ਕਿਸਾਨ ਝੋਨੇ ਦੀ ਫ਼ਸਲ ਦੀ ਕਟਾਈ ਪੂਰੀ ਤਰਾਂ ਪੱਕਣ 'ਤੇ ਹੀ ਕਰਵਾਉਣ : ਮੁੱਖ ਖੇਤੀਬਾੜੀ ਅਫ਼ਸਰ
ਸਰਕਾਰ ਵੱਲੋਂ ਝੋਨੇ ਦੀ ਫ਼ਸਲ ਲਈ 17 ਫ਼ੀਸਦੀ ਨਮੀਂ ਦੀ ਮਾਤਰਾ ਕੀਤੀ ਨਿਰਧਾਰਿਤ
ਰੋਹਿਤ ਗੁਪਤਾ
ਗੁਰਦਾਸਪੁਰ, 21 ਅਗਸਤ
- ਜ਼ਿਲ੍ਹਾ ਗੁਰਦਾਸਪੁਰ ਵਿਚ ਚਾਲੂ ਸੀਜ਼ਨ ਦੌਰਾਨ ਤਕਰੀਬਨ ਇੱਕ ਲੱਖ ਬਹੱਤਰ ਹਜ਼ਾਰ ਹੈੱਕ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕੀਤੀ ਗਈ ਹੈ ਅਤੇ ਸਮੇਂ ਸਿਰ ਇਕਸਾਰ ਬਰਸਾਤ ਹੋਣ ਨਾਲ ਝੋਨੇ ਦੀ ਫ਼ਸਲ ਬਹੁਤ ਵਧੀਆ ਹੈ ਅਤੇ ਉਮੀਦ ਹੈ ਪ੍ਰਤੀ ਹੈਕਟੇਅਰ ਪੈਦਾਵਾਰ ਪਿਛਲੇ ਸਾਲ ਨਾਲੋਂ ਬਿਹਤਰ ਰਹੇਗੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਉੱਪਰ ਫ਼ਿਲਹਾਲ ਕਿਸੇ ਵੀ ਕੀੜੇ ਜਾਂ ਬਿਮਾਰੀ ਦਾ ਹਮਲਾ ਨਹੀਂ ਦੇਖਿਆ ਗਿਆ । ਉਨ੍ਹਾਂ ਦੱਸਿਆ ਕਿ ਕੁਝ ਜਗਾ ਤੇ ਝੋਨੇ ਦੇ ਬੌਣੇ ਬੂਟਿਆਂ ਦੇ ਵਿਸ਼ਾ ਨੂੰ ਰੋਗ ਦਾ ਹਮਲਾ ਦੇਖਿਆ ਗਿਆ ਸੀ ਪਰ ਸਮੇਂ ਸਿਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਤਕਨੀਕੀ ਅਗਵਾਈ ਦੇਣ ਕਾਰਨ ਹਾਲਤ ਕਾਬੂ ਹੇਠ ਹਨ । ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਵਿਚ ਫੋਕ ਦੀ ਮਾਤਰਾ ਘਟਾਉਣ ਲਈ ਗੱਬ ਭਰਨ ਦੀ ਅਵਸਥਾ ਤੇ 3 ਕਿੱਲੋ ਪੋਟਾਸ਼ੀਅਮ ਨਾਈਟ੍ਰੇਟ (13:0:45) ਨੂੰ 200 ਲੀਟਰ ਪਾਣੀ ਦੇ ਘੋਲ ਵਿਚ ਪ੍ਰਤੀ ਏਕੜ ਛਿੜਕਾਅ ਕਰ ਦੇਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਸ ਵਾਰ ਝੋਨੇ ਦੀ ਫ਼ਸਲ ਦਾ ਘੱਟੋ ਘੱਟ ਖ਼ਰੀਦ ਸਮਰਥਨ ਮੁੱਲ 2389/- ਰੁਪਏ ਪ੍ਰਤੀ ਕੁਇੰਟਲ ਮੁਕੱਰਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਝੋਨੇ ਅਤੇ ਬਾਸਮਤੀ ਦੀ ਕਟਾਈ ਫ਼ਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕਰਨੀ ਚਾਹੀਦੀ ਹੈ ਕਿਉਂਕਿ ਜੇਕਰ ਫ਼ਸਲ ਦੀ ਕਟਾਈ ਪੱਕਣ ਤੋਂ ਪਹਿਲਾਂ ਹੀ ਕਰ ਲਈ ਜਾਵੇ ਤਾਂ ਅਣਪੱਕੇ ਅਤੇ ਹਰੇ ਦਾਣੇ ਉਪਜ ਦੇ ਮਿਆਰੀਪਣ 'ਤੇ ਅਸਰ ਪਾਉਂਦੇ ਹਨ । ਇਸ ਤਰਾਂ ਕਿਸਾਨ ਨੂੰ ਕਈ ਵਾਰ ਜਿਨਸ ਦਾ ਘੱਟ ਭਾਅ ਮਿਲਦਾ ਹੈ। ਉਨ੍ਹਾਂ ਕਿਹਾ ਕਿ ਚੰਗਾ ਅਤੇ ਪੂਰਾ ਭਾਅ ਲੈਣ ਲਈ ਉਪਜ ਵਿੱਚ ਨਮੀਂ ਦੀ ਮਾਤਰਾ ਨਿਰਧਾਰਿਤ ਮਾਪਦੰਡ 17 ਫ਼ੀਸਦੀ ਅਨੁਸਾਰ ਹੀ ਹੋਣੀ ਚਾਹੀਦੀ ਕਿਉਂਕਿ ਨਮੀ ਦੀ ਮਾਤਰਾ ਦੇ ਆਧਾਰ ਤੇ ਹੀ ਉਪਜ ਦਾ ਮੰਡੀਕਰਨ ਹੁੰਦਾ ਹੈ, ਬਿਹਤਰ ਹੋਵੇਗਾ ਜੇਕਰ ਕਿਸਾਨ ਖੜੀ ਫ਼ਸਲ ਨੂੰ ਚੰਗੀ ਤਰਾਂ ਪੱਕਣ ਤੇ ਹੀ ਕਟਾਈ ਕਰਕੇ ਘਰੋਂ ਸੁਕਾ ਕੇ ਲਿਆਵੇ ਤਾਂ ਜੋ ਕਿਸਾਨ ਫ਼ਸਲ ਵੇਚ ਕੇ ਸਮੇਂ ਸਿਰ ਘਰ ਵਾਪਸ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਉਪਜ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਵੇਗੀ ਤਾਂ ਮੰਡੀ ਵਿੱਚ ਖਲਾਰ ਕੇ ਸੁਕਾਉਣੀ ਪੈਂਦੀ ਹੈ ਅਤੇ ਮੰਡੀਆਂ ਵਿੱਚ ਜਗਾ ਸੀਮਤ ਹੋਣ ਕਾਰਨ ਸੁਕਾਉਣ ਵੇਲੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ। ਉਨ੍ਹਾਂ ਕਿਹਾ ਕਿ ਸਵੇਰੇ ਅਤੇ ਦੇਰ ਸ਼ਾਮ ਨੂੰ ਤਰੇਲ ਪੈਣ ਕਰਨ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਬਾਅਦ ਅਤੇ ਸ਼ਾਮ 6 ਵਜੇ ਤੋਂ ਪਹਿਲਾਂ ਹੀ ਕਰਨੀ ਚਾਹੀਦੀ ਹੈ ਤਾਂ ਜੋ ਨਮੀ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਰਹੇ।
ਉਨ੍ਹਾਂ ਕਿਹਾ ਕਿ ਕਦੇ ਵੀ ਛਾਂ ਹੇਠੋਂ,ਬਿਮਾਰੀ ਨਾਲ ਪ੍ਰਭਾਵਿਤ ਝੋਨੇ ਦੀ ਕਟਾਈ,ਪੱਕੇ ਹੋਏ ਝੋਨੇ ਦੀ ਕਟਾਈ ਦੇ ਨਾਲ ਨਾਂ ਕਰੋ ਕਿਉਂਕਿ ਇਹ ਵੀ ਉਪਜ ਦੇ ਮਿਆਰੀਪਣ ਤੇ ਅਸਰ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਟਰਾਲੀਆਂ ਜਾਂ ਹੋਰ ਵਹੀਕਲਾਂ ਦੇ ਪਿੱਛੇ ਰਿਫ਼ਲੈਕਟਰ ਜ਼ਰੂਰ ਲਗਾਓ ਤਾਂ ਜੋ ਹਾਦਸਿਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕਿਸਾਨ ਨੇ ਮੰਡੀ ਵਿੱਚ ਸਫ਼ਾਈ ਅਤੇ ਉਤਰਾਈ ਦਾ ਹੀ ਖਰਚਾ ਦੇਣਾ ਹੁੰਦਾ ਅਤੇ ਫ਼ਸਲਾਂ ਦੀ ਖ਼ਰੀਦ ਤੇ ਹੋਰ ਖ਼ਰਚੇ ਜਿਵੇਂ ਮਾਰਕੀਟ ਫ਼ੀਸ 3 ਫ਼ੀਸਦੀ, ਆੜ੍ਹਤ 2.5 ਫ਼ੀਸਦੀ, ਪੇਂਡੂ ਵਿਕਾਸ ਫ਼ੰਡ 3 ਫ਼ੀਸਦੀ, ਬੁਨਿਆਦੀ ਢਾਂਚਾ ਵਿਕਾਸ ਫ਼ੰਡ ਖ਼ਰੀਦਦਾਰ ਨੇ ਦੇਣੇ ਹੁੰਦੇ ਹਨ, ਨਾ ਕਿ ਜ਼ਿਮੀਂਦਾਰ ਨੇ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਜਿਣਸ ਦੀ ਬੋਲੀ ਮੌਕੇ ਹਮੇਸ਼ਾਂ ਢੇਰੀ ਦੇ ਕੋਲ ਰਹਿਣਾ ਚਾਹੀਦਾ ਤਾਂ ਜੋ ਢੇਰੀ ਦੇ ਲੱਗੇ ਭਾਅ ਦਾ ਪਤਾ ਲੱਗ ਸਕੇ। ਉਨ੍ਹਾਂਕਿਹਾਕਿ ਕਿਸਾਨ ਨੂੰ ਆਪਣੀ ਜਿਨਸ ਦੀ ਤੁਲਾਈ ਆਪਣੀ ਨਿਗਰਾਨੀ ਹੇਠ ਕਰਵਾਉਣੀ ਚਾਹੀਦੀ ਹੈ, ਜੇਕਰ ਕਿਸਾਨ ਨੂੰ ਲੱਗੇ ਕਿ ਤੁਲਾਈ ਵੱਧ ਹੋ ਰਹੀ ਹੈ ਤਾਂ ਉਹ ਆਪਣੀ ਤੋਲੀ ਜਿਨਸ ਦੀ 10 ਫ਼ੀਸਦੀ ਦੀ ਤੁਲਾਈ ਬਿਨਾਂ ਕਿਸੇ ਫ਼ੀਸ ਤੋਂ ‘ਪਰਖ ਤੁਲਾਈ’ ਕਰਵਾ ਸਕਦਾ ਹੈ ਅਤੇ ਇਹ ਤੁਲਵਾਈ ਮਾਰਕੀਟ ਕਮੇਟੀ ਦੇ ਕਰਮਚਾਰੀ ਜਾਂ ਸਹਾਇਕ ਮੰਡੀਕਰਨ ਅਫ਼ਸਰ ਦੀ ਹਾਜ਼ਰੀ ਵਿੱਚ ਹੋਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਫ਼ਸਲ ਦੀ ਵਿੱਕਰੀ ਉਪਰੰਤ ਪੱਕੀ ਪਰਚੀ ਭਾਵ “ਜੇ” ਫਾਰਮ ਜ਼ਰੂਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਉਪਰੋਕਤ ਗੱਲਾਂ ਦਾ ਖ਼ਿਆਲ ਰੱਖਣ ਤਾਂ ਕਈ ਮੁਸ਼ਕਲਾਂ ਤੋਂ ਬਚਿਆ ਜਾ ਸਕਦਾ ਹੈ