ਮਾਨ ਸਰਕਾਰ ਦਫ਼ਤਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕੱਟ ਕੇ ਖ਼ਜ਼ਾਨਾ ਭਰਨ ਲੱਗੀ
15-20 ਸਾਲਾਂ ਤੋਂ ਕੰਮ ਕਰਦੇ ਦਫ਼ਤਰੀ ਕਾਮਿਆਂ 'ਤੇ ਪ੍ਰੋਬੇਸ਼ਨ ਨਾ ਲਗਾ ਕੇ 01.04.2018 ਤੋਂ ਪੂਰੀਆਂ ਤਨਖ਼ਾਹਾਂ ਤੇ ਹੀ ਰੈਗੂਲਰ ਕਰੇ: ਕੁਲਦੀਪ ਸਿੰਘ
2019 ਦੀ ਵਿੱਤ ਵਿਭਾਗ ਦੀ ਪੰਜਵੇਂ ਤਨਖ਼ਾਹ ਕਮਿਸ਼ਨ ਨਾਲ ਪ੍ਰਵਾਨਗੀ ਦੇ ਬਾਵਜੂਦ ਸੱਤਵੇਂ ਕੇਂਦਰੀ ਪੇ ਕਮਿਸ਼ਨ ਤੇ ਰੈਗੂਲਰ ਕਰਨਾ ਸਰਕਾਰ ਦੀ ਸਰਾਸਰ ਧੱਕੇਸ਼ਾਹੀ: ਸੰਧਾ
ਚੰਡੀਗੜ੍ਹ, 25 ਸਤੰਬਰ 2025- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਬੀਤੀ 8 ਸਤੰਬਰ ਨੂੰ ਹੋਈ ਕੈਬਿਨਟ ਮੀਟਿੰਗ ਦੌਰਾਨ 15-20 ਸਾਲਾਂ ਤੋਂ ਕੰਮ ਕਰ ਰਹੇ 1007 ਦਫ਼ਤਰੀ ਕਰਮਚਾਰੀਆਂ ਨੂੰ ਕੈਬਿਨਟ ਵੱਲੋਂ ਸਿੱਖਿਆ ਵਿਭਾਗ ਅਧੀਨ ਲੈ ਕੇ ਪੱਕਾ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਦੌਰਾਨ ਸਰਕਾਰ ਵੱਲੋਂ ਇੱਕ ਵੱਡਾ ਬਦਲਾਅ ਕਰਕੇ ਮੁਲਾਜ਼ਮਾਂ ਦੀ ਤਨਖ਼ਾਹ ਤੇ ਵੱਡੀ ਕਟੌਤੀ ਕਰਨ ਦੀ ਤਿਆਰੀ ਕਰ ਲਈ ਹੈ, ਜਿਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਇੱਕ ਤਾਂ ਮੁਲਾਜ਼ਮਾਂ ਦੀਆ ਮੌਜੂਦਾ ਪੋਸਟਾਂ ਜਿੰਨਾ ਤੇ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਦੂਜਾ ਮੁਲਾਜ਼ਮਾਂ ਦੀਆ ਤਨਖ਼ਾਹਾਂ ਤੇ ਵੱਡੀ ਕਟੌਤੀ ਕਰਦੇ ਹੋਏ 50000 ਤੋਂ 19000 ਤਨਖ਼ਾਹ ਕਰਨ ਦੀ ਤਿਆਰੀ ਕੀਤੀ ਗਈ ਹੈ ਜਿਸ ਕਰ ਕੇ ਸਮੂਹ ਮੁਲਾਜ਼ਮ ਵਰਗ ਵਿਚ ਰੋਸ ਹੈ। 15-20 ਸਾਲ ਸਰਕਾਰ ਨੂੰ ਆਪਣੀਆਂ ਸੇਵਾਵਾਂ ਦੇਣ ਦੇ ਬਾਵਜੂਦ ਹੁਣ ਸਰਕਾਰ ਮੁਲਾਜ਼ਮਾਂ ਦੀਆ ਤਨਖ਼ਾਹਾਂ ਵਿਚ ਵੱਡੀ ਕਟੌਤੀ ਕਰ ਰਹੀ ਹੈ ਜਿਸ ਨਾਲ 1007 ਪਰਿਵਾਰਾਂ ਦੇ ਘਰ ਦੇ ਚੁਲੇ ਠੰਢੇ ਪੈ ਜਾਣਗੇ ਘਰ ਦਾ ਗੁਜ਼ਾਰਾ ਅਤੇ ਬੱਚਿਆ ਦੀ ਪੜਾਈ ਬਹੁਤ ਮੁਸ਼ਕਿਲ ਹੋ ਜਾਵੇਗੀ।
ਪ੍ਰੈਸ ਬਿਆਨ ਜਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਅਤੇ ਜਨਰਲ ਸਕੱਤਰ ਰਜਿੰਦਰ ਸਿੰਘ ਨੇ ਕਿਹਾ ਕਿ ਦਫ਼ਤਰੀ ਕਰਮਚਾਰੀ ਸਾਲ 2005 ਤੋਂ ਲਗਾਤਾਰ ਸਿੱਖਿਆ ਵਿਭਾਗ ਵਿਚ ਬੜੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਪਰ ਸਮੇਂ ਸਮੇਂ ਦੀਆ ਸਰਕਾਰਾਂ ਵੱਲੋਂ ਹਮੇਸ਼ਾ ਹੀ ਦਫ਼ਤਰੀ ਕਰਮਚਾਰੀਆਂ ਨੂੰ ਅਣਗੌਲਿਆ ਹੀ ਕੀਤਾ।ਦਫ਼ਤਰੀ ਮੁਲਾਜ਼ਮ ਅਧਿਆਪਕਾਂ ਦੀ ਤਰਜ਼ ਤੇ 01.04.2018 ਤੋਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ ਅਤੇ ਇਸ ਲਈ ਦਫ਼ਤਰੀ ਕਰਮਚਾਰੀਆਂ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਹੋਇਆ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 16.12.2019 ਦੀ ਵਿੱਤ ਵਿਭਾਗ ਦੀ ਪ੍ਰਵਾਨਗੀ ਅਨੁਸਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਨੋਟੀਫ਼ਿਕੇਸ਼ਨ ਕੀਤਾ ਹੈ ਪਰ ਨੋਟੀਫ਼ਿਕੇਸ਼ਨ ਵਿਚ ਰੈਗੂਲਰ ਹੁਣ ਤੋਂ ਸੱਤਵੇਂ ਤਨਖ਼ਾਹ ਕਮਿਸ਼ਨ ਤੇ ਕਰਨ ਦੀ ਗੱਲ ਕਹੀ ਗਈ ਹੈ ਜਦਕਿ 1007 ਮੁਲਾਜ਼ਮ ਪਹਿਲਾ ਤੋਂ ਪੰਜਾਬ ਦੇ ਪੰਜਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਤਨਖ਼ਾਹ ਲੈ ਰਹੇ ਹਨ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ 01.04.2018 ਤੋਂ ਰੈਗੂਲਰ ਕਰਨ ਤੇ ਸਰਕਾਰ ਤੇ ਕੋਈ ਵਿੱਤੀ ਬੋਝ ਨਹੀਂ ਪੈਣਾ ਹੈ ਕਿਉਂਕਿ ਮੁਲਾਜ਼ਮਾਂ ਦੀ ਤਨਖ਼ਾਹ ਭਾਰਤ ਸਰਕਾਰ ਤੋਂ ਪ੍ਰਾਪਤ ਹੋ ਰਹੀ ਹੈ ਜਦਕਿ ਸੱਤਵੇਂ ਤਨਖ਼ਾਹ ਸਕੇਲ ਤੇ ਰੈਗੂਲਰ ਕਰਨ ਨਾਲ ਸਰਕਾਰ ਨੂੰ ਲਗਭਗ 23 ਕਰੋੜ ਦੀ ਬੱਚਤ ਹੋਵੇਗੀ ਜਿਸ ਨਾਲ ਸਰਕਾਰ ਮੁਲਾਜ਼ਮਾਂ ਦੀ ਤਨਖ਼ਾਹ ਦੇ 23 ਕਰੋੜ ਕੱਟ ਕੇ ਖ਼ਜ਼ਾਨਾ ਭਰਨ ਦੀ ਤਿਆਰੀ ਕਰ ਰਹੀ ਹੈ।
ਜਥੇਬੰਦੀ ਦੇ ਆਗੂ ਪ੍ਰਵੀਨ ਸ਼ਰਮਾ, ਜਗਮੋਹਨ ਸਿੰਘ ਚਮਕੌਰ ਸਿੰਘ, ਵਰਿੰਦਰ ਸਿੰਘ ਬਲਜਿੰਦਰ ਸਿੰਘ ਨੇ ਕਿਹਾ ਕਿ ਦਫ਼ਤਰੀ ਕਰਮਚਾਰੀ ਲੰਬੇ ਸਮੇਂ 15-20 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਹਨ ਇਸ ਲਈ ਦਫ਼ਤਰੀ ਮੁਲਾਜ਼ਮਾਂ ਤੇ ਹੁਣ ਪ੍ਰਬੇਸ਼ਨ ਲਾਉਣਾ ਠੀਕ ਨਹੀਂ ਹੈ, ਇਸ ਲਈ ਉਹ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਮੰਗ ਕਰਦੇ ਹਨ ਕਿ ਦਫ਼ਤਰੀ ਕਰਮਚਾਰੀਆਂ ਨੂੰ 01.04.2018 ਤੋਂ ਪੂਰੀਆਂ ਤਨਖ਼ਾਹਾਂ ਦੇ ਕੇ ਰੈਗੂਲਰ ਕੀਤਾ ਜਾਵੇ ਅਤੇ ਕੋਈ ਪ੍ਰੋਬੇਸ਼ਨ ਨਾ ਲਗਾਇਆ ਜਾਵੇ।
ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣੇ ਇਸ ਫ਼ੈਸਲੇ ਤੇ ਮੁੜ ਵਿਚਾਰ ਨਾ ਕੀਤਾ ਤਾਂ ਮੁਲਾਜ਼ਮ ਮਜਬੂਰਨ ਸੜਕਾਂ 'ਤੇ ਆ ਕੇ ਵਿਭਾਗ ਦਾ ਕੰਮ ਬੰਦ ਕਰ ਕੇ ਮੁੱਖ ਮੰਤਰੀ ਦੀ ਕੋਠੀ ਅਤੇ ਸਿੱਖਿਆ ਵਿਭਾਗ ਦਾ ਘਿਰਾਓ ਕਰਨ ਨੂੰ ਮਜਬੂਰ ਹੋਵਾਂਗੇ ਜਿਸਦੀ ਪੂਰੀ ਜ਼ਿੰਮੇਵਾਰੀ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ।