ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
PM ਮੋਦੀ ਦੇ ਜਨਮਦਿਨ ਮੌਕੇ ਸਤਨਾਮ ਸਿੰਘ ਸੰਧੂ ਨੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਚੜ੍ਹਦੀ ਕਲਾ ਦੀ ਕੀਤੀ ਕਾਮਨਾ
ਪੰਜਾਬ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਦੀ ਲੋੜ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਤੋਂ ਵੱਡੀ ਚੁਣੌਤੀ: ਸਤਨਾਮ ਸਿੰਘ ਸੰਧੂ
ਅੰਮ੍ਰਿਤਸਰ, 17 ਸਤੰਬਰ 2026: ਅੰਮ੍ਰਿਤਸਰ ਦੇ ਗੁਰੂ ਕੀ ਨਗਰੀ ਸਥਿਤ ਸ੍ਰੀ ਦਰਬਾਰ ਸਾਹਿਬ ਵਿਖੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ, ਪੰਜਾਬ ਦੀ ਚੜ੍ਹਦੀ ਕਲਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਗੀ ਸਿਹਤ ਲਈ ਵੀ ਅਰਦਾਸ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਅੱਜ ਸੰਗਰਾਂਦ ਦਾ ਪਵਿੱਤਰ ਦਿਹਾੜਾ ਹੈ ਅਤੇ ਇਸੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 74ਵਾਂ ਜਨਮਦਿਨ ਵੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਦਾ ਜਨਮਦਿਨ ‘ਸੇਵਾ ਸੰਕਲਪ’ ਵਜੋਂ ਮਨਾਇਆ ਜਾ ਰਿਹਾ ਹੈ ਅਤੇ ਇਸੇ ਤਹਿਤ ਉਹ ਸੰਗਤ ਦੇ ਜੋੜਿਆਂ ਦੀ ਸੇਵਾ ਕਰਨ ਅਤੇ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ।
ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਜਨਤਕ ਸੇਵਾ ਸਫ਼ਰ ਦਾ ਵੀ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਅਨੁਸਾਰ, 7 ਅਕਤੂਬਰ ਨੂੰ ਪ੍ਰਧਾਨ ਮੰਤਰੀ ਦੀ ਸ਼ਾਸਨ ਦੀ ਸੇਵਾ ਦੇ 25 ਸਾਲ ਪੂਰੇ ਹੋ ਰਹੇ ਹਨ, ਜਿਸ ਵਿੱਚ 13 ਸਾਲ ਮੁੱਖ ਮੰਤਰੀ ਅਤੇ 12 ਸਾਲ ਪ੍ਰਧਾਨ ਮੰਤਰੀ ਵਜੋਂ ਸੇਵਾ ਸ਼ਾਮਲ ਹੈ।
ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਭਾਰਤ ਦੀ ਅਰਥਵਿਵਸਥਾ ਵਿੱਚ ਵੱਡਾ ਬਦਲਾਅ ਆਇਆ ਹੈ ਅਤੇ ਭਾਰਤ ਵਿਸ਼ਵ ਪੱਧਰ ’ਤੇ ਇੱਕ ਮਜ਼ਬੂਤ ਦੇਸ਼ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦਾ ਸੰਕਲਪ ਲਿਆ ਗਿਆ ਹੈ ਅਤੇ ਕਰੋੜਾਂ ਲੋਕਾਂ ਨੂੰ ਗਰੀਬੀ ਤੋਂ ਬਾਹਰ ਲਿਆਂਦਾ ਗਿਆ ਹੈ।
ਪੰਜਾਬ ਬਾਰੇ ਗੱਲ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਨੂੰ ਨੈਸ਼ਨਲ ਹਾਈਵੇ, ਏਮਜ਼ ਵਰਗੇ ਮੈਡੀਕਲ ਸੰਸਥਾਨ, ਹਵਾਈ ਅੱਡੇ ਅਤੇ ਕੈਂਸਰ ਹਸਪਤਾਲ ਸਮੇਤ ਕਈ ਵੱਡੇ ਵਿਕਾਸ ਪ੍ਰਾਜੈਕਟ ਮਿਲੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਆਵਾਸ ਯੋਜਨਾ, ਆਯੁਸ਼ਮਾਨ ਕਾਰਡ ਅਤੇ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਰਾਹੀਂ ਵੀ ਲੋਕਾਂ ਨੂੰ ਲਾਭ ਮਿਲਿਆ ਹੈ।
ਹਾਲਾਂਕਿ, ਉਨ੍ਹਾਂ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬਾ ਵੱਡੇ ਆਰਥਿਕ ਸੰਕਟ ਵਿੱਚੋਂ ਲੰਘ ਰਿਹਾ ਹੈ। ਪੰਜਾਬ ਸਿਰ ਕਰਜ਼ਾ ਸਾਢੇ ਚਾਰ ਲੱਖ ਕਰੋੜ ਰੁਪਏ ਤੋਂ ਉੱਪਰ ਪਹੁੰਚ ਗਿਆ ਹੈ, ਕਿਸਾਨਾਂ ’ਤੇ ਕਰਜ਼ਾ ਵਧ ਰਿਹਾ ਹੈ ਅਤੇ ਨੌਜਵਾਨ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੱਢੋਂ ਉਭਾਰਨ, ਆਰਥਿਕ ਖੁਸ਼ਹਾਲੀ ਲਿਆਉਣ ਅਤੇ ਇਸਨੂੰ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਕਰਨ ਲਈ ਠੋਸ ਯਤਨਾਂ ਦੀ ਲੋੜ ਹੈ।
- Download Babushahi App
-
-