ਸਰਕਾਰੀ ਹਾਈ ਸਕੂਲ ਸਰਸੀਣੀ ਦਾ ਨਤੀਜਾ ਸ਼ਾਨਦਾਰ ਰਿਹਾ
ਮਲਕੀਤ ਸਿੰਘ ਮਲਕਪੁਰ
ਲਾਲੜੂ 20 ਅਪ੍ਰੈਲ 2024:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਸਰਸੀਣੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਹੈੱਡਮਾਸਟਰ ਕੁਲਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਾਰਚ 2024 ਦੌਰਾਨ ਹੋਈ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਇਸ ਸਕੂਲ ਦੇ 39 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਾਰੇ ਵਿਦਿਆਰਥੀ ਹੀ ਚੰਗੇ ਅੰਕਾਂ ਨਾਲ ਪਾਸ ਹੋਏ।
ਉਨ੍ਹਾਂ ਵੱਲੋਂ ਸਕੂਲ ਦਾ ਨਤੀਜਾ 100 ਫੀਸਦੀ ਆਉਣ ਦਾ ਸਿਹਰਾ ਵਿਦਿਆਰਥੀਆਂ ਦੀ ਲਗਨ ਅਤੇ ਆਪਣੇ ਮਿਹਨਤੀ ਸਟਾਫ਼ ਨੂੰ ਦਿੱਤਾ। ਡਾ.ਮਹੇਸ਼ ਗੁਪਤਾ ਪੰਜਾਬੀ ਅਧਿਆਪਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੁਸ਼ਪ੍ਰੀਤ ਸਿੰਘ ਵੱਲੋਂ 90.31 ਫ਼ੀਸਦ ਅੰਕ ਪ੍ਰਾਪਤ ਕਰਦਿਆਂ ਪਹਿਲਾਂ ਸਥਾਨ, ਪਰਨੀਤ ਕੌਰ ਵੱਲੋਂ 90 ਫ਼ੀਸਦ ਅੰਕ ਪ੍ਰਾਪਤ ਕਰਦਿਆਂ ਦੂਜਾ ਸਥਾਨ ਅਤੇ ਰਮਨਪ੍ਰੀਤ ਕੌਰ ਵੱਲੋਂ 89.08 ਫ਼ੀਸਦ ਅੰਕ ਪ੍ਰਾਪਤ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ। ਇਸ ਮੌਕੇ ਪਹਿਲੀਆਂ ਪੰਜ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਸਕੂਲ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਟਾਫ ਸਮੇਤ ਵਿਦਿਆਰਥੀ ਹਾਜ਼ਰ ਸਨ।