ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਵਧੀ ਗਿਣਤੀ: AAP ਵਿਧਾਇਕ ਦਾ ਵੱਡਾ ਦਾਅਵਾ
ਅਸ਼ੋਕ ਵਰਮਾ
ਸਿਧਾਣਾ (ਬਠਿੰਡਾ) 21 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਅਤੇ ਸਰਕਾਰੀ ਸਕੂਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਪਿੰਡ ਸਿਧਾਣਾ ਦੇ ਸਰਕਾਰੀ ਹਾਈ ਸਕੂਲ ਵਿਖੇ ਸਿੱਖਿਆ ਕ੍ਰਾਤੀ ਦੇ ਮੱਦੇਨਜ਼ਰ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆ ਕੀਤਾ।
ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਲੜਕੇ ਅਤੇ ਲੜਕੀਆਂ ਨੂੰ ਸਵੈ-ਰੋਜ਼ਗਾਰ ਤੇ ਉਨ੍ਹਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਜਿਸ ਤਹਿਤ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ ਕਰੀਬ 55000 ਹਜ਼ਾਰ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ਤੇ ਮੁਹੱਈਆ ਕਰਵਾਈਆਂ ਗਈਆਂ ਹਨ।
ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਨੂੰ ਵਚਨਬੱਧ ਅਤੇ ਯਤਨਸ਼ੀਲ ਹੈ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਫੜ੍ਹ ਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ੇ ਦੇ ਸੌਦਾਗਰਾਂ ਖਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀਆਂ ਪ੍ਰਾਪਰਟੀਆਂ ਜਬਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਲਾਖਾਂ ਪਿੱਛੇ ਧੱਕਿਆ ਜਾ ਰਿਹਾ ਹੈ। ਬਲਕਾਰ ਸਿੰਘ ਸਿੱਧੂ ਵੱਲੋਂ ਸਰਕਾਰੀ ਹਾਈ ਸਕੂਲ ਸਿਧਾਣਾ ਤੋਂ ਇਲਾਵਾ ਸੇਲਬਰਾਹ ਦੇ ਸਰਕਾਰੀ ਸਕੂਲ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਸਕੂਲਾਂ ਦਾ ਸਮੂਹ ਸਟਾਫ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਪਿੰਡਾਂ ਦੀਆਂ ਪੰਚਾਇਤਾਂ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।