ਪੰਜਾਬ ਦੇ ਅਧਿਆਪਕ ਸਿਖਲਾਈ ਸੰਸਥਾਨਾਂ ਵਿੱਚ 40 ਫ਼ੀਸਦੀ ਤੋਂ ਵੱਧ ਅਕਾਦਮਿਕ ਅਸਾਮੀਆਂ ਖਾਲੀ, ਸਿੱਖਿਆ ਕ੍ਰਾਂਤੀ ਦੇ ਦਾਅਵੇ ਖੋਖਲੇ: ਪਰਗਟ ਸਿੰਘ
SCERT ਅਤੇ DIETs ਵਿੱਚ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ, ਅਧਿਆਪਕ ਸਿਖਲਾਈ ਪ੍ਰਣਾਲੀ ਨੂੰ ਮਜ਼ਬੂਤ ਕਰੇ ਸਰਕਾਰ
ਸਰਕਾਰੀ ਸਕੂਲਾਂ ਵਿੱਚ ਵੀ ਅਧਿਆਪਕਾਂ ਦੀ ਭਾਰੀ ਘਾਟ, ਇੱਕ ਲੱਖ ਵਿੱਚੋਂ 18 ਹਜ਼ਾਰ ਤੋਂ ਵੱਧ ਅਸਾਮੀਆਂ ਖਾਲੀ
ਜਲੰਧਰ, 29 ਜੁਲਾਈ
ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੇ ਅਧਿਆਪਕ ਸਿਖਲਾਈ ਸੰਸਥਾਨਾਂ ਵਿੱਚ 40 ਫ਼ੀਸਦੀ ਤੋਂ ਵੱਧ ਅਕਾਦਮਿਕ ਅਸਾਮੀਆਂ ਖਾਲੀ ਹੋਣ 'ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਹ ਸੂਬੇ ਦੀ ਸਿੱਖਿਆ ਪ੍ਰਣਾਲੀ ਲਈ ਬਹੁਤ ਹੀ ਚਿੰਤਾਜਨਕ ਸਥਿਤੀ ਹੈ। ਉਨ੍ਹਾਂ ਕਿਹਾ ਕਿ ਜਿਸ ਸਰਕਾਰ ਨੇ ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਅੱਜ ਉਸੇ ਦੇ ਰਾਜ ਵਿੱਚ ਅਧਿਆਪਕ ਤਿਆਰ ਕਰਨ ਵਾਲੇ ਸੰਸਥਾਨ ਹੀ ਅਧਿਆਪਕਾਂ ਦੀ ਭਾਰੀ ਘਾਟ ਨਾਲ ਜੂਝ ਰਹੇ ਹਨ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੀ 18 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਇਸ ਦਾ ਸਭ ਤੋਂ ਵੱਧ ਅਸਰ ਲੁਧਿਆਣਾ, ਜਲੰਧਰ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸਰਹੱਦੀ ਪੰਜ ਜ਼ਿਲ੍ਹਿਆਂ ਵਿੱਚ ਵੀ ਅਧਿਆਪਕਾਂ ਦੀ ਭਾਰੀ ਕਮੀ ਹੈ। ਅੰਕੜਿਆਂ ਅਨੁਸਾਰ ਪੰਜਾਬ ਵਿੱਚ ਸਰਕਾਰੀ ਅਧਿਆਪਕਾਂ ਦੀਆਂ ਕੁੱਲ 1,03,000 ਮਨਜ਼ੂਰਸ਼ੁਦਾ ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ 17.48 ਫ਼ੀਸਦੀ ਅਸਾਮੀਆਂ ਖਾਲੀ ਹਨ। ਇਸ ਤੋਂ ਸਪੱਸ਼ਟ ਹੈ ਕਿ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ। ਸਰਕਾਰ ਦਾ ਸਾਰਾ ਧਿਆਨ ਤਾਂ ਪ੍ਰਦਰਸ਼ਨਕਾਰੀਆਂ 'ਤੇ ਲਾਠੀਆਂ ਚਲਾਉਣ ਵਿੱਚ ਲੱਗਿਆ ਹੋਇਆ ਹੈ।
ਪਰਗਟ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸਮੀਖਿਆ ਵਿੱਚ ਸਾਹਮਣੇ ਆਇਆ ਹੈ ਕਿ SCERT SCERT (State Council of Educational Research and Training) ਵਿੱਚ 31 ਫ਼ੀਸਦੀ ਅਤੇ DIETs (District Institute of Education and Training (DIET) ਵਿੱਚ 45 ਫ਼ੀਸਦੀ ਅਕਾਦਮਿਕ ਅਸਾਮੀਆਂ ਖਾਲੀ ਹਨ। ਇਹ ਸਿਰਫ਼ ਇੱਕ ਅੰਕੜਾ ਨਹੀਂ, ਸਗੋਂ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਨੇ ਅਧਿਆਪਕ ਸਿਖਲਾਈ ਵਰਗੀ ਬੁਨਿਆਦੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਅਣਡਿੱਠਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਧਿਆਪਕ ਸਿਖਲਾਈ ਸੰਸਥਾਨਾਂ ਵਿੱਚ ਹੀ ਯੋਗ ਫੈਕਲਟੀ ਨਹੀਂ ਹੋਵੇਗੀ ਤਾਂ ਸਰਕਾਰੀ ਸਕੂਲਾਂ ਵਿੱਚ ਗੁਣਵੱਤਾ ਭਰੀ ਸਿੱਖਿਆ ਦੇਣ ਦੇ ਦਾਅਵੇ ਸਿਰਫ਼ ਦਿਖਾਵਾ ਬਣ ਕੇ ਰਹਿ ਜਾਣਗੇ।
ਉਨ੍ਹਾਂ ਕਿਹਾ ਕਿ ਭਾਰਤ ਦੇ ਕੰਟਰੋਲਰ ਐਂਡ ਆਡੀਟਰ ਜਨਰਲ (CAG) ਨੇ ਵੀ ਆਪਣੀ ਰਿਪੋਰਟ ਵਿੱਚ ਅਧਿਆਪਕ ਸਿਖਲਾਈ ਸੰਸਥਾਨਾਂ ਵਿੱਚ ਸਟਾਫ਼ ਦੀ ਭਾਰੀ ਘਾਟ 'ਤੇ ਚਿੰਤਾ ਜਤਾਈ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਹਾਲਾਤ ਸੁਧਾਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਸਿੱਖਿਆ ਸੁਧਾਰਾਂ ਲਈ ਗੰਭੀਰ ਹੈ ਤਾਂ ਉਸ ਨੂੰ ਪ੍ਰਚਾਰ ਛੱਡ ਕੇ ਸੰਸਥਾਗਤ ਢਾਂਚੇ ਨੂੰ ਮਜ਼ਬੂਤ ਕਰਨ 'ਤੇ ਧਿਆਨ ਦੇਣਾ ਚਾਹੀਦਾ ਹੈ।
ਪਰਗਟ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ SCERT ਅਤੇ ਸਾਰੇ DIETs ਵਿੱਚ ਖਾਲੀ ਪਈਆਂ ਅਕਾਦਮਿਕ ਅਸਾਮੀਆਂ 'ਤੇ ਯੋਗ ਅਤੇ ਸਿਖਲਾਈ ਪ੍ਰਾਪਤ ਅਧਿਆਪਕਾਂ ਦੀ ਤੁਰੰਤ ਭਰਤੀ ਕੀਤੀ ਜਾਵੇ, ਤਾਂ ਜੋ ਅਧਿਆਪਕ ਸਿਖਲਾਈ ਪ੍ਰਣਾਲੀ ਨੂੰ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਕਰੋੜਾਂ ਰੁਪਏ ਇਸ਼ਤਿਹਾਰਾਂ 'ਤੇ ਖਰਚ ਕਰਕੇ ਸਿੱਖਿਆ ਮਾਡਲ ਦਾ ਪ੍ਰਚਾਰ ਕਰ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਅਧਿਆਪਕ ਸਿਖਲਾਈ ਸੰਸਥਾਨਾਂ ਵਿੱਚ ਸਾਲਾਂ ਤੋਂ ਖਾਲੀ ਪਈਆਂ ਅਸਾਮੀਆਂ ਨਹੀਂ ਭਰੀਆਂ ਗਈਆਂ।