ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਮਾਗਮਾਂ ਵਿੱਚ ਸ਼ਿਰਕਤ ਕਰਨ ਦਾ ਦਿੱਤਾ ਸੱਦਾ
ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਰਹੇ ਮੋਜੂਦ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 10 ਨਵੰਬਰ,2025
ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਸਿੰਘ ਸਾਹਿਬ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਅਤੇ ਨੇੜਲੇ ਇਲਾਕਿਆਂ ਵਿੱਚ ਕਰਵਾਏ ਜਾ ਰਹੇ ਕਾਰਜਾਂ ਅਤੇ ਚੱਲ ਰਹੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੇ ਨਾਲ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਮੋਜੂਦ ਸਨ।
ਇਸ ਬਾਰੇ ਹੋਰ ਵੇਰਵੇ ਦਿੰਦੇ ਹੋਏ ਸ੍ਰ.ਬੈਂਸ ਨੇ ਦੱਸਿਆ ਕਿ ਸਿੰਘ ਸਾਹਿਬ ਜੀ ਨੂੰ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਤੇ ਖ਼ਾਸ ਕਰਕੇ 23 ਨਵੰਬਰ ਨੂੰ ਹੋਣ ਵਾਲੇ ਸਰਬ ਧਰਮ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਨਿਮਰਤਾ ਸਹਿਤ ਬੇਨਤੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ਹੀਦੀ ਸਮਾਗਮਾਂ ਤੋ ਪਹਿਲਾ ਸ੍ਰੀ ਅਨੰਦਪੁਰ ਸਾਹਿਬ ਦੇ ਆਲੇ ਦੁਆਲੇ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ, ਸੜਕਾਂ ਉਤੇ ਲਾਈਟਾਂ ਅਤੇ ਬਲਿੰਕਰ ਲਾਈਟਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਸ਼ਰਧਾਲੂਆਂ ਦੀ ਸਹੂਲਤ ਲਈ ਟੈਂਟ ਸਿਟੀ ਦਾ ਕੰਮ ਚੱਲ ਰਿਹਾ ਹੈ, ਇਸ ਤੋ ਇਲਾਵਾ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਮੁੱਖ ਰੱਖਦੇ ਹੋਏ ਸਾਰੀਆਂ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।