ਅਧਿਆਪਕਾਂ, ਆੜ੍ਹਤੀਆਂ, ਨੌਜਵਾਨਾਂ ਸਮੇਤ ਵੱਖ ਵੱਖ ਵਰਗਾਂ ਦੇ ਲੋਕਾਂ ਨੇ ਡਾ. ਅਮਰ ਸਿੰਘ ਨਾਲ ਕੀਤੀ ਮੁਲਾਕਾਤ
ਪ੍ਰਦੇਸ਼ ਕਾਂਗਰਸ ਦੇ ਮੈਨੀਫੈਸਟੋ ਲਈ ਆਪਣੀਆਂ ਮੰਗਾਂ ਕੀਤੀਆਂ ਪੇਸ਼
ਖੰਨਾ, ( ਰਵਿੰਦਰ ਢਿੱਲੋਂ ) ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਨਾਲ ਅੱਜ ਖੰਨਾ ਵਿਖੇ ਪੰਜਾਬ ਦੇ ਵੱਖ-ਵੱਖ ਵਰਗਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੁਲਾਕਾਤ ਕਰਕੇ ਆਪਣੇ-ਆਪਣੇ ਮਸਲਿਆਂ, ਸੁਝਾਵਾਂ ਅਤੇ ਮੰਗਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਅਧਿਆਪਕ ਜਥੇਬੰਦੀਆਂ, ਆੜ੍ਹਤੀਆ ਐਸੋਸੀਏਸ਼ਨਾਂ, ਨੌਜਵਾਨ ਸੰਗਠਨਾਂ, ਮੁਲਾਜ਼ਮ ਜਥੇਬੰਦੀਆਂ, ਵਪਾਰਕ ਸੰਸਥਾਵਾਂ, ਸਮਾਜਿਕ ਸੰਸਥਾਵਾਂ ਅਤੇ ਹੋਰ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਨੇ ਆਪਣੇ ਮੁੱਦੇ ਰੱਖੇ ਅਤੇ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਜਾਵੇ।
ਮੁਲਾਕਾਤ ਦੌਰਾਨ ਡਾ. ਅਮਰ ਸਿੰਘ ਨੇ ਹਰੇਕ ਜਥੇਬੰਦੀ ਅਤੇ ਪ੍ਰਤੀਨਿਧੀ ਦੀ ਗੱਲ ਨੂੰ ਬਹੁਤ ਹੀ ਧਿਆਨ, ਗੰਭੀਰਤਾ ਅਤੇ ਸੰਜੀਦਗੀ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਵਾਰ ਅਜਿਹਾ ਚੋਣ ਮਨੋਰਥ ਪੱਤਰ ਤਿਆਰ ਕਰ ਰਹੀ ਹੈ ਜੋ ਕਿਸੇ ਇੱਕ ਵਰਗ ਲਈ ਨਹੀਂ, ਸਗੋਂ ਪੰਜਾਬ ਦੇ ਹਰ ਵਰਗ ਦੀਆਂ ਆਸਾਂ, ਉਮੀਦਾਂ ਅਤੇ ਲੋੜਾਂ ਨੂੰ ਦਰਸਾਵੇਗਾ। ਉਨ੍ਹਾਂ ਕਿਹਾ ਕਿ ਚੋਣ ਮਨੋਰਥ ਪੱਤਰ ਸਿਰਫ਼ ਇੱਕ ਦਸਤਾਵੇਜ਼ ਨਹੀਂ ਹੋਵੇਗਾ, ਬਲਕਿ ਲੋਕਾਂ ਨਾਲ ਕੀਤਾ ਗਿਆ ਇੱਕ ਜਿੱਮੇਦਾਰੀ ਵਾਲਾ ਵਾਅਦਾ ਹੋਵੇਗਾ, ਜਿਸ ਦੀ ਬੁਨਿਆਦ ਜ਼ਮੀਨੀ ਹਕੀਕਤਾਂ ਅਤੇ ਲੋਕਾਂ ਤੋਂ ਪ੍ਰਾਪਤ ਸੁਝਾਵਾਂ 'ਤੇ ਰੱਖੀ ਜਾਵੇਗੀ।
ਡਾ. ਅਮਰ ਸਿੰਘ ਨੇ ਕਿਹਾ ਕਿ ਅਧਿਆਪਕਾਂ ਦੀਆਂ ਸੇਵਾ ਸਬੰਧੀ ਸਮੱਸਿਆਵਾਂ, ਨੌਜਵਾਨਾਂ ਲਈ ਰੋਜ਼ਗਾਰ ਅਤੇ ਹੁਨਰ ਵਿਕਾਸ, ਆੜ੍ਹਤੀਆਂ ਅਤੇ ਵਪਾਰੀਆਂ ਨਾਲ ਜੁੜੇ ਮਸਲੇ, ਕਿਸਾਨਾਂ ਦੀ ਆਰਥਿਕ ਸੁਰੱਖਿਆ, ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ, ਮਹਿਲਾਵਾਂ ਦੀ ਭਲਾਈ, ਉਦਯੋਗਾਂ ਦੇ ਵਿਕਾਸ ਅਤੇ ਸਮਾਜ ਦੇ ਹਰੇਕ ਵਰਗ ਦੀ ਤਰੱਕੀ ਨੂੰ ਧਿਆਨ ਵਿੱਚ ਰੱਖ ਕੇ ਇੱਕ ਲੋਕ-ਪੱਖੀ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਾਂਗਰਸ ਦਾ ਉਦੇਸ਼ ਸਿਰਫ਼ ਚੋਣਾਂ ਜਿੱਤਣਾ ਨਹੀਂ, ਸਗੋਂ ਪੰਜਾਬ ਨੂੰ ਮੁੜ ਤਰੱਕੀ, ਰੁਜ਼ਗਾਰ, ਖੁਸ਼ਹਾਲੀ ਅਤੇ ਸਮਾਜਿਕ ਸਦਭਾਵਨਾ ਦੇ ਰਾਹ 'ਤੇ ਲਿਆਉਣਾ ਹੈ। ਇਸ ਲਈ ਮੈਨੀਫੈਸਟੋ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਵਰਗ ਆਪਣੇ ਆਪ ਨੂੰ ਅਣਗੌਲਿਆ ਮਹਿਸੂਸ ਨਾ ਕਰੇ।
ਡਾ. ਅਮਰ ਸਿੰਘ ਨੇ ਭਰੋਸਾ ਦਿੱਤਾ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਮੰਗਾਂ ਦਾ ਗੰਭੀਰਤਾ ਨਾਲ ਅਧਿਐਨ ਕਰਕੇ ਉਨ੍ਹਾਂ ਨੂੰ ਚੋਣ ਮਨੋਰਥ ਪੱਤਰ ਵਿੱਚ ਯੋਗ ਥਾਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਜਿਹਾ ਮੈਨੀਫੈਸਟੋ ਲੈ ਕੇ ਲੋਕਾਂ ਵਿਚ ਜਾਵੇਗੀ ਜਿਸ ਵਿੱਚ ਪੰਜਾਬ ਦੇ ਹਰ ਵਰਗ ਦੀਆਂ ਭਾਵਨਾਵਾਂ, ਲੋੜਾਂ ਅਤੇ ਭਵਿੱਖ ਦੀਆਂ ਉਮੀਦਾਂ ਨੂੰ ਸਨਮਾਨ ਮਿਲੇਗਾ।
ਮੁਲਾਕਾਤ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਡਾ. ਅਮਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਰ ਮੁੱਦੇ ਨੂੰ ਧੀਰਜ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਲੋਕਾਂ ਦੀ ਆਵਾਜ਼ ਨੂੰ ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਬਣਾਇਆ ਜਾਵੇਗਾ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਵਿਕਾਸ ਅਤੇ ਹਰ ਵਰਗ ਦੀ ਭਲਾਈ ਲਈ ਇੱਕ ਅਜਿਹਾ ਵਿਜ਼ਨ ਦਸਤਾਵੇਜ਼ ਤਿਆਰ ਹੋਵੇਗਾ ਜੋ ਸੂਬੇ ਨੂੰ ਨਵੀਂ ਦਿਸ਼ਾ ਦੇਵੇਗਾ।
- Download Babushahi App
-
-