ਅਦਾਕਾਰ ਆਸ਼ੂਤੋਸ਼ ਰਾਣਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 16ਸਤੰਬਰ : ਪੰਜਾਬ ਸਰਕਾਰ ਵੱਲੋਂ ਧਾਰਮਿਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ‘ਹਮਾਰੇ ਰਾਮ’ ਨਾਟਕ ਦੀ ਟੀਮ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਪੰਜਾਬ ਦੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਸ਼ੂਤੋਸ਼ ਰਾਣਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਰੂਹਾਨੀ ਸ਼ਾਂਤੀ ਦਾ ਅਨੁਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਇਸ ਪਾਵਨ ਅਸਥਾਨ ਦੇ ਦਰਸ਼ਨ-ਦੀਦਾਰ ਕਰਨ ਲਈ ਤਤਪਰ ਰਹਿੰਦੇ ਹਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ‘ਹਮਾਰੇ ਰਾਮ’ ਨਾਟਕ ਦੇ ਚਾਰ ਸ਼ੋਅ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਇਸ ਨਾਟਕ ਦੇ ਸ਼ੋਅ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਪੰਜਾਬ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।
ਇਸ ਮੌਕੇ ਸ੍ਰੀ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸੱਭਿਆਚਾਰਕ, ਧਾਰਮਿਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ‘ਹਮਾਰੇ ਰਾਮ’ ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਸ ਨਾਟਕ ਦਾ ਮੰਚਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇੱਕ ਦਿਨ ਵਿੱਚ ਦੋ ਸ਼ੋਅ ਪੇਸ਼ ਕੀਤੇ ਜਾਣਗੇ ਅਤੇ ਇਸ ਸੱਭਿਆਚਾਰਕ ਪੇਸ਼ਕਾਰੀ ਰਾਹੀਂ ਦਰਸ਼ਕਾਂ ਨੂੰ ਭਾਰਤੀ ਪਰੰਪਰਾਵਾਂ, ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਰਾਮਾਇਣ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।