ਪ੍ਰੋ ਬਲਜਿੰਦਰ ਕੌਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ
ਅਸ਼ੋਕ ਵਰਮਾ
ਸੇਖਪੁਰਾ (ਬਠਿੰਡਾ) 27 ਮਈ 202 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਦੇਣ ਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਤਲਵੰਡੀ ਸਾਬੋ ਤੇ ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ ਨੇ ਸਿੱਖਿਆ ਕ੍ਰਾਂਤੀ ਸਮਾਗਮ ਦੇ ਮੱਦੇਨਜ਼ਰ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਸੇਖਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਜਗਾ ਰਾਮ ਤੀਰਥ ਵਿਖੇ ਸਕੂਲ ਦੇ ਮੁਕੰਮਲ ਹੋਏ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਇਸ ਮੌਕੇ ਪ੍ਰੋ ਬਲਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆ ਤੋਂ ਬਿਨਾ ਮਨੁੱਖ ਅਧੂਰਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਖਤ ਮਿਹਨਤ ਕਰਨ ਤਾਂ ਜੋ ਆਪੋ-ਆਪਣੇ ਮਿੱਥੇ ਟੀਚਿਆਂ ਨੂੰ ਸਰ ਕਰ ਸਕਣ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰ ਸਕਣ।
ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਲੈਂਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।
ਇਸ ਦੌਰਾਨ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਜਿਸ ਦੇ ਅਧੀਨ ਨੌਜਵਾਨਾਂ ਲਈ ਪਿੰਡਾ/ਸ਼ਹਿਰਾਂ ਅੰਦਰ ਖੇਡ ਗਰਾਊਡ ਬਣਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੀ ਜਵਾਨੀ ਨਸ਼ੇ ਦੀ ਭੈੜੀ ਅਲਾਮਤ ਤੋਂ ਦੂਰ ਰਹਿ ਸਕੇ।
ਇਸ ਮੌਕੇ ਸਕੂਲ ਦਾ ਸਮੂਹ ਸਟਾਫ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਅਤੇ ਪਿੰਡ ਦੀ ਪੰਚਾਇਤ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।