ਫੀਸ ਸਟਰੱਕਚਰ ਪੋਰਟਲ 'ਤੇ ਜਾਣਕਾਰੀ ਅਪਲੋਡ ਨਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਜ਼ਿਲ੍ਹਾ ਸਿੱਖਿਆ ਅਫ਼ਸਰ, ਰਾਜੇਸ਼ ਕੁਮਾਰ ਸ਼ਰਮਾ
56 ਨਿੱਜੀ ਸਕੂਲਾਂ ਵਲੋਂ ਫੀਸ ਸਟਰੱਕਚਰ ਪੋਰਟਲ 'ਤੇ ਜਾਣਕਾਰੀ ਅਪਲੋਡ ਨਹੀਂ ਕੀਤੀ ਗਈ
ਰੋਹਿਤ ਗੁਪਤਾ
ਗੁਰਦਾਸਪੁਰ, 2 ਅਗਸਤ
ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਮਾਪਿਆਂ ਦੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਹਦਾਇਤਾਂ ਦੇ ਬਾਵਜੂਦ ਜ਼ਿਲ੍ਹਾ ਗੁਰਦਾਸਪੁਰ ਦੇ 56 ਨਿੱਜੀ ਸਕੂਲਾਂ ਵੱਲੋਂ ਹਾਲੇ ਤੱਕ ਆਪਣਾ ਫੀਸ ਸਟਰੱਕਚਰ ਅਤੇ ਹੋਰ ਲੋੜੀਂਦਾ ਡਾਟਾ ਸਿੱਖਿਆ ਵਿਭਾਗ ਦੇ ਪੋਰਟਲ 'ਤੇ ਅਪਲੋਡ ਨਹੀਂ ਕੀਤਾ ਗਿਆ, ਜਿਸ ਨੂੰ ਸਿੱਖਿਆ ਵਿਭਾਗ ਨੇ ਗੰਭੀਰਤਾ ਨਾਲ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਫੀਸ ਰੈਗੂਲੇਟਰੀ ਕਮੇਟੀ ਦੇ ਚੇਅਰਮੈਨ ਹਨ ਅਤੇ ਉਨ੍ਹਾਂ ਵੱਲੋਂ ਇਸ ਸਾਰੀ ਪ੍ਰਕਿਰਿਆ ਦੀ ਸਮੇਂ-ਸਮੇਂ 'ਤੇ ਨਿੱਜੀ ਤੌਰ 'ਤੇ ਸਮੀਖਿਆ ਕੀਤੀ ਜਾ ਰਹੀ ਹੈ, ਤਾਂ ਜੋ ਸਰਕਾਰ ਦੀਆਂ ਹਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਬੀਤੇ ਸ਼ਨੀਵਾਰ ਨੂੰ ਬਾਕੀ ਰਹਿ ਗਏ ਸਕੂਲਾਂ ਦੀ ਸਹੂਲਤ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰਦਾਸਪੁਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ ਸੀ।
ਇਸ ਮੌਕੇ ਐਮ.ਆਈ.ਐਸ. ਕੋਆਰਡੀਨੇਟਰ ਅਤੇ ਉਨ੍ਹਾਂ ਦੀ ਟੀਮ ਸਾਰਾ ਦਿਨ ਮੌਜੂਦ ਰਹੀ ਤਾਂ ਜੋ ਸਕੂਲਾਂ ਨੂੰ ਪੋਰਟਲ 'ਤੇ ਡਾਟਾ ਅਪਲੋਡ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਨਿਲ ਸ਼ਰਮਾ, ਡੀ.ਆਰ.ਸੀ. ਅਸ਼ੋਕ ਕੁਮਾਰ, ਰਾਹੁਲ, ਸੁਮਿਤ ਕੁਮਾਰ ਅਤੇ ਹੋਰ ਸਬੰਧਤ ਅਧਿਕਾਰੀ/ਕਰਮਚਾਰੀ ਵੀ ਮੌਜੂਦ ਰਹੇ।
ਉਨ੍ਹਾਂ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਪੋਰਟਲ 'ਤੇ ਜਾਣਕਾਰੀ ਅਪਲੋਡ ਕਰਨ ਲਈ ਹਰ ਸੰਭਵ ਤਕਨੀਕੀ ਅਤੇ ਪ੍ਰਸ਼ਾਸਨਿਕ ਸਹਾਇਤਾ ਪ੍ਰਦਾਨ ਕੀਤੀ ਗਈ। ਪਰ ਅਫ਼ਸੋਸ ਦੀ ਗੱਲ ਹੈ ਕਿ ਇਸ ਦੇ ਬਾਵਜੂਦ ਬਹੁਤ ਘੱਟ ਸਕੂਲ ਪ੍ਰਬੰਧਕਾਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ ਅਤੇ ਵਿਭਾਗ ਵੱਲੋਂ ਦਿੱਤੀ ਜਾ ਰਹੀ ਸਹਾਇਤਾ ਦਾ ਲਾਭ ਲਿਆ।
ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਸੋਮਵਾਰ ਦੁਪਹਿਰ 12 ਵਜੇ ਤੱਕ ਸਬੰਧਤ ਸਕੂਲ ਆਪਣਾ ਫੀਸ ਸਟਰੱਕਚਰ ਅਤੇ ਲੋੜੀਂਦਾ ਡਾਟਾ ਪੋਰਟਲ 'ਤੇ ਅਪਲੋਡ ਨਹੀਂ ਕਰਦੇ, ਤਾਂ ਉਹ ਮਾਣਯੋਗ ਡਿਪਟੀ ਕਮਿਸ਼ਨਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਉਕਤ ਸਕੂਲਾਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਲਿਖਣ ਵਾਸਤੇ ਮਜ਼ਬੂਰ ਹੋਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਪ੍ਰਣਾਲੀ ਵਿੱਚ ਪੂਰੀ ਪਾਰਦਰਸ਼ਤਾ ਲਿਆਉਣ ਅਤੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਲਈ ਸਾਰੇ ਨਿੱਜੀ ਸਕੂਲਾਂ ਲਈ ਆਪਣਾ ਫੀਸ ਸਟਰੱਕਚਰ, ਹੋਰ ਲਾਜ਼ਮੀ ਵੇਰਵੇ ਅਤੇ ਲੋੜੀਂਦੀ ਜਾਣਕਾਰੀ ਨਿਰਧਾਰਤ ਸਮੇਂ ਅੰਦਰ ਪੋਰਟਲ 'ਤੇ ਅਪਲੋਡ ਕਰਨਾ ਲਾਜ਼ਮੀ ਕੀਤਾ ਗਿਆ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਬਾਕੀ ਰਹਿੰਦੇ ਸਕੂਲਾਂ ਨੂੰ ਇੱਕ ਵਾਰ ਫਿਰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਆਪਣੀ ਜਾਣਕਾਰੀ ਪੋਰਟਲ 'ਤੇ ਅਪਲੋਡ ਕਰਕੇ ਸਰਕਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਸਮਾਂ ਸੀਮਾ ਸਮਾਪਤ ਹੋਣ ਉਪਰੰਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨਾਲ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਸਿੱਖਿਆ ਵਿਭਾਗ ਦੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
- Download Babushahi App
-
-