ਸਿਹਤ ਵਿਭਾਗ ਵੱਲੋਂ ਹੜ ਪ੍ਰਭਾਵਿਤ ਖੇਤਰਾਂ ਵਿੱਚ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪ
ਸਿਹਤ ਵਿਭਾਗ ਦੀਆਂ 21 ਰੈਪਿਡ ਰਿਸਪਾਂਸ ਟੀਮਾਂ ਵੀ ਜ਼ਿਲ੍ਹੇ ਵਿੱਚ ਕਰ ਰਹੀਆਂ ਹਨ ਕੰਮ
ਰੋਹਿਤ ਗੁਪਤਾ
ਗੁਰਦਾਸਪੁਰ, 10 ਸਤੰਬਰ- ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਮੁਫ਼ਤ ਮੈਡੀਕਲ ਕੈਂਪ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰ ਦੇ ਪਿੰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਵੀ ਕਰ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵੱਖ-ਵੱਖ ਪਿੰਡਾਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਜਿਸ ਵਿੱਚ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਇਲਾਜ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ 329 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਵਿੱਚ ਹੁਣ ਤੱਕ 830 ਮੈਡੀਕਲ ਕੈਂਪ ਅਤੇ 526 ਮੋਬਾਈਲ ਮੈਡੀਕਲ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ 21 ਰੈਪਿਡ ਰਿਸਪਾਂਸ ਟੀਮਾਂ ਵੀ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਹਨ।
ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਾਟਰ ਸੈਂਪਲਿੰਗ ਆਨ ਸਪੋਟ ਵਾਟਰ ਟੈਸਟਿੰਗ ਕਿੱਟਾਂ ਰਾਹੀਂ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਲੋਕਾਂ ਨੂੰ ਪੀਣ ਵਾਲੇ ਪਾਣੀ ਨੂੰ ਸਾਫ਼ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਪਾਣੀ ਨਾਲ ਮੱਛਰ-ਮੱਖੀਆਂ ਨਾਲ ਬਿਮਾਰੀਆਂ ਨਾ ਫੈਲਣ ਇਸ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਸਪਰੇਅ ਕੀਤੀ ਜਾ ਰਹੀ ਹੈ ਅਤੇ ਮੱਛਰ ਤੋਂ ਬਚਾਓ ਲਈ ਕਰੀਮ ਅਤੇ ਧੂੰਏਂ ਲਈ ਕੋਇਲ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਸਿਹਤ ਜਾਗਰੂਕਤਾ ਤਹਿਤ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਘਰ-ਘਰ ਜਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।