ਅਣਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਡੀਸੀ ਦਫਤਰ ਸਾਹਮਣੇ ਪ੍ਰਦਰਸ਼ਨ
ਅਸ਼ੋਕ ਵਰਮਾ
ਬਠਿੰਡਾ, ਪੰਜਾਬ ਵਿੱਚ ਲਗਾਏ ਜਾ ਰਹੇ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਸ਼ਹਿਰੀ ਵਿਧਾਨ ਸਭਾ ਇਕਾਈ ਵੱਲੋਂ ਅੱਜ ਬਠਿੰਡਾ ਦੇ ਡੀਸੀ ਦਫ਼ਤਰ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਅਕਾਲੀ ਵਰਕਰਾਂ ਨੇ ਸ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪੰਜਾਬ ਭਰ ਵਿੱਚ ਲਗਾਏ ਜਾ ਰਹੇ ਅਣਐਲਾਨੇ ਬਿਜਲੀ ਕੱਟਾਂ ਨੂੰ ਤੁਰੰਤ ਬੰਦ ਕਰਕੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ।
ਧਰਨੇ ਨੂੰ ਸੰਬੋਧਨ ਕਰਦਿਆਂ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਆਪਣੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਬਿਜਲੀ ਪੱਖੋਂ ਸਰਪਲੱਸ ਸੂਬਾ ਬਣਾਇਆ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਤਿੰਨ ਨਵੇਂ ਥਰਮਲ ਪਲਾਂਟ ਸਥਾਪਤ ਕੀਤੇ ਗਏ ਸਨ, ਜਿਸ ਕਾਰਨ ਪੰਜਾਬ ਵਿੱਚ ਬਿਜਲੀ ਦੀ ਉਪਲਬਧਤਾ ਵਿੱਚ ਵੱਡਾ ਵਾਧਾ ਹੋਇਆ ਅਤੇ ਲੋਕਾਂ ਨੂੰ ਬਿਜਲੀ ਦੀ ਕੋਈ ਵੱਡੀ ਸਮੱਸਿਆ ਨਹੀਂ ਆਈ।
ਬਬਲੀ ਢਿੱਲੋਂ ਨੇ ਕਿਹਾ ਕਿ ਇਸ ਤੋਂ ਬਾਅਦ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀਆਂ ਭਵਿੱਖੀ ਬਿਜਲੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੀ ਯੋਜਨਾਬੰਦੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਨੂੰ ਆਉਣ ਵਾਲੇ ਕਈ ਸਾਲਾਂ ਦੀ ਬਿਜਲੀ ਦੀ ਮੰਗ ਨੂੰ ਧਿਆਨ ਵਿੱਚ ਰੱਖ ਕੇ ਉਤਪਾਦਨ ਅਤੇ ਸਪਲਾਈ ਦਾ ਪ੍ਰਬੰਧ ਕਰਨਾ ਚਾਹੀਦਾ ਹੈ ।ਉਨ੍ਹਾਂ ਕਿਹਾ ਕਿ ਬਿਜਲੀ ਦੀ ਲੋੜ ਵੱਲ ’ਤੇ ਧਿਆਨ ਨਾ ਦਿੱਤੇ ਜਾਣ ਦਾ ਨਤੀਜਾ ਅੱਜ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਦੇ ਅਣਐਲਾਨੇ ਕੱਟ ਲੱਗ ਰਹੇ ਹਨ, ਜਿਸ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਅਤੇ ਉਦਯੋਗਪਤੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸੰਕਟ ਦੂਰ ਨਾ ਹੋਇਆ ਤਾਂ ਅਕਾਲੀ ਦਲ ਸੰਘਰਸ਼ ਤਿੱਖਾ ਕਰੇਗਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਗੁਰਸੇਵਕ ਮਾਨ, ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ , ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਐਡਵੋਕੇਟ ਦਲਜੀਤ ਸਿੰਘ ਬਰਾੜ, ਮੋਹਨਜੀਤ ਸਿੰਘ ਪੁਰੀ ਅਤੇ ਗੁਰਪ੍ਰੀਤ ਸਿੰਘ ਸੰਧੂ ਆਦਿ ਆਗੂ ਹਾਜ਼ਰ ਸਨ।
- Download Babushahi App
-
-