ਐਮ.ਕਾਮ. ਦੇ ਨਤੀਜੇ ਵਿੱਚ ਸਰਕਾਰੀ ਕਾਲਜ ਗੁਰਦਾਸਪੁਰ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ
ਕੋਮਲਪ੍ਰੀਤ ਕੌਰ ਨੇ 8.45 SGPA ਨਾਲ ਹਾਸਲ ਕੀਤਾ ਪਹਿਲਾ ਸਥਾਨ
ਰੋਹਿਤ ਗੁਪਤਾ
ਗੁਰਦਾਸਪੁਰ, 11 ਸਤੰਬਰ
ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ, ਗੁਰਦਾਸਪੁਰ ਦੀਆਂ ਵਿਦਿਆਰਥਣਾਂ ਨੇ ਐਮ.ਕਾਮ. ਦੇ ਐਲਾਨੇ ਗਏ ਨਤੀਜੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਨਤੀਜੇ ਵਿੱਚ ਕੋਮਲਪ੍ਰੀਤ ਕੌਰ ਨੇ 8.45 SGPA ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਹਰਪ੍ਰੀਤ ਕੌਰ ਨੇ 7.91 SGPA ਨਾਲ ਦੂਜਾ ਅਤੇ ਸਬਰੀਨਾ ਜੌਏ ਨੇ 7.77 SGPA ਨਾਲ ਤੀਜਾ ਸਥਾਨ ਹਾਸਲ ਕੀਤਾ। ਤਿੰਨਾਂ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਕਾਲਜ ਵਿੱਚ ਖੁਸ਼ੀ ਦੀ ਲਹਿਰ ਹੈ।
ਇਸ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ’ਤੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਡਾ. ਅਸ਼ਵਨੀ ਕੁਮਾਰ ਭੱਲਾ ਨੇ ਵਿਦਿਆਰਥਣਾਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਵਿਦਿਆਰਥਣਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਦਾ ਸਿੱਟਾ ਹੈ। ਉਨ੍ਹਾਂ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਅਕਾਦਮਿਕ ਉੱਤਮਤਾ ਲਈ ਪ੍ਰੇਰਿਤ ਕਰਦੀਆਂ ਹਨ।
ਪ੍ਰਿੰਸੀਪਲ ਪ੍ਰੋ. ਡਾ. ਭੱਲਾ ਨੇ ਐਮ.ਕਾਮ. ਵਿਭਾਗ ਦੇ ਅਧਿਆਪਕਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਉੱਤਮ ਅਕਾਦਮਿਕ ਮਾਹੌਲ ਅਤੇ ਉਨ੍ਹਾਂ ਦੀ ਸਮੁੱਚੀ ਸ਼ਖ਼ਸੀਅਤ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕਾਲਜ ਦਾ ਮੰਤਵ ਵਿਦਿਆਰਥੀਆਂ ਨੂੰ ਕੇਵਲ ਡਿਗਰੀ ਤੱਕ ਸੀਮਤ ਨਾ ਰੱਖ ਕੇ ਉਨ੍ਹਾਂ ਨੂੰ ਗਿਆਨ, ਹੁਨਰ ਅਤੇ ਆਤਮ-ਵਿਸ਼ਵਾਸ ਨਾਲ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨਾ ਹੈ।