਿਆਂ ਨੂੰ ਜਾਗਰੂਕ ਜਾਵੇਗਾ | ਸਿੱਖਿਆ ਅਧਿਕਾਰੀਆਂ ਨੇ ਵਿਦਿਆਰਥੀਆਂ ਦੇ ਮਾਪਿਆਂ ਦੇ ਨਾਲ ਨਾਲ ਸਕੂਲ ਪ੍ਰਬੰਧੀ ਕਮੇਟੀਆਂ,ਪੰਚਾਇਤਾਂ ਅਤੇ ਹੋਰ ਮੋਹਤਬਰ ਸਖਸ਼ੀਅਤਾਂ ਨੂੰ ਇਸ ਮਾਪੇ-ਅਧਿਆਪਕ ਮਿਲਣੀ 'ਚ ਉਤਸ਼ਾਹ ਨਾਲ ਸ਼ਿਰਕਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਜਸਬੀਰ ਸਿੰਘ ਜੱਸੀ ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ ਵੀ ਹਾਜ਼ਰ ਸਨ |